ਫੇਸਬੁੱਕ ਤੇ ਲਾਈਵ ਹੋ ਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੰਬੋਧਨ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।
ਰੂਪਨਗਰ – ਮਿਤੀ – 16 ਜੁਲਾਈ 2020
ਫੇਸਬੁੱਕ ’ਤੇ ਲਾਈਵ ਹੋ ਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੰਬੋਧਨ
‘ਮਿਸ਼ਨ ਫਤਿਹ’ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਅਪਨਾਉਣ ਦੀ ਕੀਤੀ ਅਪੀਲ
ਰੂਪਨਗਰ , 16 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਫੇਸਬੁੱਕ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਰੂ-ਬ-ਰੂ ਹੋਏ ਅਤੇ ਕੋਵਿਡ-19 ਸਬੰਧੀ ਸਥਿਤੀ ਅਤੇ ਇਸ ਬਿਮਾਰੀ ਦੀ ਰੋਕਥਾਮ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ਼ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਰਾਬਤਾ ਕਾਇਮ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਇਸ ਮਹਾਂਮਾਰੀ ’ਤੇ ਕੰਟਰੋਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਮਿਸ਼ਨ ਫਤਿਹ’ ਤਹਿਤ ਸਾਵਧਾਨੀਆਂ ਅਪਣਾ ਕੇ ਹੀ ਇਸ ਮਹਾਂਮਾਰੀ ’ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਡਰਨ ਦੀ ਨਹੀਂ, ਬਲਕਿ ਸਾਵਧਾਨੀ ਅਪਣਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਪੁਲਿਸ ਵਿਭਾਗ ਦੇ ਮੁਲਾਜ਼ਮ ਲੋਕਾਂ ਦੀ ਸੁਰੱਖਿਆ 24 ਘੰਟੇ ਡਿਊਟੀ ’ਤੇ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਟੈਸਟ ਸੈਂਪਲਿੰਗ ਨੂੰ ਵੀ ਵਧਾਇਆ ਗਿਆ ਹੈ ਅਤੇ ਰੋਜ਼ਾਨਾ ਵੱਧ ਤੋਂ ਵੱਧ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦ ਵੀ ਸਿਹਤ ਵਿਭਾਗ ਦੀ ਟੀਮ ਸਰਵੇ ਲਈ ਆਉਂਦੀ ਹੈ, ਤਾਂ ਉਸ ਦਾ ਸਹਿਯੋਗ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਹੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਟੈਸਟ ਦੀ ਲੋੜ ਪੈਂਦੀ ਹੈ, ਤਾਂ ਘਬਰਾਉਣ ਦੀ ਲੋੜ ਨਹੀਂ, ਕਰੋਨਾ ਟੈਸਟ ਆਪ ਲਈ ਅਤੇ ਆਪ ਦੇ ਪਰਿਵਾਰ ਦੀ ਸੁਰੱਖਿਆ ਲਈ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆ ਰਹੇ ਪੋਜ਼ੀਟਿਵ ਕੇਸਾਂ ਨੂੰ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੰੜ ਸਥਿਤ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਜਾ ਰਿਹਾ ਹੈ, ਜਿਸ ਵਿੱਚ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਮਾਸਕ ਨਾ ਪਹਿਨਣ ਵਾਲੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬਾਰਡਰ ਹਿਮਾਚਲ ਪ੍ਰਦੇਸ਼ ਨਾਲ ਲੱਗਦਾ ਹੈ, ਉਥੇ ਚੈਕ ਪੋਸਟ ਬਣਾਈ ਗਈ ਹੈ ਅਤੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰ ਵਿਅਕਤੀ ਦੀ ਸਕਰੀਨਿੰਗ ਕੀਤੀ ਜਾਂਦੀ ਹੈ ਅਤੇ ਉਸ ਨੂੰ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ।