ਡਿਪਟੀ ਕਮਿਸ਼ਨਰ ਨੇ ਬਾਗਬਾਨੀ ਵਿਭਾਗ ਵਲੋਂ ਫ਼ਲਦਾਰ ਬੂਟੇ ਲਗਾਉਣ ਮੁਹਿੰਮ ਦਾ ਕੀਤਾ ਆਗਾਜ਼

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਬਾਗਬਾਨੀ ਵਿਭਾਗ ਵਲੋਂ ਫ਼ਲਦਾਰ ਬੂਟੇ ਲਗਾਉਣ ਮੁਹਿੰਮ ਦਾ ਕੀਤਾ ਆਗਾਜ਼
ਡਾ ਪ੍ਰੀਤੀ ਯਾਦਵ ਨੇ 11ਵੀਂ ਜਮਾਤ ਦੀ ਵਿਦਿਆਰਥਣ ਮੋਨਿਕਾ ਤੋਂ ਲਗਵਾਇਆ ਅੰਬ ਦਾ ਬੂਟਾ
ਰੂਪਨਗਰ, 15 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਬਾਗਬਾਨੀ ਵਿਭਾਗ ਵੱਲੋਂ ਰਾਜ ਪੱਧਰੀ ਫ਼ਲਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਕੀਤੀ ਗਈ।
ਇਸ ਮੌਕੇ ਬੋਲਦਿਆਂ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਰਾਜ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਮੰਤਰੀ ਸਰਦਾਰ ਫੌਜਾ ਸਿੰਘ ਸਰਾਰੀ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਫ਼ਲਦਾਰ ਬੂਟੇ ਲਗਾਉਣ ਦਾ ਫੈਸਲਾ ਕੀਤਾ ਹੈ। ਤਾਂ ਜੋ ਨਾ ਸਿਰਫ ਦਿਨੋਂ ਦਿਨ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਮਦਦ ਕਰਨਗੇ, ਸਗੋਂ ਭਵਿੱਖ ਵਿੱਚ ਬੱਚਿਆਂ ਨੂੰ ਖੁਰਾਕੀ ਤੱਤ ਮੁਹੱਈਆ ਕਰਵਾਉਣ ਵਿੱਚ ਵੀ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ, ਸਕੂਲੀ ਵਿਦਿਆਰਥੀਆਂ ਨੂੰ ਬੂਟਿਆਂ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ।
ਡਾ ਪ੍ਰੀਤੀ ਯਾਦਵ ਨੇ ਇਸ ਵਿਸ਼ੇਸ਼ ਮੁਹਿੰਮ ਤਹਿਤ 11ਵੀਂ ਜਮਾਤ ਦੀ ਵਿਦਿਆਰਥਣ ਮੋਨਿਕਾ ਤੋਂ ਅੰਬ ਦਾ ਬੂਟਾ ਲਵਾਉਂਦੇ ਕਿਹਾ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ ਅਤੇ ਵਾਤਾਵਰਨ ਸੁਰੱਖਿਆ ਲਈ ਉਪਰਾਲੇ ਕਰਨ ਵਿੱਚ ਅੱਗੇ ਆਉਣਾ ਚਾਹੀਦਾ ਹੈ।
ਇਸ ਸਮਾਗਮ ਉੱਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀਆਂ ਵਿਦਿਆਰਥਣਾਂ ਦੇ ਬੈਂਡ ਨੇ ਡਿਪਟੀ ਕਮਿਸ਼ਨਰ ਦੇ ਸਕੂਲ ਪਹੁੰਚਣ ਉੱਤੇ ਪਰੇਡ ਕਰਕੇ ਸਨਮਾਨ ਕੀਤਾ।
ਇਸ ਮੌਕੇ ਐਸਡੀਐਮ ਰੂਪਨਗਰ ਸ. ਜਸਬੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਜਰਨੈਲ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਸੰਦੀਪ ਕੌਰ, ਸ. ਭਾਗ ਸਿੰਘ ਮਦਾਨ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।