The nodal officer should establish contact with the farmers to completely eliminate the cases of stubble burning: Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਨੋਡਲ ਅਫਸਰ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਪਰਾਲੀ ਸਾੜਨ ਦੇ ਮਾਮਲੇ ਮੁਕੰਮਲ ਤੌਰ ‘ਤੇ ਖਤਮ ਕਰਨ: ਡਿਪਟੀ ਕਮਿਸ਼ਨਰ
•ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਿਫਾਰਸ਼ ਅਨੁਸਾਰ ਸਰਫੇਸ ਸੀਡਰ ਦੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਮਸ਼ੀਨ ਉਪਲੱਬਧ ਕਰਵਾਈ ਜਾ ਰਹੀ
•ਖੇਤੀਬਾੜੀ ਵਿਭਾਗ ਸਰਫੇਸ ਸੀਡਰ ਤੇ ਹੋਰ ਮਸ਼ੀਨਾਂ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਜੰਗੀ ਪੱਧਰ ਉਤੇ ਕੰਮ ਕਰੇ
•ਖੇਤੀਬਾੜੀ ਮਸ਼ੀਨਰੀ ਪ੍ਰਾਪਤ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਨਾਲ ਮੋ.ਨੰ. 98556-06006 ਤੇ ਖੇਤੀਬਾੜੀ ਅਫਸਰ ਨਾਲ 94630-74047 ‘ਤੇ ਸੰਪਰਕ ਕੀਤਾ ਜਾਵੇ
•ਪਰਾਲੀ ਦੀ ਸਟੋਰਜ਼ ਲਈ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨਾਲ ਮੋ.ਨੰ. 98145-65219 ‘ਤੇ ਸੰਪਰਕ ਕੀਤਾ ਜਾਵੇ
•ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਕੀਤੀ ਅਪੀਲ
ਰੂਪਨਗਰ, 4 ਅਕਤੂਬਰ: ਵਾਤਾਵਰਣ ਨੂੰ ਸੁਰੱਖਿਅਤ ਕਰਨ ਅਤੇ ਪਰਾਲੀ ਸਾੜਨ ਨਾਲ ਹੋਣ ਵਾਲੇ ਮਾਰੂ ਪ੍ਰਭਾਵਾਂ ਨੂੰ ਰੋਕਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਵਿਭਾਗਾਂ ਦੇ ਤਾਇਨਾਤ ਕੀਤੇ ਕਲਸਟਰ ਅਤੇ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਮੁਕੰਮਲ ਤੌਰ ਉਤੇ ਕਾਬੂ ਕਰਨ।
ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸੂਬੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਹੋਣ ਵਾਲੇ ਮਾਰੂ ਪ੍ਰਭਾਵਾਂ ਸਦਕਾ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਜਿਸ ਲਈ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿਖੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨੋਡਲ ਅਫਸਰ ਵਜੋਂ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਝੋਨੇ ਦੀ ਕਟਾਈ ਦੇ ਸੀਜ਼ਨ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫਸਰ ਗੁਰਬਚਨ ਸਿੰਘ ਨੂੰ ਹਦਾਇਤ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ-ਖੁੰਹਦ (ਪਰਾਲੀ) ਦੇ ਤਕਨੀਕੀ ਪ੍ਰਬੰਧ ਲਈ ਕਿਸਾਨਾਂ ਨੂੰ ਸਰਫੇਸ ਸੀਡਰ ਅਤੇ ਹੋਰ ਮਸ਼ੀਨਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਾ ਛੱਡੀ ਜਾਵੇ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਕੁੱਲ 1230 ਖੇਤੀਬਾੜੀ ਮਸ਼ੀਨਾਂ 80 ਫ਼ੀਸਦੀ ਸਬਸਿਡੀ ਉਤੇ ਉਪਲੱਬਧ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਰੂਪਨਗਰ ਬਲਾਕ ਵਿੱਚ 367 ਮਸ਼ੀਨਾਂ, ਸ੍ਰੀ ਅਨੰਦਪੁਰ ਸਾਹਿਬ ਬਲਾਕ ਵਿੱਚ 135 ਮਸ਼ੀਨਾਂ, ਸ੍ਰੀ ਚਮਕੌਰ ਸਾਹਿਬ ਬਲਾਕ ਵਿੱਚ 360, ਮੋਰਿੰਡਾ ਬਲਾਕ ਵਿੱਚ 260 ਅਤੇ ਨੂਰਪੁਰ ਬੇਦੀ ਵਿੱਚ 108 ਮਸ਼ੀਨਾਂ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮੁਹੱਈਆ ਕਰਵਾਈਆਂ ਗਈਆਂ ਹਨ ਜਦਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸ਼ਿਫਾਰਸ ਅਨੁਸਾਰ ਸਰਫੇਸ ਸੀਡਰ ਦੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਮਸ਼ੀਨਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ, ਜ਼ਿਲ੍ਹੇ ਵਿੱਚ ਲਗਾਏ ਗਏ ਕਲੱਸਟਰ ਅਫ਼ਸਰਾਂ, ਨੋਡਲ ਅਫ਼ਸਰਾਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ਤੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਨ ਅਤੇ ਖ਼ੇਤੀਬਾੜੀ ਵਿਭਾਗ ਵੱਲੋਂ ਉਪਲਬਧ ਕਰਵਾਈ ਗਈ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਦੱਸਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਮਸ਼ੀਨਰੀ ਕਿਸਾਨਾਂ ਲਈ ਉਪਲੱਬਧ ਕਰਵਾਈ ਗਈ ਹੈ ਉਸ ਦੀ ਮੈਪਿੰਗ ਕਰਕੇ ਵੱਧ ਤੋਂ ਵੱਧ ਵਰਤੋਂ ਕਰਨਾ ਯਕੀਨੀ ਕੀਤਾ ਜਾਵੇ ਅਤੇ ਜੇਕਰ ਕਿਸੇ ਬਲਾਕ ਵਿਚ ਮਸ਼ੀਨਰੀ ਦੀ ਲੋੜ ਪੈਂਦੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ਉਤੇ ਮੁਹੱਈਆ ਕਰਵਾਇਆ ਜਾਵੇ।
ਉਨ੍ਹਾਂ ਅੱਗੇ ਕਿਹਾ ਜ਼ਿਲ੍ਹੇ ਵਿਚ ਪਰਾਲੀ ਦੀ ਸਾਂਭ-ਸੰਭਾਲ ਲਈ ਪਿੰਡਾਂ ਵਿਖੇ ਤਾਇਨਾਤ ਕੀਤੇ ਗਏ ਅਧਿਕਾਰੀ ਰੋਜ਼ਾਨਾ ਆਪਣੇ ਵਲੋਂ ਕੀਤੀ ਕਾਰਗੁਜ਼ਾਰੀ ਜਿਸ ਵਿਚ ਕਿਸਾਨਾਂ ਅਤੇ ਪੰਚਾਇਤਾਂ ਨਾਲ ਕੀਤੀਆਂ ਮੀਟਿੰਗਾਂ, ਉਪਰਾਲੇ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਚੁੱਕੇ ਵਿਸ਼ੇਸ਼ ਕਦਮ ਸਬੰਧੀ ਕਾਰਗੁਜ਼ਾਰੀ ਦੀ ਰਿਪੋਰਟ ਪਹਿਲਾਂ ਦੀ ਤਰ੍ਹਾਂ ਜ਼ਿਲ੍ਹਾ ਹੈੱਡਕੁਆਟਰ ਵਿਖੇ ਪੇਸ਼ ਕਰਨ ਜਿਸ ਦੀ ਸਮੀਖਿਆ ਜ਼ਿਲ੍ਹਾ ਪੱਧਰ ਉਤੇ ਕੀਤੀ ਜਾ ਰਹੀ ਹੈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਸਹਾਇਕ ਕਮਿਸ਼ਨਰ ਰੂਪਨਗਰ (ਯੂਡੀ) ਸ਼੍ਰੀਮਤੀ ਸ਼ੁਭੀ ਆਂਗਰਾ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ. ਬਲਜਿੰਦਰ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ, ਐਸਡੀਐਮ ਮੋਰਿੰਡਾ ਸ਼੍ਰੀ ਦੀਪਾਂਕਰ ਗਰਗ, ਐਸਡੀਐਮ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ,ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀਮਤੀ ਅਨੁਰਾਧਾ ਸ਼ਰਮਾ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਵਿਭਾਗ ਸ਼੍ਰੀ ਮਾਈਕਲ, ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼, ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ, ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲਗਾਏ ਗਏ ਸਮੂਹ ਨੋਡਲ ਅਫ਼ਸਰ ਹਾਜ਼ਰ ਸਨ।