ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 5 ਬੱਸਾਂ ਦੇ ਚਲਾਨ ਅਤੇ 1 ਬੱਸ ਜ਼ਬਤ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 5 ਬੱਸਾਂ ਦੇ ਚਲਾਨ ਅਤੇ 1 ਬੱਸ ਜ਼ਬਤ
ਰੂਪਨਗਰ, 29 ਅਕਤੂਬਰ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ, ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਵਰਜੀਤ ਵਾਲੀਆ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਇਸ ਦੌਰਾਨ ਹੋਲੀ ਐਂਜਲ ਕਾਨਵੈਂਟ ਸਕੂਲ ਭਰਤਗੜ੍ਹ ਅਤੇ ਗੁਰੂ ਰਾਮ ਰਾਇ ਸਕੂਲ ਭਰਤਗੜ੍ਹ ਦੀਆਂ ਕੁੱਲ 6 ਵੈਨਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਸਹਾਇਕ ਰੀਜਨਲ ਟਰਾਂਸਪੋਰਟ ਅਫਸਰ ਸ੍ਰੀ ਸਰਬਜੀਤ ਸਿੰਘ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ‘ਤੇ 5 ਬੱਸਾਂ ਦੇ ਚਲਾਨ ਕੀਤੇ ਗਏ ਅਤੇ 1 ਬੱਸ ਨੂੰ ਜ਼ਬਤ ਕੀਤਾ ਗਿਆ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰਜਿੰਦਰ ਕੌਰ ਨੇ ਕਿਹਾ ਕਿ ਹਰ ਸਕੂਲ ਵਾਹਨ ਦਾ ਪਾਲਿਸੀ ਅਨੁਸਾਰ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ-ਸਮੇਂ ‘ਤੇ ਆਪਣੀਆਂ ਵਾਹਨਾਂ ਦੀ ਜਾਂਚ ਕਰਦੇ ਰਹਿਣ ਅਤੇ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਕ ਉਨ੍ਹਾਂ ਨੂੰ ਯੋਗ ਬਣਾਉਣ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਸਕੂਲ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਮਨਿੰਦਰ ਕੌਰ, ਮਨਦੀਪ ਸਿੰਘ, ਟ੍ਰੈਫਿਕ ਸੈੱਲ ਤੋਂ ਬਲਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਗੋਪਾਲ ਕ੍ਰਿਸ਼ਨ ਹਾਜ਼ਰ ਸਨ।