ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਰੈਲੀ ਦਾ ਕੀਤਾ ਗਿਆ ਆਯੋਜਨ

ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਰੈਲੀ ਦਾ ਕੀਤਾ ਗਿਆ ਆਯੋਜਨ
ਸਿਵਲ ਸਰਜਨ ਰੂਪਨਗਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਰੂਪਨਗਰ, 10 ਅਕਤੂਬਰ: ਅੱਜ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਮੌਕੇ ਜ਼ਿਲ੍ਹਾ ਰੂਪਨਗਰ ਵਿਖੇ ਸਿਹਤ ਵਿਭਾਗ ਵੱਲੋਂ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਇਸ ਰੈਲੀ ਦੀ ਸ਼ੁਰੂਆਤ ਸਿਵਲ ਹਸਪਤਾਲ ਰੂਪਨਗਰ ਤੋਂ ਹੋਈ ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਗੁਜ਼ਰਦੀ ਹੋਈ ਵਾਪਸ ਹਸਪਤਾਲ ਵਿੱਚ ਸਮਾਪਤ ਹੋਈ। ਵਿਦਿਆਰਥੀਆਂ ਨੇ “ਮਾਨਸਿਕ ਸਿਹਤ ਤੇ ਧਿਆਨ ਦਿਓ – ਖੁਸ਼ਹਾਲ ਜੀਵਨ ਜੀਓ”, “ਤਣਾਅ ਨਹੀਂ, ਸਮਝੋ ਆਪਣੀ ਮਨ ਦੀ ਗੱਲ”, “ਮਦਦ ਮੰਗਣਾ ਕਮਜ਼ੋਰੀ ਨਹੀਂ” ਵਰਗੇ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ।
ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਸਾਲ ਵਿਸ਼ਵ ਮਾਨਸਿਕ ਸਿਹਤ ਦਿਵਸ ਦਾ ਵਿਸ਼ਾ “ਸੇਵਾਵਾਂ ਤੱਕ ਪਹੁੰਚ – ਆਫ਼ਤਾਂ ਅਤੇ ਐਮਰਜੈਂਸੀ ਵਿੱਚ ਮਾਨਸਿਕ ਸਿਹਤ” ਦੇ ਥੀਮ ਤਹਿਤ ਇਸ ਗੱਲ ਤੇ ਜੋਰ ਦਿੱਤਾ ਜਾ ਰਿਹਾ ਹੈ ਕਿ ਆਫ਼ਤਾਂ, ਹਾਦਸਿਆਂ ਅਤੇ ਐਮਰਜੈਂਸੀ ਸਥਿਤੀਆਂ ਦੇ ਦੌਰਾਨ ਮਨੁੱਖੀ ਜੀਵਨ ‘ਤੇ ਸਿਰਫ਼ ਸਰੀਰਕ ਹੀ ਨਹੀਂ ਸਗੋਂ ਮਾਨਸਿਕ ਪ੍ਰਭਾਵ ਵੀ ਡੂੰਘੇ ਹੁੰਦੇ ਹਨ। ਇਸ ਤਰ੍ਹਾਂ ਦੇ ਸਮੇਂ ਲੋਕ ਡਰ, ਤਣਾਅ, ਚਿੰਤਾ ਅਤੇ ਹੌਸਲੇ ਦੀ ਘਾਟ ਮਹਿਸੂਸ ਕਰਦੇ ਹਨ। ਇਸ ਲਈ ਮਾਨਸਿਕ ਸਿਹਤ ਸੇਵਾਵਾਂ ਤੱਕ ਪਹੁੰਚ ਹਰੇਕ ਮਨੁੱਖ ਦਾ ਅਧਿਕਾਰ ਹੈ ਤੇ ਇਨ੍ਹਾਂ ਨੂੰ ਸਿਹਤ ਪ੍ਰਣਾਲੀ ਦਾ ਅਟੁੱਟ ਹਿੱਸਾ ਬਣਾਉਣਾ ਲਾਜ਼ਮੀ ਹੈ।
ਇਸ ਮੌਕੇ ਡਾ. ਸੁਖਵਿੰਦਰਜੀਤ ਸਿੰਘ ਨੇ ਕਿਹਾ ਕਿ ਮਾਨਸਿਕ ਬਿਮਾਰੀਆਂ ਜਿਵੇਂ ਡਿਪ੍ਰੈਸ਼ਨ, ਐਂਜਾਇਟੀ, ਤਣਾਅ, ਨੀਂਦ ਦੀ ਘਾਟ ਆਦਿ ਆਮ ਹੁੰਦੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਨਾਲ ਜੁੜੀ ਝਿਜਕ ਦੂਰ ਕਰਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਹਰੇਕ ਬਲਾਕ ਹਸਪਤਾਲ ਵਿੱਚ ਮਾਨਸਿਕ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਜਿੱਥੇ ਲੋਕ ਸਲਾਹ ਅਤੇ ਇਲਾਜ ਪ੍ਰਾਪਤ ਕਰ ਸਕਦੇ ਹਨ।
ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਮਾਨਸਿਕ ਤੰਦਰੁਸਤੀ ਲਈ ਸਹੀ ਖੁਰਾਕ, ਨਿਯਮਿਤ ਵਿਆਯਾਮ, ਪਰਿਵਾਰ ਨਾਲ ਸਮਾਂ ਬਿਤਾਉਣਾ ਅਤੇ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਗੱਲ ਕਰਨਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਮਨੋਸਥਿਤੀ ਬਾਰੇ ਸਚੇਤ ਰਹਿਣਾ ਚਾਹੀਦਾ ਹੈ ਤੇ ਜਰੂਰਤ ਪੈਣ ‘ਤੇ ਮਾਹਰ ਦੀ ਸਲਾਹ ਲੈਣੀ ਚਾਹੀਦੀ ਹੈ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਸੀਨੀਅਰ ਮੈਡੀਕਲ ਅਫਸਰ ਡਾ. ਅਮਰਜੀਤ ਸਿੰਘ, ਮਾਨਸਿਕ ਰੋਗਾਂ ਦੇ ਮਾਹਰ ਡਾ. ਪੂਨਮ, ਜ਼ਿਲ੍ਹਾ ਸਮੂਹ ਸਿੱਖਿਆ ਸੂਚਨਾ ਅਫਸਰ ਮੈਡਮ ਗੁਰਮੀਤ ਕੌਰ,
ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਸਿੰਘ, ਸਾਈਕੋਲੋਜਿਸਟ ਮੋਨਿਕਾ ਸੈਣੀ, ਕਾਉਂਸਲਰ ਜਸਜੀਤ ਕੌਰ, ਕਾਉਂਸਲਰ ਪ੍ਰਭਜੋਤ ਕੌਰ, ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ ਅਤੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਮੌਜੂਦ ਸਨ।