• Site Map
  • Accessibility Links
  • English
Close

Deputy Commissioner reviews work related to launching Easy Registration System

Publish Date : 13/06/2025
Deputy Commissioner reviews work related to launching Easy Registration System

ਡਿਪਟੀ ਕਮਿਸ਼ਨਰ ਨੇ ਈਜ਼ੀ ਰਜਿਸਟਰੀ ਪ੍ਰਣਾਲੀ ਨੂੰ ਸ਼ੁਰੂ ਕਰਨ ਸੰਬੰਧੀ ਕਾਰਜਾਂ ਦੀ ਸਮੀਖਿਆ ਕੀਤੀ

ਮੋਰਿੰਡਾ, 13 ਜੂਨ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਈਜ਼ੀ ਰਜਿਸਟਰੀ ਪ੍ਰਣਾਲੀ ਨੂੰ ਸ਼ੁਰੂ ਕਰਨ ਸੰਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕਰਨ ਲਈ ਤਹਿਸੀਲ ਮੋਰਿੰਡਾ ਤੇ ਤਹਿਸੀਲ ਸ੍ਰੀ ਚਮਕੌਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਜਲਦ ਜ਼ਿਲ੍ਹਾ ਰੂਪਨਗਰ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਇਸ ਨਾਲ ਪੇਂਡੂ ਪਰਿਵਾਰਾਂ, ਸੀਨੀਅਰ ਨਾਗਰਿਕਾਂ, ਕੰਮਕਾਜ ਵਾਲੇ ਪੇਸ਼ੇਵਰਾਂ ਅਤੇ ਬਾਹਰ ਨਾ ਜਾ ਸਕਣ ਵਾਲਿਆਂ ਨੂੰ ਵੱਡੀ ਸਹੂਲਤ ਮਿਲੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੀਂ ਪ੍ਰਣਾਲੀ ਤਹਿਤ ਲੋਕਾਂ ਨੂੰ ਰਜਿਸਟਰੀ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ, ਪ੍ਰਵਾਨਗੀ, ਅਦਾਇਗੀ ਅਤੇ ਦਫਤਰ ਆਉਣ ਦਾ ਸਮਾਂ ਲੈਣ ਜਿਹੀ ਸਾਰੀ ਜਾਣਕਾਰੀ ਵਟਸਐਪ ਰਾਹੀਂ ਮਿਲਿਆ ਕਰੇਗੀ ਤਾਂ ਕਿ ਉਹ ਪਲ-ਪਲ ਦੀ ਸੂਚਨਾ ਬਾਰੇ ਜਾਣੂੰ ਹੋ ਸਕਣ।

ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਤਹਿਤ 48 ਘੰਟਿਆਂ ਦੇ ਅੰਦਰ ਅਗਾਊਂ ਪੜਤਾਲ ਕਰਨੀ ਹੋਵੇਗੀ ਅਤੇ ਰਜਿਸਟਰੀ ਕਰਵਾਉਣ ਲਈ ਉਡੀਕ ਨਹੀਂ ਕਰਨੀ ਪੇਵਗੀ ਸਗੋਂ ਰਜਿਸਟਰੀ ਪਹਿਲਾਂ ਤੋਂ ਨਿਰਧਾਰਤ ਸਮੇਂ ’ਤੇ ਹੋਵੇਗੀ ਜਿਸ ਨਾਲ ਲੋਕਾਂ ਦਾ ਸਮਾਂ ਬਚੇਗਾ।

ਉਨ੍ਹਾਂ ਦੱਸਿਆ ਕਿ ਨਵੇਂ ਸਿਸਟਮ ਮੁਤਾਬਕ ਜੇਕਰ ਰਜਿਸਟਰੀ ਦੇ ਦਸਤਾਵੇਜ਼ਾਂ ਦੀ ਦਰੁਸਤੀ ਹੋਣੀ ਹੈ ਤਾਂ ਉਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਕਿ ਰਜਿਸਟਰੀ ਵਾਲੇ ਦਿਨ ਮੌਕੇ ਉਤੇ ਅਜਿਹੀ ਕੋਈ ਦਿੱਕਤ ਪੇਸ਼ ਨਾ ਆਵੇ। ਜੇਕਰ ਸਬ-ਰਜਿਸਟਰਾਰ/ਤਹਿਸੀਲਦਾਰ ਦਸਤਵੇਜ਼ਾਂ ਉਤੇ ਕੋਈ ਇਤਰਾਜ਼ ਲਾਉਂਦਾ ਹੈ ਤਾਂ ਸਬੰਧਤ ਵਿਅਕਤੀ ਨੂੰ ਉਸੇ ਵੇਲੇ ਮੋਬਾਈਲ ਸੰਦੇਸ਼ ਜ਼ਰੀਏ ਪਤਾ ਲੱਗ ਜਾਵੇਗਾ। ਉਨ੍ਹਾਂ ਵੱਲੋਂ ਅਤੇ ਐਸ.ਡੀ.ਐਮ. ਇਨ੍ਹਾਂ ਸਾਰੇ ਇਤਰਾਜ਼ਾਂ ਦੀ ਸਚਾਈ ਜਾਣਨ ਲਈ ਘੋਖ ਵੀ ਕਰਨਗੇ।