ਆਈਆਈਟੀ ਰੋਪੜ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਗਤੀਵਿਧੀਆ ਰਾਹੀਂ ਆਮ ਲੋਕਾਂ ਨੂੰ ਸਾਫ਼ ਸਫ਼ਾਈ ਰੱਖਣ ਲਈ ਜਾਗਰੂਕ ਕੀਤਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਆਈਆਈਟੀ ਰੋਪੜ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਗਤੀਵਿਧੀਆ ਰਾਹੀਂ ਆਮ ਲੋਕਾਂ ਨੂੰ ਸਾਫ਼ ਸਫ਼ਾਈ ਰੱਖਣ ਲਈ ਜਾਗਰੂਕ ਕੀਤਾ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਭਗਤ ਸਿੰਘ ਚੌਂਕ ਵਿਖੇ “ਸਵੱਛਤਾ ਹੀ ਸੇਵਾ” ਅਭਿਆਨ ਤਹਿਤ ‘ਫਲੈਸ਼ ਮੋਬ’ ਪ੍ਰੋਗਾਰਮ ਆਯੋਜਿਤ
ਰੂਪਨਗਰ, 25 ਸਤੰਬਰ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ “ਸਵੱਛਤਾ ਹੀ ਸੇਵਾ” ਅਭਿਆਨ ਤਹਿਤ ਅੱਜ ਰੂਪਨਗਰ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਵਿਖੇ ‘ਫਲੈਸ਼ ਮੋਬ’ ਪ੍ਰੋਗਾਰਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਆਈਆਈਟੀ ਰੋਪੜ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗਤੀਵਿਧੀਆ ਰਾਹੀਂ ਆਮ ਲੋਕਾਂ ਨੂੰ ਸਾਫ਼ ਸਫ਼ਾਈ ਰੱਖਣ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਨੇ ਦੱਸਿਆ ਕਿ “ਸਵੱਛਤਾ ਹੀ ਸੇਵਾ” ਮੁਹਿੰਮ ਜੋ ਕਿ 15 ਸਤੰਬਤ ਤੋਂ 02 ਅਕਤੂਬਰ ਤੱਕ ਚਲਾਈ ਜਾ ਰਹੀ ਹੈ, ਇਸ ਪ੍ਰੋਗਰਾਮ ਦਾ ਉਦੇਸ਼ ਆਮ ਲੋਕਾਂ ਨੂੰ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਜਾਗਰੂਕ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਪਿੰਡ ਅਤੇ ਸ਼ਹਿਰਾਂ ਵਿੱਚ ਆਮ ਲੋਕਾਂ ਨੂੰ ਆਪਣੇ ਘਰ ਅਤੇ ਆਲੇ ਦੁਆਲੇ ਦੇ ਚੁਗਰਿਦੇ ਨੂੰ ਸਾਫ ਰੱਖਣ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡਾਂ ਵਿਚ ਲੋਕਾਂ ਨੂੰ ਸੁੱਕੇ ਅਤੇ ਗਿੱਲੇ ਕੂੜੇ ਦੇ ਸਹੀ ਅਤੇ ਸੁਰੱਖਿਅਤ ਨਿਪਟਾਰੇ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਅਤੇ ਸਵੱਛਤਾ ਲੀਗ ਦੇ ਮਾਪਦੰਡਾਂ ਮੁਤਾਬਕ ਸਾਫ਼ ਸੁਥਰਾਂ ਬਣਾਉਣ ਲਈ ਹਰੇਕ ਨਾਗਰਿਕ ਦਾ ਯੋਗਦਾਨ ਜ਼ਰੂਰੀ ਹੈ, ਇਸ ਲਈ ਜ਼ਿਲ੍ਹੇ ਵਿੱਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਹਰੇਕ ਉਮਰ ਵਰਗ ਨੂੰ ਸ਼ਾਮਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਰੱਖਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਸ਼ੁੱਧ ਵਾਤਾਵਰਣ ਨਾਲ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਵਾਲੇ ਥੈਲਿਆਂ ਦੀ ਵਰਤੋਂ ਨਾ ਕਰਦਿਆਂ ਘਰ ਦੇ ਬਣੇ ਜੂਟ ਦੇ ਥੈਲਿਆਂ ਦਾ ਇਸਤੇਮਾਲ ਕਰਨ ਬਾਰੇ ਪਿੰਡ ਵਾਸੀਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਿੰਡਾਂ ਦੇ ਲੋਕਾਂ ਨੂੰ ਅਤੇ ਵੱਖ-ਵੱਖ ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਸਾਫ ਸਫਾਈ ਦੇ ਫਾਇਦਿਆਂ ਬਾਰੇ ਦੱਸਿਆ ਜਾ ਰਿਹਾ ਹੈ।
ਇਸ ਪ੍ਰੋਗਰਾਮ ਦੌਰਾਨ ਨਗਰ ਕੌਂਸਲ ਦੇ ਕਰਮਚਾਰੀਆਂ ਨਵਤੇਜ ਸਿੰਘ ਅਤੇ ਸੁਖਰਾਜ ਸਿੰਘ ਵੱਲੋਂ ਵੀ ਸੱਭਿਆਚਾਰਕ ਗਤੀਵਿਧੀਆ ਅਤੇ ਆਮ ਲੋਕਾਂ ਨੂੰ ਸੁਨੇਹਾ ਦਿੰਦਿਆਂ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਮੁੱਖ ਮੰਤਰੀ ਫ਼ੀਲਡ ਅਫਸਰ ਸ਼੍ਰੀਮਤੀ ਅਨਮਜੋਤ ਕੌਰ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਨਾਇਬ ਤਹਿਸੀਲਦਾਰ ਸ. ਅਰਜਨ ਸਿੰਘ ਗਰੇਵਾਲ, ਗਿਰਜਾ ਸ਼ੰਕਰ, ਸਰਕਾਰੀ ਕਾਲਜ ਤੋਂ ਪ੍ਰੋ. ਨਿਰਮਲ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ.ਰਵਨੀਤ ਕੌਰ, ਹੋਰ ਅਧਿਕਾਰੀ ਕਰਮਚਾਰੀਆਂ ਤੋਂ ਇਲਾਵਾ ਸਕੂਲਾਂ ਕਾਲਜਾਂ ਦੇ ਵਿਦਿਆਰਥੀ ਅਤੇ ਆਮ ਲੋਕ ਹਾਜ਼ਰ ਸਨ।