ਜਨ ਸੁਣਵਾਈ ਕੈਂਪ ਲਗਾ ਪਿੰਡ ਮਹਿਤੋਤ, ਕੀੜੀ ਅਫਗਾਨਾ ਤੇ ਫਤਹਿਪੁਰ ਦੇ ਲੋਕਾਂ ਦੀ ਸਮੱਸਿਆਵਾਂ ਦਾ ਕੀਤਾ ਨਿਪਟਾਰਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜਨ ਸੁਣਵਾਈ ਕੈਂਪ ਲਗਾ ਪਿੰਡ ਮਹਿਤੋਤ, ਕੀੜੀ ਅਫਗਾਨਾ ਤੇ ਫਤਹਿਪੁਰ ਦੇ ਲੋਕਾਂ ਦੀ ਸਮੱਸਿਆਵਾਂ ਦਾ ਕੀਤਾ ਨਿਪਟਾਰਾ
ਸ਼੍ਰੀ ਚਮਕੌਰ ਸਾਹਿਬ, 18 ਮਈ: ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਜ਼ਿਲ੍ਹੇ ਅੰਦਰ ਲਗਾਤਾਰ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕਰਕੇ ਲੋਕਾਂ ਦੀਆਂ ਸਮਸਿਆਵਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਜਾ ਕੇ ਹੱਲ ਕੀਤਾ ਜਾ ਰਿਹਾ ਹੈ ਜੋ ਕਿ ਪੰਜਾਬ ਸਰਕਾਰ ਦਾ ਇਕ ਸ਼ਲਾਘਾਯੋਗ ਉਪਰਾਲਾ ਹੈ ਅਤੇ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ੍ਰੀਮਤੀ ਅਨਮਜੋਤ ਕੌਰ ਨੇ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਕੀੜੀ ਅਫਗਾਨਾ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਕੀਤਾ। ਇਸ ਕੈਂਪ ਵਿਚ ਉਨ੍ਹਾਂ ਪਿੰਡ ਕੀੜੀ ਅਫਗਾਨਾ, ਮਹਿਤੋਤ ਅਤੇ ਫ਼ਤਹਿਪੁਰ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ। ਇਸ ਮੌਕੇ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ ਅਮਰੀਕ ਸਿੰਘ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।
ਐਸ.ਡੀ.ਐਮ ਨੇ ਦੱਸਿਆ ਕਿ ਜਨ ਸੁਣਵਾਈ ਕੈਂਪ ਦੌਰਾਨ ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਸ਼ਿਰਕਤ ਕਰਦਿਆਂ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ, ਜਿੰਨ੍ਹਾਂ ਵਿਚੋਂ ਬਹੁਤੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਦਰਖ਼ਾਸਤਾਂ ਮੌਕੇ ’ਤੇ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਸੌਂਪੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਲੋਕ ਸਮੱਸਿਆਵਾਂ ਦਾ ਪਹਿਲਕਦਮੀ ਨਾਲ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਵੱਖ ਵੱਖ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਨੂੰ ਉਨ੍ਹਾਂ ਦੇ ਕੰਮ ਸੌਖਾਲੇ ਤਰੀਕੇ ਨਾਲ ਕਰਵਾਉਣ ਦੀ ਸੁਵਿਧਾ ਦਿੱਤੀ ਜਾਵੇਗੀ।
ਪਿੰਡ ਕੀੜੀ ਅਫਗਾਨਾ ਤੋਂ ਸਰਪੰਚ ਸ ਸਮਸ਼ੇਰ ਸਿੰਘ ਨੇ ਆਪਣੇ ਪਿੰਡ ਦੀ ਸਮੱਸਆ ਤੋਂ ਜਾਣੂ ਕਰਵਾਉਂਦਿਆਂ ਪਿੰਡ ਵਿੱਚ ਸੜਕਾਂ, ਸਮਸ਼ਾਨਘਾਟ ਅਤੇ ਡਿਸਪੈਂਸਰੀ ਦੇ ਹੱਲ ਯਕੀਨੀ ਕਰਨ ਦੀ ਮੰਗ ਰੱਖੀ।
ਪਿੰਡ ਮਹਿਤੋਤ ਦੇ ਸਰਪੰਚ ਨੇ ਗੁਰਜੰਟ ਸਿੰਘ ਨੇ ਪਿੰਡ ਵਿਚ ਵੈਟਨਰੀ ਹਸਪਤਾਲ ਵਿਚ ਡਾਕਟਰ ਦੀ ਅਸਾਮੀ ਦੀ ਖ਼ਾਲੀ ਅਤੇ ਪ੍ਰਾਇਮਰੀ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਦੀ ਸਮੱਸਿਆ ਬਾਰੇ ਜਾਣੂ ਕਰਵਾਇਆ।
ਪਿੰਡ ਫਤਹਿਪੁਰ ਵਲੋਂ ਹਾਜ਼ਰ ਪੰਚਾਇਤ ਮੈਂਬਰਾਂ ਨੇ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਸਮਸਿਆ, ਸੜਕਾਂ ਦੀ ਮੁਰੰਮਤ, ਘਰਾਂ ਦੀ ਉਸਾਰੀ ਲਈ ਪ੍ਰਸ਼ਾਸ਼ਨ ਅੱਗੇ ਮੰਗਾਂ ਰੱਖੀਆਂ ਗਈਆਂ।
ਇਸ ਮੌਕੇ ਤਹਿਸੀਲਦਾਰ ਸ਼੍ਰੀ ਚੇਤਨ ਬੰਗੜ, ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਮੌਜੂਦ ਸਨ।