ਝੋਨੇ ਦੀ ਖਰੀਦ ਬਦਲੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 236.16 ਕਰੋੜ ਰੁਪਏ ਦੀ ਅਦਾਇਗੀ: ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਝੋਨੇ ਦੀ ਖਰੀਦ ਬਦਲੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 236.16 ਕਰੋੜ ਰੁਪਏ ਦੀ ਅਦਾਇਗੀ: ਡਿਪਟੀ ਕਮਿਸ਼ਨਰ
ਲਿਫਟਿੰਗ ਵਿੱਚ ਵੀ ਲਿਆਂਦੀ ਗਈ ਤੇਜੀ, ਹੁਣ ਤੱਕ 51 ਫ਼ੀਸਦੀ ਝੋਨੇ ਦੀ ਕੀਤੀ ਜਾ ਚੁੱਕੀ ਹੈ ਲਿਫਟਿੰਗ
ਰੂਪਨਗਰ, 29 ਅਕਤੂਬਰ: ਝੋਨੇ ਦੀ ਖਰੀਦ ਬਦਲੇ ਕਿਸਾਨਾਂ ਨੂੰ 236.16 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਤੇ ਲਿਫਟਿੰਗ ਵਿੱਚ ਵੀ ਤੇਜੀ ਆਈ ਹੈ ਤੇ 51 ਫ਼ੀਸਦੀ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ, ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਤੋਂ ਬਾਅਦ ਜਾਣਕਾਰੀ ਸਾਂਝੀ ਕਰਦਿਆਂ ਕੀਤਾ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਹੁਣ ਤੱਕ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 15 ਹਜਾਰ 326 ਮੀਟ੍ਰਿਕ ਟਨ ਦੀ ਆਮਦ ਹੋਈ ਹੈ, ਜਿਸ ਵਿੱਚੋਂ 1 ਲੱਖ 13 ਹਜਾਰ 678 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਸ਼੍ਰੀ ਹਿਮਾਂਸ਼ੂ ਜੈਨ ਨੇ ਲਿਫਟਿੰਗ ਸੰਬੰਧੀ ਹੋਰ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਦਿਨ ਹੀ ਸ਼ਾਮ ਤੱਕ 7002 ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਿਫਟਿੰਗ ਦੀ ਸਮੱਸਿਆ ਨੂੰ ਪੰਜਾਬ ਸਰਕਾਰ ਵੱਲੋਂ ਹੱਲ ਕੀਤਾ ਗਿਆ ਹੈ ਤੇ ਕਿਸਾਨਾਂ ਦੀ ਖਰੀਦ ਕੀਤੀ ਜਿਣਸ ਦੀ ਲਿਫਟਿੰਗ ਹੁਣ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਤਾਇਨਾਤ ਹੈ ਤੇ ਆਉਂਦੇ ਦਿਨਾਂ ਅੰਦਰ ਮੰਡੀਆਂ ਵਿੱਚੋਂ ਝੋਨੇ ਦੀ ਪੂਰੀ ਲਿਫ਼ਟਿੰਗ ਕਰ ਲਈ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਕਈ ਭਿਆਨਕ ਬਿਮਾਰੀਆਂ ਲੱਗਣ ਦਾ ਖਤਰਾ ਰਹਿੰਦਾ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵੀ ਨੁਕਸਾਨ ਹੁੰਦਾ ਹੈ।