ਰੂਪਨਗਰ ਜ਼ਿਲ੍ਹੇ ਵਿੱਚ ਪਿਛਲੇ ਸਾਲ ਨਾਲੋਂ 25 ਫੀਸਦੀ ਵੱਧ ਕਣਕ ਦੀ ਆਮਦ ਦਰਜ ਕੀਤੀ ਗਈ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਰੂਪਨਗਰ ਜ਼ਿਲ੍ਹੇ ਵਿੱਚ ਪਿਛਲੇ ਸਾਲ ਨਾਲੋਂ 25 ਫੀਸਦੀ ਵੱਧ ਕਣਕ ਦੀ ਆਮਦ ਦਰਜ ਕੀਤੀ ਗਈ
ਹੁਣ ਤੱਕ 156197 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ, ਆਮਦ ਹਾਲੇ ਵੀ ਜਾਰੀ
ਕਿਸਾਨਾਂ ਦੇ ਖਾਤਿਆਂ ਵਿੱਚ ਅਦਾਇਗੀ ਦੇ 313 ਕਰੋੜ 78 ਲੱਖ ਰੁਪਏ ਜਾਰੀ
ਰੂਪਨਗਰ, 4 ਮਈ: ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ ਦੌਰਾਨ ਰੂਪਨਗਰ ਜ਼ਿਲ੍ਹੇ ਵਿੱਚ ਪਿਛਲੇ ਸਾਲ ਦੀ ਆਮਦ ਨਾਲੋਂ ਇਸ ਸਾਲ 25 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਸਾਲ ਦੇ 124400 ਮੀਟ੍ਰਿਕ ਟਨ ਦੇ ਮੁਕਾਬਲੇ 156197 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਅਜੇ ਵੀ ਜਾਰੀ ਹੈ ਅਤੇ ਅਸੀਂ 15 ਮਈ ਤੱਕ ਕਣਕ ਦੀ ਆਮਦ ਦੀ ਉਮੀਦ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਫਸਲ ਦੇ ਬਦਲੇ ਕਿਸਾਨਾਂ ਨੂੰ 313 ਕਰੋੜ 78 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕਣਕ ਦੀ ਆਮਦ 1.65 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਜਾਵੇਗੀ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ 107424 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਮੰਡੀਆਂ ਤੋਂ ਕੇਂਦਰੀ ਪੂਲ ਤੱਕ ਸਿੱਧੀ ਲਿਫਟਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਏਜੰਸੀ ਵਾਰ ਖਰੀਦ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਮਾਰਕਫੈੱਡ ਨੇ 36468 ਮੀਟਰਿਕ ਟਨ, ਪਨਸਪ ਨੇ 33281 ਮੀਟਰਿਕ ਟਨ, ਪਨਗ੍ਰੇਨ ਨੇ 44815 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 22836 ਮੀਟਰਿਕ ਟਨ ਅਤੇ ਐਫ ਸੀ ਆਈ ਨੇ 11483 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ।