Legal action will be taken against minors using China Door: Pooja Sial Grewal
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ, ਅਫਸਰ
ਚਾਈਨਾ ਡੋਰ ਦੀ ਵਰਤੋਂ ਕਰਨ ਵਾਲੇ ਨਬਾਲਿਗ ਬੱਚਿਆਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ: ਪੂਜਾ ਸਿਆਲ ਗਰੇਵਾਲ
ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵਲੋਂ ਚਾਈਨਾ ਡੋਰ ਦੀ ਵਿਕਰੀ ਖ਼ਿਲਾਫ਼ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ
ਸ਼ੇਖਾ ਮਹੁੱਲਾ, ਮਾਤਾ ਰਾਣੀ ਮਹੁੱਲਾ, ਕਾਲਜ ਰੋਡ ਤੇ ਹੋਰ ਪਤੰਗ ਵਿਕਰੀ ਵਾਲੀ ਥਾਵਾਂ ਸਮੇਤ ਵੱਖ-ਵੱਖ ਘਰਾਂ ਦੀ ਚੈਕਿੰਗ ਕੀਤੀ
ਰੂਪਨਗਰ, 31 ਜਨਵਰੀ: ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਨਗਰ ਕੌਂਸਲ
ਰੂਪਨਗਰ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਟੀਮ ਸਮੇਤ ਅੱਜ ਰੂਪਨਗਰ ਸ਼ਹਿਰ ਦੇ ਸ਼ੇਖਾ ਮਹੁੱਲਾ, ਮਾਤਾ ਰਾਣੀ ਮਹੁੱਲਾ, ਕਾਲਜ ਰੋਡ ਅਤੇ ਹੋਰ ਪਤੰਗ ਤੇ ਡੋਰ ਦੀ ਵਿਕਰੀ ਵਾਲੀ ਥਾਵਾਂ ਸਮੇਤ ਵੱਖ-ਵੱਖ ਘਰਾਂ ਉਤੇ ਚਾਈਨਾ ਡੋਰ ਦੀ ਪਕੜ ਲਈ ਛਾਪੇਮਾਰੀ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚਾਈਨਾ ਡੋਰ ਦਾ ਭੰਡਾਰ ਕਰਨ ਵਾਲਿਆਂ ਤੇ ਵੇਚਣ ਵਾਲਿਆਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ ਅਤੇ ਚਾਈਨਾ ਡੋਰ ਦੀ ਸਪਲਾਈ, ਵੇਚਣ ਜਾਂ ਵਰਤਣ ’ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਲਈ ਵੀ ਜਾਂਚ ਜਾਰੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਤੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ਉਤੇ ਡਰੋਨ ਨਾਲ ਚੈਕਿੰਗ ਕੀਤੀ ਗਈ ਅਤੇ ਇਹ ਮੁਹਿੰਮ ਅੱਗੇ ਵੀ ਇਸੇ ਤਰ੍ਹਾਂ ਜਾਰੀ ਹੋਵੇਗੀ ਅਤੇ ਡਰੋਨ ਦੀ ਮੱਦਦ ਨਾਲ ਚਾਈਨਾ ਡੋਰ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਅੱਜ ਚੈਕਿੰਗ ਦੌਰਾਨ ਟੀਮ ਨੇ ਦੁਕਾਨਦਾਰਾਂ ਅਤੇ ਸਥਾਨਕ ਵਾਸੀਆਂ ਨੂੰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨਾਲ ਹੋਣ ਵਾਲੇ ਖ਼ਤਰਨਾਕ ਪ੍ਰਭਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਅਤੇ ਇਸ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਾਈਨਾ ਡੋਰ ਦੀ ਵਰਤੋਂ ਨਾਲ ਕਈ ਵਾਰ ਕੀਮਤੀ ਜਾਨਾਂ ਗਈਆਂ ਹਨ ਅਤੇ ਅਕਸਰ ਹੀ ਲੋਕ ਜਖਮੀ ਹੋ ਜਾਂਦੇ ਹਨ। ਕਈ ਵਾਰ ਚਾਈਨਾ ਡੋਰ ਨਾਲ ਸੜਕੀ ਹਾਦਸੇ ਵੀ ਵਾਪਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਵਾਰ-ਵਾਰ ਚਾਈਨਾਂ ਡੋਰ ਦੀ ਵਿਕਰੀ ਉਤੇ ਪਾਬੰਦੀ ਅਤੇ ਵਰਤੋਂ ਨਾ ਕਰਨ ਬਾਰੇ ਅਪੀਲ ਕੀਤੀ ਗਈ ਹੈ, ਇਸ ਦੇ ਬਾਵਜੂਦ ਅਜਿਹੀਆਂ ਸ਼ਿਕਾਇਤਾ ਮਿਲਦੀਆਂ ਹਨ ਕਿ ਚਾਈਨਾਂ ਡੋਰ ਦੀ ਵਿਕਰੀ ਤੇ ਵਰਤੋਂ ਹੋ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਜੇਕਰ ਕੋਈ ਚਾਈਨਾ ਡੋਰ ਦੀ ਵਰਤੋਂ ਕਰਦਾ ਹੈ ਉਸ ਦੀ ਜਾਣਕਾਰੀ ਦੇਣ ਉੱਤੇ ਇਨਾਮ ਵੀ ਦਿੱਤਾ ਜਾਵੇਗਾ ਅਤੇ ਜਾਣਕਾਰੀ ਗੁਪਤ ਰੱਖੀ ਜਾਵੇਗੀ।
ਇਸ ਮੌਕੇ ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੀਰ ਦਵਿੰਦਰ ਸਿੰਘ, ਤਹਿਸੀਲਦਾਰ ਅੰਮ੍ਰਿਤਵੀਰ ਸਿੰਘ, ਕਾਰਜ ਸਾਧਕ ਅਫਸਰ ਅਸ਼ੋਕ ਪਾਲ, ਜੇ.ਈ ਪ੍ਰਦੂਸ਼ਣ ਕੰਟਰੋਲ ਬੋਰਡ ਰਵੀ ਕੁਮਾਰ, ਪੁਲਿਸ ਕਰਮੀ ਅਤੇ ਹੋਰ ਕਰਮਚਾਰੀ ਹਾਜ਼ਰ ਸਨ।