ਪਰਾਲੀ ਦੇ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ
ਪਰਾਲੀ ਦੇ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ
ਪਰਾਲੀ ਦੀ ਸੁਚੱਜੀ ਸੰਭਾਲ ਲਈ ਸਹਿਯੋਗ ਦੀ ਮੰਗ
ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਵਾਸਤੇ ਮਸ਼ੀਨਾਂ ਕਿਰਾਏ ‘ਤੇ ਲੈਣ ਲਈ ਵਟਸਐਪ ਨੰਬਰ 94630 73047 ‘ਤੇ ਸੰਪਰਕ ਕੀਤਾ ਜਾਵੇ
ਰੂਪਨਗਰ, 18 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਕਰਨ ਲਈ ਕਿਸਾਨ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਕਿਸਾਨਾਂ ਦੇ ਸੁਝਾਅ ਵੀ ਲਏ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸਹੂਲਤ ਲਈ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਵਾਸਤੇ ਮਸ਼ੀਨਾਂ ਕਿਰਾਏ ‘ਤੇ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਵਧੇਰੇ ਜਾਣਕਾਰੀ ਲਈ ਵਟਸਐਪ ਨੰਬਰ 94630 73047 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਕਿਸਾਨ ਦਾ ਨਾਮ, ਪਿਤਾ ਦਾ ਨਾਮ, ਪਿੰਡ, ਬਲਾਕ ਅਤੇ ਮੋਬਾਇਲ ਨੰਬਰ ਬਾਬਤ ਵੇਰਵੇ ਇਸ ਨੰਬਰ ਉੱਤੇ ਸਾਂਝੇ ਕੀਤੇ ਜਾ ਸਕਦੇ ਹਨ।
ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਪਰਾਲੀ ਦੀ ਸਹੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ। ਇਹ ਮਸਲਾ ਲੋਕਾਂ ਦੀ ਸਿਹਤ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਸਬੰਧਿਤ ਹੈ ਇਸ ਲਈ ਇਸ ਸਬੰਧੀ ਕੋਈ ਢਿੱਲ ਨਾ ਵਰਤੀ ਜਾਵੇ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹੋਣ ਵਾਲੇ ਧੂਏਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਲਾਜ਼ਮੀ ਹੈ ਕਿ ਪਰਾਲੀ ਨਾ ਸਾੜੀ ਜਾਵੇ। ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਫੈਸਿਲੀਟੇਸ਼ਨ ਸੈਂਟਰ ਵੀ ਖੋਲ੍ਹੇ ਗਏ ਹਨ ਤੇ ਬਲਾਕ ਤੇ ਪਿੰਡ ਪੱਧਰ ਅਤੇ ਕਿਸਾਨ ਗਰੁੱਪਾਂ/ਕਸਟਮ ਹਾਇਰਿੰਗ ਸੈਂਟਰਜ਼ ਨੂੰ ਮਸ਼ੀਨਰੀ ਉਪਲਬੱਧ ਕਰਵਾਈ ਗਈ ਹੈ। ਖੇਤੀਬਾੜੀ, ਸਹਿਕਾਰਤਾ ਤੇ ਸਬੰਧਤ ਬੀ.ਡੀ.ਪੀ.ਓ. ਦਫਤਰ ਨਾਲ ਰਾਬਤਾ ਕਰ ਕੇ ਮਸ਼ੀਨਰੀ ਹਾਸਲ ਕੀਤੀ ਜਾ ਸਕਦੀ ਹੈ।
ਇਸ ਮੌਕੇ ਖੇਤੀਬਾੜੀ ਅਫ਼ਸਰ ਪੰਕਜ ਸਿੰਘ, ਸਹਾਇਕ ਖੇਤੀਬਾੜੀ ਇੰਜਨੀਅਰ ਜੁਝਾਰ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਿਸਾਨ ਹਾਜ਼ਰ ਸਨ।