ਉਚੇਰੀ ਸਿੱਖਿਆ ਦੇ ਐਂਟਰੀ ਕੋਰਸਾਂ ਸੰਬੰਧੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਉਚੇਰੀ ਸਿੱਖਿਆ ਦੇ ਐਂਟਰੀ ਕੋਰਸਾਂ ਸੰਬੰਧੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
ਰੂਪਨਗਰ, 01 ਅਗਸਤ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਵਿੱਦਿਅਕ ਸੈਸ਼ਨ 2025-26 ਦੌਰਾਨ ਐਂਟਰੀ ਕੋਰਸਾਂ ਵਿੱਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਲਈ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਪ੍ਰੇਰਿਤ ਕਰਨਾ ਅਤੇ ਵੱਖ-ਵੱਖ ਗਤੀਵਿਧੀਆਂ ਤੋਂ ਜਾਣੂ ਕਰਵਾਉਣਾ ਸੀ।
ਮੁੱਖ ਮਹਿਮਾਨ ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਵਿੱਚ ਦਾਖਲਾ ਲੈਣ ਦੀ ਵਧਾਈ ਦਿੱਤੀ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਵੀ ਕੀਤਾ। ਪ੍ਰੋਗਰਾਮ ਦੀ ਪ੍ਰਧਾਨਗੀ ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ, ਕਾਲਜ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਐਚ.ਈ.ਆਈ.ਐੱਸ ਸਕੱਤਰ ਪ੍ਰੋ. ਸ਼ਮਿੰਦਰ ਕੌਰ, ਡੀਨ ਵਿਦਿਆਰਥੀ ਭਲਾਈ (ਲੜਕੇ) ਡਾ. ਹਰਮਨਦੀਪ ਸਿੰਘ ਅਤੇ ਡੀਨ. ਵਿਦਿਆਰਥੀ ਭਲਾਈ (ਲੜਕੀਆਂ) ਪ੍ਰੋ. ਨੇਹਾ ਸੇਤੀਆ ਨੇ ਕੀਤੀ।
ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆ ਕਿਹਾ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਨੇ ਘਰੇਲੂ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਦੀ ਸਮਾਂ ਸਾਰਣੀ ਤੇ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ।
ਪ੍ਰੋ. ਅਰਵਿੰਦਰ ਕੌਰ ਨੇ ਪੀ.ਪੀ.ਟੀ ਦੇ ਮਾਧਿਅਮ ਰਾਹੀਂ ਵਿਦਿਆਰਥੀਆਂ ਨੂੰ ਟਾਈਮ ਟੇਬਲ, ਅਕਾਦਮਿਕ ਕੈਲਡਰ, ਕਾਲਜ ਵੈੱਬਸਾਈਟ, ਐਂਟੀ ਰੈਗਿੰਗ ਸੈੱਲ, ਅਨੁਸ਼ਾਸ਼ਨ ਸਬੰਧੀ ਨਿਯਮਾਂ ਤੋਂ ਇਲਾਵਾ ਸਹਿ ਵਿੱਦਿਅਕ ਗਤੀਵਿਧੀਆਂ ਐੱਨ.ਸੀ.ਸੀ/ਐੱਨ.ਐੱਸ,ਐੱਸ/ਕਲਚਰਲ/ਖੇਡਾਂ/ਰੈੱਡ ਰਿੱਬਨ ਕਲੱਬ/ਯੁਵਕ ਸੇਵਾਵਾਂ/ਰੈੱਡ ਕਰਾਸ/ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸਬੰਧੀ ਜਾਣਕਾਰੀ ਦਿੱਤੀ।
ਡਾ. ਨਿਰਮਲ ਸਿੰਘ ਬਰਾੜ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਵੱਖ-ਵੱਖ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰੋ. ਉਪਦੇਸ਼ਦੀਪ ਕੌਰ ਨੇ ਵੱਖ-ਵੱਖ ਚੈਰੀਟੇਬਲ ਟਰੱਸਟ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਨਵੇਂ ਵਿਦਿਆਰਥੀਆਂ ਦੀ ਵਿਭਾਗ ਮੁਖੀਆਂ ਅਤੇ ਸਮੂਹ ਸਟਾਫ ਨਾਲ ਜਾਣ-ਪਛਾਣ ਕਰਵਾਈ ਗਈ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਸਮੂਹ ਸਟਾਫ਼ ਨੇ ਅਹਿਮ ਸਹਿਯੋਗ ਦਿੱਤਾ।