ਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀ
ਬਸੰਤ ਪੰਚਮੀ ਦੇ ਤਿਉਹਾਰ ਵਾਲੇ ਦਿਨ ਵੀ ਡਰੋਨ ਰਾਹੀਂ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ
ਆਮ ਲੋਕਾਂ ਨੂੰ ਵੀ ਇਸ ਮੁਹਿੰਮ ‘ਚ ਸਾਥ ਦੇਣ ਦੀ ਕੀਤੀ ਅਪੀਲ
ਰੂਪਨਗਰ, 31 ਜਨਵਰੀ: 2 ਫਰਵਰੀ ਨੂੰ ਮਨਾਏ ਜਾਣ ਵਾਲੇ ਬਸੰਤ ਪੰਚਮੀ ਦੇ ਤਿਉਹਾਰ ਤੇ ਵਰਤੀ ਜਾਂਦੀ ਚਾਈਨਾ ਡੋਰ ਨੂੰ ਨੱਥ ਪਾਉਣ ਲਈ ਰੂਪਨਗਰ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਰੂਪਨਗਰ ਸ. ਰਾਜਪਾਲ ਸਿੰਘ ਗਿੱਲ ਨੇ ਦੱਸਿਆ ਕਿ ਬਸੰਤ ਪੰਚਮੀ ਦੇ ਤਿਉਹਾਰ ਤੱਕ ਨਿਰੰਤਰ ਮੁਹਿੰਮ ਚਲਾਈ ਜਾਵੇਗੀ ਅਤੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਉਤੇ ਡਰੋਨ ਰਾਹੀਂ ਰੱਖੀ ਨਜ਼ਰ ਜਾਵੇਗੀ ਤੇ ਫੜੇ ਜਾਣ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡੀਐੱਸਪੀ ਰੂਪਨਗਰ ਸ. ਰਾਜਪਾਲ ਸਿੰਘ ਗਿੱਲ ਨੇ ਮੀਡੀਆ ਦੇ ਰੁਬਰੂ ਹੁੰਦਿਆਂ ਕਿਹਾ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਉਤੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਚਾਈਨਾ ਡੋਰ ਦੀ ਵਰਤੋਂ ਕਰਨ, ਸਟੋਰ ਕਰਨ ਜਾਂ ਵੇਚਣ ਵਾਲਿਆਂ ਤੇ ਸਖ਼ਤ ਕਾਰਵਾਈ ਕਰਨ ਲਈ ਤਿਆਰ ਬਰ ਤਿਆਰ ਹੈ। ਇਸ ਮੰਤਵ ਲਈ ਡੀਐੱਸਪੀ ਸ.ਰਾਜਪਾਲ ਸਿੰਘ ਗਿੱਲ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਚੈਕਿੰਗ ਕਰਨ ਦੇ ਲਈ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਦੀਆਂ ਵੱਖ- ਵੱਖ ਟੀਮਾਂ ਦਾ ਗਠਨ ਵੀ ਕੀਤਾ।
ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਤੱਕ ਸ਼ਹਿਰ ਵਿੱਚ ਜਿੱਥੇ ਵੀ ਪਤੰਗ ਉੱਡਣਗੇ, ਉੱਥੇ ਹੀ ਡਰੋਨ ਕੈਮਰਿਆਂ ਨਾਲ ਨਿਗਰਾਨੀ ਰੱਖੀ ਜਾਵੇਗੀ ਕਿ ਕੌਣ ਚਾਈਨਾ ਡੋਰ ਇਸਤੇਮਾਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਾ ਬੱਚਾ ਜੇਕਰ ਨਾਬਾਲਿਗ ਪਾਇਆ ਜਾਂਦਾ ਹੈ ਤਾਂ ਉਸਦੇ ਮਾਪਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਡੀਐੱਸਪੀ ਨੇ ਕਿਹਾ ਕਿ ਇਸ ਖਿਲਾਫ ਬਣਦੀਆਂ ਧਰਾਵਾਂ ਦੇ ਨਾਲ ਨਾਲ ਇਰਾਦਾ ਕਤਲ ਦੇ ਮਾਮਲੇ ਵੀ ਦਰਜ ਕੀਤੇ ਜਾਣਗੇ।
ਉਨ੍ਹਾਂ ਆਮ ਲੋਕਾਂ ਨੂੰ ਵੀ ਚਾਈਨਾ ਡੋਰ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ।
ਇਸ ਮੌਕੇ ਐਸਐੱਚਓ ਸ. ਸਿਮਰਨਜੀਤ ਸਿੰਘ ਅਤੇ ਪੁਲਿਸ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।