ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ ਅਦਾਇਗੀ ਦੇ 270 ਕਰੋੜ 84 ਲੱਖ ਰੁਪਏ ਜਾਰੀ: ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ ਅਦਾਇਗੀ ਦੇ 270 ਕਰੋੜ 84 ਲੱਖ ਰੁਪਏ ਜਾਰੀ: ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖ੍ਰੀਦਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ
ਰੂਪਨਗਰ, 29 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਦੇ 270 ਕਰੋੜ 84 ਲੱਖ ਰੁਪਏ ਹਣ ਤੱਕ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਤੈਅਸ਼ੁਦਾ ਸਮੇਂ ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਪੈਮੈਂਟ ਪਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖ੍ਰੀਦਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1 ਲੱਖ 44 ਹਜ਼ਾਰ 995 ਮੀਟਰਕ ਟਨ ਕਣਕ ਦੀ ਖਰੀਦੀ ਜਾ ਚੁੱਕੀ ਹੈ ਜਿਸ ਵਿਚੋਂ 79 ਹਜ਼ਾਰ 599 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 42 ਹਜ਼ਾਰ 366 ਮੀਟਰਕ ਟਨ, ਮਾਰਕਫੈੱਡ ਵੱਲੋਂ 33 ਹਜ਼ਾਰ 345 ਮੀਟਰਕ ਟਨ, ਪਨਸਪ ਵੱਲੋਂ 31 ਹਜ਼ਾਰ 54 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 21 ਹਜ਼ਾਰ 826 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 9 ਹਜ਼ਾਰ 178 ਮੀਟਰਕ ਟਨ ਅਤੇ ਵਪਾਰੀ ਵਰਗ ਵੱਲੋਂ 7 ਹਜ਼ਾਰ 226 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਹਾੜ੍ਹੀ ਦਾ ਸੀਜ਼ਨ ਆਪਣੇ ਅੰਤਮ ਪੜਾਅ ਵੱਲ ਵੱਧ ਰਿਹਾ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਨੂੰ ਹੁਣ ਜਲਦ ਤੋਂ ਜਲਦ ਲਿਫ਼ਟਿੰਗ ਕਰਨ ਦੀ ਹਦਾਇਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਖਰੀਦ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਹੀ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ ਅਤੇ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਵੇਲੇ ਸਿਰ ਵੇਚ ਕੇ ਸਮੇਂ ਸਿਰ ਘਰ ਨੂੰ ਜਾ ਰਹੇ ਹਨ, ਅਤੇ ਖ੍ਰੀਦ ਪ੍ਰਬੰਧਾਂ ਤੋਂ ਸੰਤੁਸ਼ਟ ਹਨ।