ਡਿਪਟੀ ਕਮਿਸ਼ਨਰ ਨੇ ਚੈਕਿੰਗ ਦੌਰਾਨ ਮਿਡ ਡੇਅ ਮੀਲ ਦਾ ਭੋਜਨ ਖਾਦਾ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਚੈਕਿੰਗ ਦੌਰਾਨ ਮਿਡ ਡੇਅ ਮੀਲ ਦਾ ਭੋਜਨ ਖਾਦਾ
ਸਕੂਲ ਤੇ ਆਂਗਣਵੜੀ ਸੈਂਟਰ ਦੀ ਕੀਤੀ ਅਚਨਚੇਤ ਚੈਕਿੰਗ
ਸਕੂਲਾਂ ਦੀਆਂ ਲੋੜਾਂ ਤੇ ਕਮੀਆਂ ਬਾਰੇ ਜਾਣਕਾਰੀ ਲਈ
ਰੂਪਨਗਰ, 4 ਮਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਬਲਾਕ ਰੂਪਨਗਰ ਦੇ ਪਿੰਡ ਲੋਧੀਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵੜੀ ਸੈਂਟਰ ਦੀ ਕੀਤੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਚੈਕਿੰਗ ਦੌਰਾਨ ਮਿਡ ਡੇਅ ਮੀਲ ਦਾ ਭੋਜਨ ਖਾਦਾ
ਅਤੇ ਭੋਜਨ ਦੀ ਗੁਣਵੱਤਾ ਪ੍ਰਤੀ ਸੰਤੁਸ਼ਟੀ ਪ੍ਰਗਟਾਈ।
ਇਸ ਦੌਰਾਨ ਡਾ. ਪ੍ਰੀਤੀ ਯਾਦਵ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਬੱਚਿਆਂ ਦੇ ਭੋਜਨ ਦੀ ਪੌਸ਼ਟਿਕਤਾ ਅਤੇ ਸ਼ੁੱਧਤਾ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਆਂਗਣਵੜੀ ਸੈਂਟਰ ਵਿਖੇ ਛੋਟੇ ਬਚਾਈਂ ਦੇ ਸ਼ਰੀਰਕ ਅਤੇ ਮਾਨਸਿਕ ਵਿਕਾਸ ਸਮੇਤ ਸੰਤੁਲਿਤ ਖੁਰਾਕ ਦਾ ਧਿਆਨ ਰੱਖਣ ਬਾਰੇ ਕਿਹਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਨਿਰੰਤਰ ਉਪਰਾਲਿਆਂ ਤਹਿਤ ਉਹ ਸਰਕਾਰੀ ਸਕੂਲਾਂ ਦਾ ਖੁਦ ਦੌਰਾ ਕਰ ਰਹੇ ਹਨ ਅਤੇ ਸਕੂਲਾਂ ਦੀਆਂ ਲੋੜਾਂ ਤੇ ਕਮੀਆਂ ਬਾਰੇ ਜਾਣਕਾਰੀ ਲੈ ਰਹੇ ਹਨ ਤਾਂ ਜੋ ਉਹਨਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਇਆ ਜਾ ਸਕੇ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਤਵੱਜੋਂ ਹੈ।
ਉਨ੍ਹਾਂ ਵੱਲੋਂ ਸਕੂਲ ਦੇ ਸਟਾਫ ਦੇ ਨਾਲ ਗੱਲਬਾਤ ਵੀ ਕੀਤੀ ਗਈ ਤੇ ਸਕੂਲ ਸਟਾਫ ਨੂੰ ਹੋਣ ਵਾਲੀਆਂ ਮੁਸ਼ਕਲਾਂ ਸਬੰਧੀ ਵੀ ਜਾਣਕਾਰੀ ਲਈ ਗਈ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਕੂਲ ਦੇ ਮਿੱਡ ਡੇਅ ਮੀਲ ਵਿੱਚ ਬਣੇ ਖਾਣੇ ਨੂੰ ਖਾ ਕੇ ਉਸਦੀ ਜਾਂਚ ਵੀ ਕੀਤੀ ਅਤੇ ਮਿਡ ਡੇਅ ਮੀਲ ਵਰਕਰਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਪੋਸ਼ਟਿਕ ਭੋਜਨ ਰੋਜ਼ਾਨਾ ਮੁਹੱਈਆ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਲੋਧੀਮਾਜਰਾ ਦੇ ਹੀ ਆਂਗਣਵਾੜੀ ਸੈਂਟਰ ਦੀ ਵੀ ਚੈਕਿੰਗ ਵੀ ਕੀਤੀ ਗਈ। ਉਨ੍ਹਾਂ ਰਜਿਸਟਰਾਂ ਦੇ ਰਿਕਾਰਡ ਦੀ ਚੈਕਿੰਗ ਕੀਤੀ ਅਤੇ ਬੱਚਿਆਂ ਨੂੰ ਮਿਲਣ ਵਾਲਿਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ।