Grow poison free vegetables, get good health – Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਹਿਰ ਮੁਕਤ ਸਬਜ਼ੀਆਂ ਉਗਾਓ, ਚੰਗੀ ਸਿਹਤ ਪਾਓ – ਡਿਪਟੀ ਕਮਿਸ਼ਨਰ
ਗਰਮੀ ਰੁੱਤ ਦੇ ਸਬਜ਼ੀ ਬੀਜਾਂ ਦੀ ਮਿੰਨੀ ਕਿੱਟ ਜ਼ਿਲ੍ਹੇ ਵਿੱਚ ਕੀਤੀ ਜਾਰੀ
ਰੂਪਨਗਰ, 28 ਫਰਵਰੀ: ਬਾਗਬਾਨੀ ਵਿਭਾਗ ਪੰਜਾਬ ਦੀ ਡਾਇਰੈਕਟਰ ਸ਼੍ਰੀਮਤੀ ਸੈਲਿੰਦਰ ਕੌਰ ਵੱਲੋਂ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਗਰਮੀ ਰੁੱਤ ਦੇ ਸਬਜ਼ੀ ਬੀਜਾਂ ਦੀ ਮਿੰਨੀ ਕਿੱਟ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਵਿੱਚ ਜਾਰੀ ਕੀਤੀ ਗਈ। ਇਸ ਮੌਕੇ ਤੇ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਘਰੇਲੂ ਪੱਧਰ ਤੇ ਜ਼ਹਿਰ ਮੁਕਤ ਸਬਜੀਆਂ ਉਗਾਉਣ ਲਈ ਪ੍ਰੇਰਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਦੱਸਿਆ ਗਿਆ ਕਿ ਜਿੱਥੇ ਇਹ ਜ਼ਹਿਰ ਮੁਕਤ ਸਬਜ਼ੀਆਂ ਸਾਨੂੰ ਚੰਗੀ ਸਿਹਤ ਪ੍ਰਦਾਨ ਕਰਦੀਆਂ ਹਨ ਉਥੇ ਸਾਨੂੰ ਆਰਥਿਕ ਤੌਰ ਤੇ ਵੀ ਫਾਇਦਾ ਪਹੁੰਚਾਉਂਦੀਆਂ ਹਨ। ਤਾਜ਼ੀਆਂ ਅਤੇ ਜ਼ਹਿਰ ਮੁਕਤ ਸਬਜੀਆਂ ਖਾਣ ਨਾਲ ਸਾਨੂੰ ਪੌਸ਼ਟਿਕ ਤੱਤ ਪ੍ਰਾਪਤ ਹੋਣ ਕਰਕੇ ਸਰੀਰਕ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ ਅਤੇ ਤੰਦਰੁਸਤੀ ਬਣੀ ਰਹਿੰਦੀ ਹੈ।
ਡਾ. ਪ੍ਰੀਤੀ ਯਾਦਵ ਵੱਲੋਂ ਦੱਸਿਆ ਗਿਆ ਕਿ ਘਰੇਲੂ ਪੱਧਰ ਤੇ ਫਲ ਅਤੇ ਸਬਜ਼ੀਆਂ ਉਗਾਉਣ ਲਈ ਕੀੜੇ ਮਕੌੜਿਆਂ ਤੋਂ ਬਚਾਉਣ ਲਈ ਫਰੂਟ ਫਲਾਈ ਟਰੈਪ ਲਗਵਾਏ ਜਾ ਸਕਦੇ ਹਨ ਤਾਂ ਜੋ ਜ਼ਹਿਰ ਮੁਕਤ ਫਲ ਸਬਜ਼ੀਆਂ ਉਗਾਈਆਂ ਜਾ ਸਕਣ।
ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਹ ਸਬਜ਼ੀ ਬੀਜ ਮਿੰਨੀ ਕਿੱਟਾਂ ਜ਼ਿਲ੍ਹਾ ਬਾਗਬਾਨੀ ਦਫਤਰ ਅਤੇ ਵੱਖ-ਵੱਖ ਬਲਾਕਾਂ ਦੇ ਬਾਗਬਾਨੀ ਦਫ਼ਤਰਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇਸ ਵਿੱਚ 10 ਕਿਸਮਾਂ ਦੇ ਸਬਜ਼ੀ ਬੀਜ ਹਨ ਇਸ ਦਾ ਰੇਟ 80– ਪ੍ਰਤੀ ਮਿੰਨੀ ਸਬਜ਼ੀ ਬੀਜ ਕਿੱਟ ਰੱਖਿਆ ਗਿਆ ਹੈ।
ਇਸ ਮੌਕੇ ਤੇ ਸਹਾਇਕ ਡਾਇਰੈਕਟਰ ਬਾਗਬਾਨੀ ਰੂਪਨਗਰ ਸ.ਦਲਬੀਰ ਸਿੰਘ, ਬਾਗਬਾਨੀ ਵਿਕਾਸ ਅਫਸਰ ਸ. ਚਤੁਰਜੀਤ ਸਿੰਘ, ਅਤੇ ਵੱਖ-ਵੱਖ ਬਲਾਕਾਂ ਦੇ ਬਾਗਬਾਨੀ ਵਿਕਾਸ ਅਫਸਰ ਸ਼੍ਰੀ ਭਾਰਤ ਭੂਸ਼ਣ, ਸ.ਗੁਰਜਿੰਦਰ ਸਿੰਘ ਅਤੇ ਸ.ਕੋਮਲਪ੍ਰੀਤ ਸਿੰਘ ਵੀ ਹਾਜ਼ਰ ਸਨ।