ਪਿੰਡ ਬੁੱਢਾ ਭਿਓਰਾ, ਰਸੀਦਪੁਰ, ਸਲਾਹਪੁਰ ਅਤੇ ਹਾਫਿਜ਼ਾਬਾਦ ਵਿਖੇ ਪਰਾਲੀ ਸਾੜਨ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਏ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਪਿੰਡ ਬੁੱਢਾ ਭਿਓਰਾ, ਰਸੀਦਪੁਰ, ਸਲਾਹਪੁਰ ਅਤੇ ਹਾਫਿਜ਼ਾਬਾਦ ਵਿਖੇ ਪਰਾਲੀ ਸਾੜਨ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਏ
ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫ਼ੋਂ ਆਈਏਐੱਸ ਅੰਡਰ ਟ੍ਰੇਨਿੰਗ ਸ਼੍ਰੀ ਅਭਿਮੰਨਿਊ ਮਲਿਕ ਤੇ ਵਿਭਾਗਾਂ ਦੇ ਹੋਰ ਅਧਿਕਾਰੀਆਂ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ
ਸ੍ਰੀ ਚਮਕੌਰ ਸਾਹਿਬ, 17 ਅਕਤੂਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਅੱਜ ਆਈਏਐੱਸ ਅੰਡਰ ਟ੍ਰੇਨਿੰਗ ਸ਼੍ਰੀ ਅਭਿਮੰਨਿਊ ਮਲਿਕ ਦੀ ਪ੍ਰਧਾਨਗੀ ਹੇਠ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਬੁੱਢਾ ਭਿਓਰਾ, ਰਸੀਦਪੁਰ, ਸਲਾਹਪੁਰ ਅਤੇ ਹਾਫਿਜ਼ਾਬਾਦ ਵਿਖੇ ਪਰਾਲੀ ਸਾੜਨ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਏ ਗਏ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਭਿਮੰਨਿਊ ਮਲਿਕ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਖੇਤਾਂ ਦੀ ਉਪਜਾਉ ਤਾਕਤ ਘਟਦੀ ਹੈ, ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਸੜਕਾਂ ‘ਤੇ ਯਾਤਰਾ ਕਰਦੇ ਲੋਕਾਂ ਨੂੰ ਵੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਲਈ ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ ਵਿੱਚ ਹੀ ਵਾਹੁਣ, ਜਿਸ ਨਾਲ ਨਾ ਸਿਰਫ ਖੇਤਾਂ ਦੀ ਉਪਜ ਵੱਧਦੀ ਹੈ ਬਲਕਿ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਬੇਲਰਾਂ ਰਾਹੀਂ ਪਰਾਲੀ ਦੇ ਗੱਠ ਤਿਆਰ ਕਰਵਾ ਸਕਦੇ ਹਨ, ਜੋ ਪਸ਼ੂਆਂ ਲਈ ਚਾਰੇ ਵਜੋਂ ਵਰਤੀ ਜਾ ਸਕਦੀ ਹੈ।
ਸ਼੍ਰੀ ਅਭਿਮੰਨਿਊ ਮਲਿਕ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਖੇਤੀਬਾੜੀ ਵਿਭਾਗ ਵੱਲੋਂ ਸੁਪਰਸੀਡਰ, ਬੇਲਰ ਆਦਿ ਸਬਸਿਡੀ ਵਾਲੀਆਂ ਮਸ਼ੀਨਾਂ ਮੌਜੂਦ ਹਨ ਅਤੇ ਮਸ਼ੀਨ ਮਾਲਕਾਂ ਨਾਲ ਸਮੇਂ-ਸਮੇਂ ‘ਤੇ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਸਹੂਲਤ ਮਿਲ ਸਕੇ।
ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਝੋਨੇ ਦੀ ਕਟਾਈ ਸਮੇਂ ਅਨੁਸਾਰ ਹੀ ਕੀਤੀ ਜਾਵੇ ਅਤੇ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਨਾ ਲੈ ਕੇ ਆਇਆ ਜਾਵੇ, ਤਾਂ ਜੋ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਬੀ.ਡੀ.ਪੀ.ਓ. ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਮਾਲ ਵਿਭਾਗ ਅਤੇ ਕੋਆਪਰੇਟਿਵ ਵਿਭਾਗ ਦੇ ਅਧਿਕਾਰੀਆਂ ਨੇ ਇਨ੍ਹਾਂ ਕੈਂਪਾਂ ਵਿੱਚ ਹਾਜ਼ਰੀ ਭਰੀ ਅਤੇ ਕਿਸਾਨਾਂ ਨੂੰ ਰਹਿਨੁਮਾਈ ਪ੍ਰਦਾਨ ਕੀਤੀ।