ਪਿੰਡ ਪੱਧਰ ’ਤੇ ਲੋਕ ਸਮੱਸਿਆਵਾਂ ਦੇ ਹੱਲ ਕਰਨ ਲਈ ਜਨ ਸੁਣਵਾਈ ਕੈਂਪ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਪਿੰਡ ਪੱਧਰ ’ਤੇ ਲੋਕ ਸਮੱਸਿਆਵਾਂ ਦੇ ਹੱਲ ਕਰਨ ਲਈ ਜਨ ਸੁਣਵਾਈ ਕੈਂਪ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ
ਪਿੰਡ ਛੋਟੀ ਹਵੇਲੀ ਵਿਖੇ ਕੈਂਪ ਲਗਾ ਕੇ ਛੋਟੀ ਹਵੇਲੀ ਸਮੇਤ ਸ਼ਾਮਪੁਰਾ ਅਤੇ ਛੋਟੀ ਰੈਲੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਐਸ.ਡੀ.ਐਮ. ਹਰਬੰਸ ਸਿੰਘ ਵੋਟਰ ਸੂਚੀ ਦੀ ਚੱਲ ਰਹੀ ਸਰਸਰੀ ਸੁਧਾਈ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ
ਰੂਪਨਗਰ, 17 ਅਗਸਤ: ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਪਿੰਡ ਪੱਧਰ ’ਤੇ ਲੋਕ ਸਮੱਸਿਆਵਾਂ ਦੇ ਹੱਲ ਕਰਨ ਲਈ ਜਨ ਸੁਣਵਾਈ ਕੈਂਪ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਛੋਟੀ ਹਵੇਲੀ ਦੇ ਕਮਿਊਨਟੀ ਸੈਂਟਰ ਵਿਖੇ ਕੈਂਪ ਲਗਾ ਕੇ ਪਿੰਡ ਛੋਟੀ ਹਵੇਲੀ, ਸ਼ਾਮਪੁਰਾ ਅਤੇ ਛੋਟੀ ਰੈਲੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਅਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਸੁਣੀਆਂ ਗਈਆਂ।
ਇਸ ਕੈਂਪ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪਿੰਡਾਂ ਵਿੱਚ ਜਾ ਕੇ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ, ਉਨ੍ਹਾਂ ਕਿਹਾ ਕਿ ਜੋ ਲੋਕ ਆਪਣੇ ਪਿੰਡਾਂ ਤੋਂ ਦੂਰ ਸ਼ਹਿਰਾਂ ਦੇ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਆਪਣੀ ਸਮੱਸਿਆ ਨਹੀਂ ਦੱਸ ਸਕਦੇ, ਉਹ ਇਨ੍ਹਾਂ ਕੈਂਪਾਂ ਦਾ ਭਰਪੂਰ ਲਾਭ ਲੈ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਜਾਂ ਹੋਰ ਸਰਕਾਰੀ ਦਫਤਰਾਂ ਵਿੱਚ ਜਾ ਕੇ ਆਪਣੀ ਸਮੱਸਿਆ ਜਾ ਮੁਸ਼ਕਿਲ ਲਿਖਤੀ ਰੂਪ ਵਿੱਚ ਦਰਜ ਕਰਵਾਈ ਜਾ ਸਕਦੀ ਹੈ ਜਿਸਦਾ ਹੱਲ ਯਕੀਨੀ ਕੀਤਾ ਜਾਵੇਗਾ।
ਇਸ ਕੈਂਪ ਦੌਰਾਨ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ 01 ਜਨਵਰੀ 2024 ਦੇ ਆਧਾਰ ਤੇ ਚੱਲ ਰਹੀ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਕਿਹਾ ਕਿ ਇਸ ਸੰਬੰਧੀ ਬੂਥ ਪੱਧਰ ਤੇ ਲਗਾਏ ਜਾਂਦੇ ਕੈਂਪਾਂ ਵਿੱਚ ਬੀ.ਐਲ.ਓਜ਼. ਨੂੰ ਸਹਿਯੋਗ ਦੇ ਕੇ ਇਸ ਕੰਮ ਨੂੰ ਜਲਦ ਤੋਂ ਜਲਦ ਨੇਪੜੇ ਚਾੜਿਆ ਜਾ ਸਕੇ।
ਇਸ ਕੈਂਪ ਵਿੱਚ ਪਿੰਡ ਛੋਟੀ ਹਵੇਲੀ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ ਵਲੋਂ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਪੀਣ ਵਾਲੇ ਪਾਣੀ ਅਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ, ਬਿਜਲੀ ਦੇ ਲੰਬੇ ਕੱਟਾਂ ਕਾਰਨ ਆ ਰਹੀ ਪ੍ਰੇਸ਼ਾਨੀ, ਲੋਕ ਨਿਰਮਾਣ ਵਿਭਾਗ ਅਧੀਨ ਆਉਂਦੀਆਂ ਸੜਕਾਂ ਦੀ ਮੁਰੰਮਤ ਇਸੇ ਤਰ੍ਹਾਂ ਪਿੰਡ ਸ਼ਾਮਪੁਰਾ ਤੋਂ ਸਾਬਕਾ ਸਰਪੰਚ ਕੁਲਵੰਤ ਸਿੰਘ ਵੱਲੋਂ ਪਿੰਡ ਦੇ ਟੋਭੇ ਦੇ ਓਵਰਫਲੋਅ ਹੋਣ ਕਾਰਨ ਆ ਰਹੀ ਪਾਣੀ ਦੇ ਨਿਕਾਸ ਦੀ ਸਮੱਸਿਆ, ਪੀਣ ਵਾਲਾ ਪਾਣੀ ਗੰਦਾ ਅਤੇ ਬਦਬੂਦਾਰ ਹੋਣ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਅਤੇ ਪਿੰਡ ਛੋਟੀ ਰੈਲੋਂ ਤੋਂ ਸਾਬਕਾ ਸਰਪੰਚ ਗੁਰਨਾਮ ਸਿੰਘ ਵੱਲੋਂ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਤੇ ਪੀਣ ਵਾਲੇ ਪਾਣੀ ਦੀ ਆ ਰਹੀਆਂ ਮੁਸ਼ਕਲਾਂ ਨੂੰ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਿਨ੍ਹਾਂ ਨੂੰ ਹੱਲ ਕਰਨ ਲਈ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਵੱਲੋਂ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ।
ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਜਨਤਾ ਨੂੰ ਜਾਗਰੂਕ ਵੀ ਕੀਤਾ ਗਿਆ।
ਇਸ ਮੌਕੇ ਤਹਿਸੀਲਦਾਰ ਰੂਪਨਗਰ ਸ. ਜਸਪ੍ਰੀਤ ਸਿੰਘ, ਜ਼ਿਲ੍ਹਾ ਵਣ ਅਫ਼ਸਰ ਸ. ਹਰਜਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਅੰਮ੍ਰਿਤਾ ਬਾਲਾ, ਕਾਰਜ ਸਾਧਕ ਅਫਸਰ ਸ. ਮਨਜੀਤ ਸਿੰਘ ਢੀਂਡਸਾ, ਸੁਪਰਡੈਂਟ ਵਿਨੈ ਧਵਨ, ਸੁਪਰਡੈਂਟ ਹਰਪਾਲ ਕੌਰ ਅਤੇ ਹੋਰ ਉੱਚ ਅਧਿਕਾਰੀ ਤੇ ਕਰਮਚਾਰੀਆਂ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।