As part of the war on drugs campaign, 6000 VDC members will be given two-day training on November 6 and 7.
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 6000 ਵੀ ਡੀ ਸੀ ਮੈਂਬਰਾਂ ਨੂੰ 6 ਤੇ 7 ਨਵੰਬਰ ਨੂੰ ਦੋ ਰੋਜ਼ਾ ਟ੍ਰੇਨਿੰਗ ਦਿੱਤੀ ਜਾਵੇਗੀ
ਰੂਪਨਗਰ, 29 ਅਕਤੂਬਰ: ਹਲਕਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਰੂਪਨਗਰ ਹਲਕੇ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਲਗਭਗ 6000 ਮੈਂਬਰਾਂ ਨੂੰ 6 ਤੇ 7 ਨਵੰਬਰ ਨੂੰ ਦੋ ਰੋਜ਼ਾ ਟ੍ਰੇਨਿੰਗ ਦਿੱਤੀ ਜਾਵੇਗੀ ਜਿਸ ਵਿੱਚ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਹਲਕਾ ਵਿਧਾਇਕ, ਪੁਲਿਸ ਵਿਭਾਗ, ਪਿੰਡਾਂ ਦੇ ਸਰਪੰਚ ਤੇ ਹੋਰ ਮੋਹਤਬਰ ਵੀ ਸ਼ਾਮਿਲ ਹੋਣਗੇ।
ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ ਤੇ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੇਂਡੂ/ਵਾਰਡ ਸੁਰੱਖਿਆ ਕਮੇਟੀ ਦੇ ਨੁਮਾਇੰਦਿਆਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸਾਂਝੀ ਮੀਟਿੰਗ ਦੀ ਅਗਵਾਈ ਕਰਦਿਆਂ
ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 2 ਰੋਜ਼ਾ ਸਿਖਲਾਈ ਦੌਰਾਨ 6000 ਮੈਂਬਰਾਂ ਨੂੰ ਦੱਸਿਆ ਜਾਵੇਗਾ ਕਿ ਆਪਣੇ ਸੰਬੰਧਤ ਇਲਾਕਿਆਂ ਵਿੱਚ ਨਸ਼ਿਆਂ ਉੱਤੇ ਮੁਕੰਮਲ ਤੌਰ ਨਾਲ ਕਿਵੇ ਕਾਬੂ ਪਾਉਣਾ ਹੈ ਤੇ ਨਸ਼ਾ ਪੀੜਤਾਂ ਨੂੰ ਇਲਾਜ ਸੇਵਾਵਾਂ ਮੁਹਈਆ ਕਰਵਾਉਣ ਸੰਬੰਧੀ ਕਿਵੇਂ ਨੀਤੀਗਤ ਤਰੀਕੇ ਨਾਲ ਕੰਮ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿੱਚ ਕਾਮਯਾਬ ਰਹੀ ਹੈ ਤਾਂ ਜੋ ਸੂਬੇ ਨੂੰ ਮੁੜ ਹੱਸਦਾ-ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਦੇ ਰਾਹ ਪਾਇਆ ਜਾ ਸਕੇ ਅਤੇ ਇਹ ਕਾਰਵਾਈ ਨਿਰੰਤਰ ਜਾਰੀ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਵਿਲੇਜ/ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਚਲਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਰੂਪਨਗਰ ਜ਼ਿਲ੍ਹਾ ਮੋਹਰੀ ਭੂਮਿਕਾ ਨਿਭਾਵੇ।
ਐੱਸਐੱਸਪੀ ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਸੀ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਸਿਵਲ,ਪੁਲਿਸ ਪ੍ਰਸ਼ਾਸਨ ਅਤੇ ਲੋਕਾਂ ਦੇ ਸਾਂਝੇ ਉਪਰਾਲੇ ਨਾਲ ਹੀ ਨਸ਼ਾ ਮੁਕਤ ਸੂਬੇ ਦਾ ਸੁਪਨਾ ਸੰਭਵ ਹੋ ਸਕਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਨੈਤਿਕ ਅਤੇ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਅੱਗੇ ਆਉਣਾ ਚਾਹੀਦਾ ਹੈ।
ਨਸ਼ਾ ਮੁਕਤੀ ਮੋਰਚਾ ਮਾਲਵਾ ਜੋਨ ਦੇ ਕੋਆਰਡੀਨੇਟਰ ਸ਼੍ਰੀਮਤੀ ਅਨੂੰ ਬੱਬਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਚ ਸ਼ਾਮਲ ਕਰਨਾ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਮੇਤ ਭਾਈਚਾਰਕ ਪੱਧਰ ‘ਤੇ ਚੌਕਸੀ ਲਈ ਪਿੰਡ ਪੱਧਰ ‘ਤੇ ਲੋਕਾਂ ਨੂੰ ਲਾਮਬੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਵਿਲੇਜ/ਵਾਰਡ ਡਿਫੈਂਸ ਕਮੇਟੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਗੀਆਂ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ ਅਭਿਮੰਨਿਊ ਮਲਿਕ, ਜ਼ਿਲ੍ਹੇ ਦੇ ਸਮੂਹ ਐਸਡੀਐਮਜ਼, ਡੀਐਸਪੀਜ਼, ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਕਾਹਲੋਂ, ਹਲਕਾ ਰੂਪਨਗਰ ਤੋਂ ਕੋਆਰਡੀਨੇਟਰ ਅਵਤਾਰ ਸਿੰਘ ਕੁੰਨਰ, ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕੋਆਰਡੀਨੇਟਰ ਹਿਤੇਸ਼ ਸ਼ਰਮਾ, ਸਮੂਹ ਬਲਾਕ ਕੋਆਰਡੀਨੇਟਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।