People should refrain from going out of their houses during heavy rains – Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਭਾਰੀ ਵਰਖਾ ਦੌਰਾਨ ਲੋਕ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ – ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਵਰਖਾ ਪ੍ਰਭਾਵਿਤ ਸਥਾਨਾਂ ਦਾ ਜਾਇਜ਼ਾ ਲਿਆ
ਪ੍ਰਭਾਵਿਤ ਲੋਕਾਂ ਨੂੰ ਲੰਗਰ ਸੇਵਾ ਵੀ ਸ਼ੁਰੂ ਹੋਈ
ਰੂਪਨਗਰ, 9 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਆਈ.ਆਈ.ਟੀ. ਰੂਪਨਗਰ, ਬਰਸਾਤੀ ਬੁਧਕੀ ਨਦੀ, ਸਤਲੁੱਜ ਦਰਿਆ ਅਤੇ ਹੋਰ ਵਰਖਾ ਪ੍ਰਭਾਵਿਤ ਸਥਾਨਾਂ ਦਾ ਜਾਇਜ਼ਾ ਲਿਆ ਗਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹਾਲਾਤਾਂ ਦਾ ਜਾਇਜ਼ਾ ਲੈਂਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰੀ ਵਰਖਾ ਦੇ ਮੱਦੇਨਜ਼ਰ ਬਿਨਾਂ ਲੋੜ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ। ਉਨ੍ਹਾਂ ਕਿਹਾ ਕਿ ਨਦੀਆਂ, ਨਹਿਰਾਂ, ਚੋਇਆਂ ਅਤੇ ਦਰਿਆਵਾਂ ਤੋਂ ਇਲਾਵਾ ਨੀਵੇਂ ਇਲਾਕਿਆਂ ਵਿੱਚ ਜਾਣ ਤੋਂ ਗੁਰੇਜ਼ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਾਰੇ ਹੀ ਵਿਭਾਗਾਂ ਦੇ ਮੁਖੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਵੱਧ ਤੋਂ ਵੱਧ ਸੰਪਰਕ ਕਾਇਮ ਰੱਖਣ ਦੇ ਆਦੇਸ਼ ਦਿੱਤੇ ਹਨ ਤਾਂ ਜੋ ਜਾਨੀ ਮਾਲੀ ਨੁਕਸਾਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਪਿਛਲੇ ਸਮੇਂ ਦੌਰਾਨ ਪ੍ਰਭਾਵਿਤ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰਾਧਾ ਸਵਾਮੀ ਸਤਸੰਗ ਘਰ ਤੋਂ ਪਟਵਾਰਖਾਨਾ ਤੇ ਪੁਰਾਣੇ ਪੁਲ ਤਕ ਦੋਵਾਂ ਪਾਸੇ ਸੜਕ ਧਸਣ ਕਾਰਨ ਰਸਤਾ ਬੰਦ ਕਰਨ ਦੇ ਹੁਕਮ ਜਾਰੀ ਕੀਤੇ, ਉਨ੍ਹਾਂ ਸਮੇਂ ਰਹਿੰਦੇ ਪ੍ਰਭਾਵਿਤ ਰਿਹਾਇਸ਼ੀ ਇਲਾਕਿਆਂ ਨੂੰ ਖਾਲੀ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਗੁਰੂਦੁਆਰਾ ਕੋਟ ਪੁਰਾਣ ਹੈੱਡਵਰਕਸ ਤੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦੇ ਸਹਿਯੋਗ ਨਾਲ ਪ੍ਰਭਾਵਿਤ ਲੋਕਾਂ ਲਈ ਲੰਗਰ ਸੇਵਾ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਖੁਰਾਕ ਸਪਲਾਈ ਵਿਭਾਗ ਨੂੰ ਤੁਰੰਤ ਫੂਡ ਪੈਕੇਟ ਤਿਆਰ ਕਰਨ ਲਈ ਕਿਹਾ ਗਿਆ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲੋੜ ਪੈਣ ਉੱਤੇ ਕੰਟਰੋਲ ਰੂਮ 01881-221157 ਜਾਂ ਮੇਰੇ ਨਾਲ ਸਿੱਧੇ ਤੌਰ ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।