Close

SDM Mr. Chamkaur Sahib made the farmers of Salempur village aware about not burning stubble

Publish Date : 18/09/2024
SDM Mr. Chamkaur Sahib made the farmers of Salempur village aware about not burning stubble

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਨੇ ਪਿੰਡ ਸਲੇਮਪੁਰ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਕੀਤਾ ਜਾਗਰੂਕ

ਰੂਪਨਗਰ, 18 ਸਤੰਬਰ: ਉਪ ਮੰਡਲ ਮੈਜਿਸਟਰੇਟ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਵੱਲੋਂ ਅੱਜ ਬਲਾਕ ਦੇ ਪਿੰਡ ਸਲੇਮਪੁਰ ਵਿਖੇ ਪਿੰਡ ਵਾਸੀਆਂ ਤੇ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ. ਅਮਰੀਕ ਸਿੰਘ ਸਿੱਧੂ ਨੇ ਕਿਹਾ ਕਿ ਜਿੱਥੇ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ’ਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਬਹੁਤ ਸਾਰੇ ਅਜਿਹੇ ਅੱਗ ਲੱਗਣ ਦੇ ਕੇਸ ਪਾਏ ਗਏ ਸਨ ਜਿਨ੍ਹਾਂ ਕਾਰਨ ਸੜਕੀ ਦੁਰਘਟਨਾ ਵਿੱਚ ਵਾਧਾ ਹੋਇਆ ਸੀ ਅਤੇ ਵਾਤਾਵਰਨ ਪ੍ਰਦੂਸ਼ਿਤ ਹੋਇਆ ਸੀ। ਇਸ ਲਈ ਉਨ੍ਹਾਂ ਪਿੰਡ ਵਾਸੀਆਂ ਤੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਜਿਵੇਂ ਪਿਛਲੇ ਸਾਲ ਕਈ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਉਸਨੂੰ ਖਾਦ ਵਜੋਂ ਖੇਤਾਂ ਵਿੱਚ ਹੀ ਵਰਤ ਕੇ ਫਸਲ ਦੀ ਵੱਧ ਪੈਦਾਵਾਰ ਕੀਤੀ ਗਈ ਹੈ, ਉਸੇ ਤਰ੍ਹਾਂ ਬਾਕੀ ਕਿਸਾਨ ਵੀ ਉਨ੍ਹਾਂ ਤੋਂ ਸੇਧ ਲੈਣ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੂਸ਼ਿਤ ਹੋਣੋ ਬਚਾਇਆ ਜਾਵੇ ਤਾਂ ਜੋ ਫਸਲ ਦੀ ਪੈਦਾਵਾਰ ਨੂੰ ਵੀ ਵਧਾਇਆ ਜਾ ਸਕੇ।

ਇਸ ਮੌਕੇ ਡੀ.ਐਸ.ਪੀ. ਮੋਰਿੰਡਾ, ਨਾਇਬ ਤਹਿਸੀਲਦਾਰ ਸ੍ਰੀ ਚਮਕੋਰ ਸਾਹਿਬ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਚਮਕੌਰ ਸਾਹਿਬ, ਖੇਤੀਬਾੜੀ ਇੰਸਪੈਕਟਰ ਸ੍ਰੀ ਚਮਕੌਰ ਸਾਹਿਬ ਹਾਜ਼ਰ ਸੀ।