ਹੀਟ ਵੇਵ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਤੇ ਸਾਫ਼ ਸੁਥਰੇ ਤਰਲ ਪਦਾਰਥ ਪੀਓ: ਡਿਪਟੀ ਕਮਿਸ਼ਨਰ

ਹੀਟ ਵੇਵ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਤੇ ਸਾਫ਼ ਸੁਥਰੇ ਤਰਲ ਪਦਾਰਥ ਪੀਓ: ਡਿਪਟੀ ਕਮਿਸ਼ਨਰ
ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕਾਂ ਨੂੰ ਲੂਅ ਲੱਗਣ ਦਾ ਸਭ ਤੋ ਵਧ ਸੰਭਾਵਨਾ ਹੁੰਦੀ
ਰੂਪਨਗਰ 23 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਲੂਅ ਤੋਂ ਬਚਣ ਲਈ ਜਾਰੀ ਅਡਵਾਈਜ਼ਰੀ ਤਹਿਤ ਵੱਧ ਤੋਂ ਵੱਧ ਪਾਣੀ ਤੇ ਸਾਫ਼ ਸੁਥਰੇ ਤਰਲ ਪਦਾਰਥ ਪੀਣ ਸੰਬੰਧੀ ਸੁਝਾਅ ਦਿੱਤੇ ਗਏ ਹਨ
ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀ ਹੈ। ਜ਼ਿਆਦਾ ਗਰਮੀ ਹੋਣ ’ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਜਾਂ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ’ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੁਅ ਲੱਗ ਹੀ ਨਹੀਂ ਸਕਦੀ ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟ੍ਰੋਕ) ਬਹੁਤ ਖਤਰਨਾਕ ਬਿਮਾਰੀ ਹੈ।
ਉਨ੍ਹਾਂ ਦੱਸਿਆ ਕਿ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ, ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕੀਂ ਇਸ ਦਾ ਜਲਦੀ ਸ਼ਿਕਾਰ ਬਣ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ, ਜਿਸ ਲਈ ਸਿਹਤ ਵਿਭਾਗ ਵਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਯਕੀਨੀ ਕੀਤੀ ਜਾਵੇ।