Meeting held by SDM with various departments regarding Republic Day preparations
![Meeting held by SDM with various departments regarding Republic Day preparations](https://cdn.s3waas.gov.in/s3e2c0be24560d78c5e599c2a9c9d0bbd2/uploads/2025/01/2025012150.jpg)
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਐਸਡੀਐਮ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਕੀਤੀ ਬੈਠਕ
21 ਤੋਂ 24 ਜਨਵਰੀ ਤੱਕ ਹੋਣਗੀਆਂ ਨਿਰੰਤਰ ਰਿਹਸਲਾਂ ਤੇ 25 ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ
ਅਨਾਜ ਮੰਡੀ ਸ੍ਰੀ ਚਮਕੌਰ ਸਾਹਿਬ ’ਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ
ਸ੍ਰੀ ਚਮਕੌਰ ਸਾਹਿਬ, 20 ਜਨਵਰੀ: ਗਣਤੰਤਰ ਦਿਵਸ ਮਨਾਉਣ ਸਬੰਧੀ ਅਗੇਤੀਆਂ ਤਿਆਰੀਆਂ ਦੀ ਸਮੀਖਿਆ ਲਈ ਉਪ ਮੰਡਲ ਮੈਜਿਸਟਰੇਟ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਨੇ ਅੱਜ ਆਪਣੇ ਦਫਤਰ ਵਿਖੇ ਇੱਥੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਵਿਭਾਗਾਂ ਨੂੰ ਕਿਹਾ ਕਿ ਹਰੇਕ ਵਿਭਾਗ ਆਪਣੇ ਵਿਭਾਗ ਨਾਲ ਸਬੰਧਤ ਕੰਮ ਸਮਾਂ ਰਹਿੰਦੇ ਮੁਕੰਮਲ ਕਰ ਲਵੇ।
ਉਪ ਮੰਡਲ ਮੈਜਿਸਟਰੇਟ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਦਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਅਨਾਜ ਮੰਡੀ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਸੰਬੰਧੀ ਅੱਜ ਤੋਂ ਰਿਹਸਲਾਂ ਸ਼ੁਰੂ ਹੋ ਜਾਣਗੀਆਂ ਤੇ ਇਹ 22, 23, 24 ਜਨਵਰੀ ਨੂੰ ਹੋਣਗੀਆਂ ਤੇ 25 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ।
ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਗਣਤੰਤਰ ਦਿਹਾੜੇ ਮੌਕੇ ਆਪਣੀ ਡਿਊਟੀ ਤਨਦੇਹੀ ਤੇ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਵੇ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਸਬੰਧਤ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ।
ਇਸ ਮੀਟਿੰਗ ਵਿੱਚ ਤਹਿਸੀਲਦਾਰ ਸ੍ਰੀ ਚਮਕੌਰ ਸਾਹਿਬ ਕਰਮਜੋਤ ਸਿੰਘ, ਐਸ.ਐਮ.ਓ. ਡਾ.ਗੋਬਿੰਦ ਟੰਡਨ, ਬਾਗਬਾਨੀ ਵਿਭਾਗ ਤੋਂ ਚਤਰਜੀਤ ਸਿੰਘ, ਸਿੱਖਿਆ ਵਿਭਾਗ ਤੋਂ ਰਬਿੰਦਰ ਸਿੰਘ ਰੱਬੀ, ਫੂਡ ਸਪਲਾਈ ਵਿਭਾਗ ਤੋਂ ਪਰਮਿੰਦਰ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।