ਡਿਪਟੀ ਕਮਿਸ਼ਨਰ ਵਲੋਂ ਸਿਵਲ ਸਰਜਨ ਨੂੰ ਨਸ਼ਾ ਛੁਡਾਊ ਕੇਂਦਰਾਂ ‘ਚ ਲੋੜੀਂਦੇ ਸਾਧਾਨਾਂ ਤੇ ਸਟਾਫ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੀ ਹਦਾਇਤ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਵਲੋਂ ਸਿਵਲ ਸਰਜਨ ਨੂੰ ਨਸ਼ਾ ਛੁਡਾਊ ਕੇਂਦਰਾਂ ‘ਚ ਲੋੜੀਂਦੇ ਸਾਧਾਨਾਂ ਤੇ ਸਟਾਫ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੀ ਹਦਾਇਤ
ਐਸ.ਐਸ.ਪੀ. ਵਲੋਂ ਪੁਲਿਸ ਅਫਸਰਾਂ ਨੂੰ ਹਰ ਗੁਪਤ ਸੂਚਨਾ ‘ਤੇ ਤੁਰੰਤ ਕਾਰਵਾਈ ਕਰਨ ਦੇ ਸਖਤ ਹੁਕਮ ਜਾਰੀ
ਐਸ.ਡੀ.ਐਮ ਤੇ ਡੀ.ਐਸ.ਪੀ. ਸੰਯੁਕਤ ਟੀਮ ਬਣਾ ਕੇ 611 ਪੰਚਾਇਤਾਂ ਦੀ ਕਮੇਟੀ ਬਣਾ ਕੇ ਮੁਹਿੰਮ ਚਲਾਉਣਗੇ
ਰੂਪਨਗਰ, 25 ਫ਼ਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਨੇ ਨਸ਼ੇ ਦਾ ਖਾਤਮਾ ਕਰਨ ਲਈ ਵੱਡੀ ਮੁਹਿੰਮ ਅਧੀਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਚ ਨਾਰਕੋ ਕੋਰਡੀਨੈਸ਼ਨ ਸੈਂਟਰ (ਨਕਾਰਡ) ਦੀ ਉੱਚ ਪੱਧਰੀ ਮੀਟਿੰਗ ਕੀਤੀ ਜਿਸ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਤੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਸਮੂਹ ਐਸ.ਡੀ.ਐਮ ਅਤੇ ਡੀ.ਐਸ.ਪੀਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਉਹ ਸੰਯੁਕਤ ਟੀਮ ਵਿਚ ਕੰਮ ਕਰਦੇ ਹੋਏ ਜ਼ਿਲ੍ਹੇ ਦੀਆਂ 611 ਪੰਚਾਇਤਾਂ ਦੀਆਂ ਕਮੇਟੀਆਂ ਬਣਾ ਕੇ ਸਰਵੇਖਣ ਅਤੇ ਜ਼ਮੀਨੀ ਪੱਧਰ ਉਤੇ ਕਾਰਵਾਈ ਕਰਨਗੇ।
ਉਨ੍ਹਾਂ ਕਿਹਾ ਕਿ ਪਿੰਡ ਪੱਧਰ ਤੇ ਕਮੇਟੀਆਂ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗੂਰਕ ਕਰਕੇ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਨੂੰ ਵੇਚਣ ਵਾਲਿਆਂ ਦੀ ਜਾਣਕਾਰੀ ਵੀ ਸਾਂਝੀ ਕਰਨ।
ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਕੀਤੀ ਗਈ ਕਾਰਵਾਈ ਸਮੇਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਬਣਾਈ ਗਈ ਰੂਪ ਰੇਖਾ ਬਾਰੇ ਵਿਸਥਾਰ ਵਿਚ ਮੁਲਾਂਕਣ ਕੀਤਾ ਗਿਆ। ਇਸ ਮੁਹਿੰਮ ਨੂੰ ਹੋਰ ਸਖਤੀ ਤੇ ਠੋਸ ਰੂਪ ਵਿਚ ਲਾਗੂ ਕਰਨ ਲਈ ਸਾਰੇ ਅਧਿਕਾਰੀਆਂ ਨੂੰ ਇਕਜੁੱਟ ਹੋ ਕੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਹੁਕਮ ਦਿੱਤੇ ਗਏ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਸਿਵਲ ਸਰਜਨ ਡਾ. ਤਰਸੇਮ ਸਿੰਘ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਵਿੱਚ ਲੋੜੀਂਦੇ ਉਪਕਰਨਾਂ, ਦਵਾਈਆਂ, ਟੈਸਟਿੰਗ ਕਿੱਟਾਂ ਅਤੇ ਲੋੜੀਂਦੇ ਸਟਾਫ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਸ਼ੇ ਦੀ ਆਦਤ ਤੋਂ ਪੀੜ੍ਹਤ ਮਰੀਜ਼ਾਂ ਵਿਚ ਆਤਮ ਵਿਸ਼ਵਾਸ਼ ਪੈਦਾ ਕਰਨ ਲਈ ਮੈਡੀਕਲ ਅਤੇ ਤਕਨੀਕੀ ਢੰਗ ਨਾਲ ਕੌਸਲਿੰਗ ਦੇ ਸੈਸ਼ਨ ਦਿੱਤੇ ਜਾਣ।
ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਸਿਵਲ ਹਸਪਤਾਲ ਵਿਖੇ ਨਸ਼ਾ ਛਡਾਉ ਕੇਂਦਰ ਵਿਚ ਲੋੜਵੰਦਾਂ ਨੂੰ ਦਾਖਲ ਕਰਕੇ ਮੁਕੰਮਲ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਇਸ ਸਬੰਦੀ ਹਫਤਾਵਾਰ ਪ੍ਰਗਤੀ ਰਿਪੋਰਟ ਉਨ੍ਹਾਂ ਨੂੰ ਹਰ ਸੋਮਵਾਰ ਪੇਸ਼ ਕੀਤੀ ਜਾਵੇ।
ਇਸ ਮੌਕੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਨੇ ਸਿਹਤ ਵਿਭਾਗ ਨੂੰ ਡੋਪ ਟੈਸਟ ਲਈ ਟੈਸਟ ਕਿੱਟਾਂ ਦੀ ਪੂਰਨ ਤੌਰ ਉਤੇ ਭੰਡਾਰ ਕਰਨ ਬਾਰੇ ਕਿਹਾ ਤਾਂ ਜੋ ਗ੍ਰਿਫਤਾਰ ਕੀਤੇ ਗਏ ਹਰ ਮੁਲਜ਼ਮ ਉਤੇ ਬਣਦੀ ਕਾਨੂੰਨੀ ਕਾਰਵਾਈ ਨੂੰ ਨੇਪਰੇ ਚਾੜਿਆ ਜਾ ਸਕੇ।
ਉਨ੍ਹਾਂ ਮੀਟਿੰਗ ਦੌਰਾਨ ਸਮੂਹ ਸੀਨੀਅਰ ਪੁਲਿਸ ਅਧਿਕਾਰੀ ਤੇ ਡੀ.ਐਸ.ਪੀ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਸਬੰਧੀ ਮਿਲਣ ਵਾਲੀ ਕਿਸੇ ਵੀ ਤਰ੍ਹਾਂ ਦੀ ਗੁਪਤ ਸੂਚਨਾ ਉਤੇ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਸਬੰਧਿਤ ਵਿਅਕਤੀਆਂ ਵਿਰੁੱਧ ਬਣਦੀ ਕਾਰਵਾਈ ਤੁਰੰਤ ਅਮਲ ਵਿਚ ਲਿਆਈ ਜਾਵੇ।
ਸੀਨੀਅਰ ਪੁਲੀਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਪੰਜਾਬ ਪੁਲਿਸ ਵੱਲੋਂ ਹੋਰ ਸੈਮੀਨਾਰ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਨਸ਼ਾ ਵੇਚਣ ਵਾਲੇ ਦੋਸ਼ੀਆਂ ਖਿਲਾਫ ਵੱਡੇ ਪੱਧਰ ਉਤੇ ਕਾਰਵਾਈ ਵੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਪ੍ਰਾਪਰਟੀ ਜ਼ਬਤ ਕੀਤੀ ਗਈ ਹੈ ਅਤੇ ਇਹ ਸਿਲਸਿਲਾ ਅੱਗੇ ਵੀ ਇਸੇ ਤਰ੍ਹਾਂ ਜੰਗੀ ਪੱਧਰ ਉਤੇ ਜਾਰੀ ਰਹੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਸ.ਪੀ. ਰਾਜਪਾਲ ਸਿੰਘ ਹੁੰਦਲ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫਸਰ ਜਸਜੀਤ ਸਿੰਘ, ਐਸ.ਡੀ.ਐਮ ਰੂਪਨਗਰ ਸਚਿਨ ਪਾਠਕ, ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐਸ.ਡੀ.ਐਮ ਸ਼੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਸਿਵਲ ਸਰਜਨ ਡਾ. ਤਰਸੇਮ ਸਿੰਘ, ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ, ਜ਼ਿਲ੍ਹਾ ਵਣ ਅਫਸਰ ਹਰਜਿੰਦਰ ਸਿੰਘ, ਜ਼ਿਲ੍ਹਾ ਡਰੱਗ ਕੰਟਰੋਲ ਅਫਸਰ ਹਰਪ੍ਰੀਤ ਕੌਰ, ਜ਼ਿਲ੍ਹੇ ਦੇ ਸਮੂਹ ਡੀ.ਐਸ.ਪੀ ਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।