ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ, ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ, ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਡਿਪਟੀ ਕਮਿਸ਼ਨਰ ਰੂਪਨਗਰ ਨੇ ਰਾਇਸ ਸ਼ੈਲਰ ਐਸੋਸੀਏਸ਼ਨ ਦੀਆਂ ਸਮੱਸਿਆਵਾਂ ਦਾ ਹਰ ਪੱਧਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ
ਡੀ ਸੀ ਵਲੋਂ ਕਿਸਾਨ ਭਰਾਵਾਂ ਨੂੰ ਮੰਡੀ ਵਿੱਚ ਫਸਲ ਸੁਕਾ ਕੇ ਲਿਆਉਣ ਦੀ ਅਪੀਲ
ਰੂਪਨਗਰ, 3 ਅਕਤੂਬਰ: ਖਰੀਫ਼ ਸੀਜ਼ਨ 2024-25 ਪੰਜਾਬ ਰਾਜ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ ਤੇ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਸੀਜ਼ਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਉਪ-ਮੰਡਲ ਮੈਜਿਸਟ੍ਰੇਟਜ਼, ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈਜ਼, ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਜ਼ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਰਾਇਸ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਮੈਂਬਰਾਂ ਨੇ ਵੀ ਹਿੱਸਾ ਲਿਆ।
ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਰਾਇਸ ਸ਼ੈਲਰ ਐਸੋਸੀਏਸ਼ਨ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀ ਮੰਗ ਅਨੁਸਾਰ ਐਫ.ਸੀ.ਆਈ. ਨਾਲ ਤਾਲਮੇਲ ਕਰਕੇ ਚਾਵਲ ਦੇ ਭੁਗਤਾਨ ਲਈ ਉਚਿਤ ਸਪੇਸ ਦਾ ਪ੍ਰਬੰਧ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਮੂਹ ਰਾਇਸ ਮਿੱਲਰਾਂ ਨੂੰ ਭਰੋਸਾ ਦਿਵਾਇਆ ਕਿ ਮਿਲਰਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਸਮੂਹ ਜ਼ਿਲ੍ਹਾ ਮੈਨੇਜਰਜ਼ ਅਤੇ ਐਫ.ਸੀ.ਆਈ. ਨਾਲ ਹਰੇਕ ਮਹੀਨੇ ਮੀਟਿੰਗ ਰੱਖੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਚਾਵਲ ਦੇ ਭੁਗਤਾਨ ਲਈ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾ ਸਮੂਹ ਰਾਇਸ ਮਿੱਲਰਾਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਮੰਗ ਪੱਤਰ ਅਨੁਸਾਰ ਐਫ.ਸੀ.ਆਈ. ਦੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਖਰੀਫ਼ ਸੀਜ਼ਨ 2024-25 ਦੌਰਾਨ ਝੋਨੇ ਨੂੰ ਸਟੋਰ ਕਰਨ ਲਈ ਸਰਕਾਰ ਦਾ ਸਾਥ ਦੇਣ ਤਾਂ ਜੋ ਕਿਸਾਨਾਂ ਨੂੰ ਵੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਕਿਹਾ ਗਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਕਰਨ ਲਈ ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਸਮੇਂ ਸਿਰ ਖਰੀਦ ਕਰਨ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ ਤੁਰੰਤ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਬਾਹਰਲੇ ਰਾਜਾਂ ਤੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ਤੇ ਝੋਨਾ ਵੇਚਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਤਰ-ਰਾਜੀ ਨਾਕੇ ਲਗਾਏ ਗਏ ਹਨ ਅਤੇ ਫਲਾਇੰਗ ਸਕੁਐਡ ਰਾਹੀਂ ਵਾਹਨਾ ਦੀ ਚੈਕਿੰਗ ਕਰਨ ਦੀ ਕਾਰਵਾਈ ਵੀ ਸੁ਼ਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਫਸਲ ਸੁਕਾ ਕੇ ਲਿਆਂਦੀ ਜਾਵੇ ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਫਸਲ ਦੀ ਕੀਮਤ ਵਸੂਲ ਸਕਣ।
ਸ਼੍ਰੀ ਹਿਮਾਂਸ਼ੂ ਜੈਨ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਦੀ ਹਰ ਇੱਕ ਮੰਡੀ ਵਿੱਚ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਝੋਨੇ ਦੀ ਫ਼ਸਲ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਮੰਡੀ ਵਿਚੋਂ ਚੁੱਕ ਕੇ ਭੰਡਾਰ ਕਰਨ ਵਾਲੀ ਥਾਂ ਤੇ ਸਟੋਰ ਕਰਨ ਲਈ ਸਰਕਾਰ ਵੱਲੋਂ ਲੇਬਰ, ਲੇਬਰ-ਕਾਰਟੇਜ, ਟਰਾਂਸਪੋਰਟੇਸ਼ਨ ਦੇ ਟੈਂਡਰ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਅਤੇ ਪ੍ਰਸ਼ਾਸਨ ਵੱਲੋਂ ਕੇਵਲ ਉਨ੍ਹਾਂ ਟਰੱਕਾਂ ਨਾਲ ਹੀ ਝੋਨੇ ਦੀ ਲਿਫਟਿੰਗ ਕਰਵਾਈ ਜਾ ਰਹੀ ਹੈ, ਜਿਨ੍ਹਾਂ ਟਰੱਕਾਂ ਵਿੱਚ ਵੀ. ਟੀ.ਐਸ.(ਵਹੀਕਲ ਟਰੈਕਿੰਗ ਸਿਸਟਮ) ਸਿਸਟਮ ਚਾਲੂ ਹੋਵੇ ਤਾਂ ਜੋ ਜੀ.ਪੀ.ਐਸ. ਸਿਸਟਮ ਰਾਹੀਂ ਵਾਹਨ ਦੀ ਮੂਵਮੈਂਟ ਨੂੰ ਟਰੈਕ ਕੀਤਾ ਜਾ ਸਕੇ।