Preparations for state-level celebrations dedicated to the 350th martyrdom anniversary of Sri Guru Tegh Bahadur Ji are underway on a war footing – Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ – ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਕੀਤੀ ਚਰਚਾ
ਰੂਪਨਗਰ, 05 ਨਵੰਬਰ: ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਰਾਜ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਮੀਟਿੰਗ ਕੀਤੀ ਗਈ, ਇਸ ਸਬੰਧੀ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਇਕੱਲੇ-ਇਕੱਲੇ ਵਿਸ਼ੇ ਤੇ ਜਾਣਕਾਰੀ ਹਾਸਲ ਕਰਨ ਉਪਰੰਤ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਦਿਹਾੜੇ ਨੂੰ ਸਪਰਪਿਤ ਵੱਖ-ਵੱਖ ਸਮਾਗਮ 25 ਨਵੰਬਰ ਤੱਕ ਜਾਰੀ ਰਹਿਣਗੇ। ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਕੈਬਨਿਟ ਤੇ ਸਾਰੀ ਸਰਕਾਰ ਇਨ੍ਹਾਂ ਸਮਾਗਮਾਂ ਨੂੰ ਇੱਕ ਨਿਮਾਣੇ ਸ਼ਰਧਾਲੂ ਵਜੋਂ ਪੂਰੀ ਅਕੀਦਤ ਤੇ ਸ਼ਰਧਾ ਭਾਵਨਾ ਤੇ ਗੁਰਮਤਿ ਮਰਿਯਾਦਾ ਨਾਲ ਮਨਾਉਣ ਸਮੇਤ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਾਨਾਮੱਤੀ ਸ਼ਹਾਦਤ ਦੇ 350 ਸਾਲਾ ਦਿਹਾੜੇ ਸਮੇਤ ਭਾਈ ਜੈਤਾ ਜੀ ਤੇ ਭਾਈ ਲੱਖੀ ਸ਼ਾਹ ਵਣਜਾਰੇ ਦੀ ਯਾਦ ਨੂੰ ਵੀ ਪੂਰੀ ਧਾਰਮਿਕ ਮਾਣ-ਮਰਿਆਦਾ ਤੇ ਸ਼ਰਧਾ ਸਤਿਕਾਰ ਨਾਲ ਮਨਾਏਗੀ।
ਉਨ੍ਹਾਂ ਕਿਹਾ ਕਿ ਇਸ ਲਈ ਸਮੁੱਚੇ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਇੱਕ ਸ਼ਰਧਾਲੂ ਦੀ ਤਰ੍ਹਾਂ ਨਿਭਾਉਣ ਕਿਉਂਕਿ ਸਾਡੇ ਲਈ ਇਹ ਬਹੁਤ ਭਾਗਾਂ ਵਾਲਾ ਸੁਨਹਿਰੀ ਮੌਕਾ ਹੈ ਜਦੋਂ ਅਸੀਂ 350 ਸਾਲਾ ਸ਼ਤਾਬਦੀ ਸਮਾਗਮ ਮਨਾ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਸ਼ਹਾਦਤ ਤੇ ਧਾਰਮਿਕ ਵਿਰਾਸਤ ਨੂੰ ਸਨਮਾਨ ਦੇਣ ਜਾ ਰਹੇ ਹਾਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀ ਮਿਲਦੀ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕੇ ਹਨ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ ਅਭਿਮੰਨਿਊ ਮਲਿਕ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਐੱਸਪੀ ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ, ਡੀਐਸਪੀ ਨੰਗਲ ਹਰਕੀਰਤ ਸਿੰਘ, ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਰਸ਼ਿਮ ਵਰਮਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਲੇਖ ਰਾਜ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ ਅਤੇ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।