The Deputy Commissioner inspected the old buildings of various government departments
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਪੁਰਾਣੀਆਂ ਇਮਾਰਤਾਂ ਦਾ ਲਿਆ ਜਾਇਜ਼ਾ
ਜ਼ਿਲ੍ਹਾ ਲਾਇਬ੍ਰੇਰੀ ਵਿੱਚ ਚੱਲ ਰਹੇ ਨਵੀਨੀਕਰਨ ਦੇ ਕੰਮ ਨੂੰ ਜਲਦ ਮੁਕੰਮਲ ਕਰਨ ਦੀ ਕੀਤੀ ਹਦਾਇਤ
ਜ਼ਿਲ੍ਹਾ ਲਾਇਬ੍ਰੇਰੀ ਵਿੱਚ ਪੜ ਰਹੇ ਨੌਜ਼ਵਾਨਾਂ ਨਾਲ ਕੀਤੀ ਗੱਲਬਾਤ
ਰੂਪਨਗਰ, 1 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਪੁਰਾਣੀਆਂ ਇਮਾਰਤਾਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਵਰਤੋਂ ਵਿੱਚ ਲਿਆਉਣ ਅਤੇ ਇਨ੍ਹਾਂ ਦੇ ਨਵੀਨੀਕਰਨ ਲਈ ਉੱਚ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਲਾਇਬ੍ਰੇਰੀ ਵਿੱਚ ਚੱਲ ਰਹੇ ਨਵੀਨੀਕਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਇਸ ਕੰਮ ਨੂੰ ਜਲਦ ਤੋਂ ਜਲਦ ਨੇਪੜੇ ਚਾੜਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆ। ਇਸ ਮੌਕੇ ਜ਼ਿਲ੍ਹਾ ਲਾਇਬ੍ਰੇਰੀ ਵਿੱਚ ਪੜ ਰਹੇ ਨੌਜ਼ਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਲਾਇਬ੍ਰੇਰੀ ਵਲੋਂ ਮਿਲ ਰਹੀਆਂ ਸਹੂਲਤਾਂ ਅਤੇ ਆ ਰਹੀਆਂ ਮੁਸ਼ਕਲਾਂ ਸੁਣਦਿਆਂ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦਾ ਦੌਰਾ ਕਰਦਿਆਂ ਪੁਰਾਣੀ ਇਮਾਰਤ ਪੰਚਾਇਤ ਭਵਨ, ਬੰਦ ਪਈ ਰਿਹਾਇਸ਼ ਵਧੀਕ ਡਿਪਟੀ ਕਮਿਸ਼ਨਰ ਦੀ ਇਮਾਰਤਾਂ ਦਾ ਜ਼ਾਇਜਾ ਲਿਆ ਅਤੇ ਮਗਨਰੇਗਾ ਵਰਕਰਾਂ ਤੋਂ ਸਾਫ ਸਫਾਈ ਕਰਵਾ ਇਸਨੂੰ ਮੁੜ ਵਰਤੋਂ ਵਿੱਚ ਲਿਆਉਣ ਲਈ ਹੁਕਮ ਜਾਰੀ ਕੀਤੇ।
ਇਸ ਦੇ ਨਾਲ ਹੀ ਵਣ ਵਿਭਾਗ, ਜਲ ਸਪਲਾਈ ਵਿਭਾਗ,ਰਿਹਾਇਸ਼ ਇੰਸਪੈਕਟਰ ਜਨਰਲ ਆਫ਼ ਪੁਲਿਸ ਰੂਪਨਗਰ ਰੇਂਜ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ), ਦਫ਼ਤਰ ਕਮਾਂਡਰ ਸਿਖਲਾਈ ਕੇਂਦਰ ਅਤੇ ਹੋਰ ਵਿਭਾਗਾਂ ਦਾ ਦੌਰਾ ਕਰਦਿਆਂ ਸਾਫ਼ ਸਫ਼ਾਈ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਮੁੱਖ ਮੰਤਰੀ ਫ਼ੀਲਡ ਅਫਸਰ ਸ਼੍ਰੀਮਤੀ ਅਨਮਜੋਤ ਕੌਰ, ਬਤੌਰ ਟ੍ਰੇਨਿੰਗ ਸਹਾਇਕ ਕਮਿਸ਼ਨਰ ਸ਼੍ਰੀਮਤੀ ਸ਼ੁਭੀ ਆਂਗਰਾ, ਲੋਕ ਨਿਰਮਾਣ ਵਿਭਾਗ ਤੋਂ ਕਾਰਜਕਾਰੀ ਇੰਜੀਨੀਅਰ ਸ਼੍ਰੀ ਦਵਿੰਦਰ ਬਜਾਜ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।