ਬੰਦ ਕਰੋ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ

ਪ੍ਰਕਾਸ਼ਨ ਦੀ ਮਿਤੀ : 26/01/2026
Cabinet Minister Tarunpreet Singh Saund hoisted the national tricolor at Rupnagar on the occasion of 77th Republic Day.

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 77ਵੇਂ ਗਣਤੰਤਰ ਦਿਵਸ ਮੌਕੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ

ਮੁੱਖ ਮਹਿਮਾਨ ਨੇ ਸਮਾਗਮਾਂ ‘ਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਸਕੂਲਾਂ ਨੂੰ ਛੁੱਟੀ ਘੋਸ਼ਿਤ ਕੀਤੀ

ਸਿਹਤ ਦੇ ਖੇਤਰ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ

ਸ਼ਾਨਦਾਰ ਪਰੇਡ ਅਤੇ ਮਾਰਚ ਪਾਸਟ ਰਹੇ ਖਿੱਚ ਦਾ ਕੇਂਦਰ

ਸਕੂਲੀ ਬੱਚਿਆਂ ਨੇ ਪੇਸ਼ ਕੀਤੀਆਂ ਸੱਭਿਆਚਾਰਕ ਵੰਨਗੀਆਂ

ਰੂਪਨਗਰ, 26 ਜਨਵਰੀ: 77ਵੇਂ ਗਣਤੰਤਰ ਦਿਵਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ, ਜਿਸ ਉਪਰੰਤ ਪਰੇਡ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡਚਲਵਾਲ ਅਤੇ ਸੀਨੀਅਰ ਪੁਲਿਸ ਕਪਤਾਨ ਸ. ਮਨਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਐਸਕੌਰਟ ਕਰਕੇ ਲਿਜਾਇਆ ਗਿਆ।

ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਆਜ਼ਾਦੀ ਹਾਸਲ ਕਰਕੇ ਸੰਵਿਧਾਨ ਬਣਾਉਣ ਦੇ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ।

ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਤੇ ਗੌਰਵਮਈ ਦਿਨ ਹੈ। ਉਨ੍ਹਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਵੀਰਾਂ ਨੂੰ ਵੀ ਵਧਾਈ ਦਿਤੀ ਜੋ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ।

ਅਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਕੌਮੀ ਆਜ਼ਾਦੀ ਦੀ ਲਹਿਰ ਵਿੱਚ 80 ਫੀਸਦੀ ਕੁਰਬਾਨੀਆਂ ਇਕੱਲੇ ਪੰਜਾਬੀਆਂ ਨੇ ਦਿੱਤੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਸ ਰੰਗਲੇ ਪੰਜਾਬ ਦਾ ਸੁਪਨਾ ਸਾਡੇ ਸ਼ਹੀਦਾਂ ਨੇ ਦੇਖਿਆ ਸੀ, ਉਸ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਤੋਂ ਇਲਾਵਾ, ਸਰਕਾਰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਹਤ, ਸਿੱਖਿਆ, ਰੁਜ਼ਗਾਰ, ਵਾਤਾਵਰਣ, ਉਦਯੋਗਿਕ ਅਤੇ ਹੋਰ ਪ੍ਰਮੁੱਖ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।

ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਦੇਸ਼ ਲਈ ਆਪਣਾ ਪਿਆਰ ਨਿਛਾਵਰ ਕਰਨ ਵਾਲੇ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਜੋਸ਼ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਰਾਜ ਅਤੇ ਦੇਸ਼ ਪ੍ਰਤੀ ਫਰਜ਼ਾਂ ਵੱਲ ਧਿਆਨ ਦੇਣ।

ਇਸ ਮੌਕੇ ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਸਿਹਤ ਦੇ ਖੇਤਰ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ ਜਿਸ ਤਹਿਤ ਸਾਰੇ ਪੰਜਾਬ ਵਾਸੀ ਆਪਣਾ ਇਲਾਜ ਕਰਵਾ ਸਕਣਗੇ। ਸਿੱਖਿਆ ਦੇ ਖੇਤਰ ਵਿੱਚ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਆਈ.ਟੀ.ਆਈਜ਼ ਵਿੱਚ ਸੀਟਾਂ ਵਧਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 300 ਯੂਨਿਟ ਮੁਫ਼ਤ ਬਿਜਲੀ ਸਦਕਾ 90 ਫੀਸਦੀ ਘਰਾਂ ਦਾ ਬਿੱਲ ਜ਼ੀਰੋ ਆ ਰਿਹਾ ਹੈ।

ਇਸ ਮੌਕੇ ਡੀ.ਐਸ.ਪੀ. ਸ਼੍ਰੀ ਜਤਿੰਦਰ ਚੌਹਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਅਤੇ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਅਤੇ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਲੋਂ ਜ਼ਿਲ੍ਹਾ ਰੂਪਨਗਰ ਵਿੱਚ ਹੋਏ ਸਮਾਗਮਾਂ ਵਿੱਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ।

ਇਸ ਮੌਕੇ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰਜੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਮੁੱਖ ਮੰਤਰੀ ਫੀਲਡ ਅਫਸਰ ਸ਼੍ਰੀ ਅਭਿਮੰਨਿਊ ਮਲਿਕ, ਐੱਸਪੀ ਸ਼੍ਰੀ ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਪਾਲ ਸਿੰਘ ਸੋਮਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮੋਹਿਤ ਬਾਂਸਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਪ੍ਰਤਿਮਾ ਅਰੋੜਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ. ਪੁਸ਼ਪਿੰਦਰ ਸਿੰਘ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਡਾ. ਮੋਨੀਕਾ ਗੋਇਲ, ਸਿਵਿਲ ਜੱਜ ਸੀਨੀਅਰ ਡਵੀਜ਼ਨ ਸ੍ਰੀ ਅਸ਼ੀਸ਼ ਠਠਈ, ਚੀਫ਼ ਜੁਡੀਸ਼ਲ ਮੈਜਿਟਰੇਟ ਕਮ ਵਧੀਕ ਸਿਵਿਲ ਜੱਜ (ਸੀਨੀਅਰ ਡਵੀਜ਼ਨ) ਡਾ. ਸੁਖਵਿੰਦਰ ਸਿੰਘ, ਜ਼ਿਲ੍ਹਾ ਕਨੂੰਨੀ ਸਰਵਿਸਜ਼ ਅਥਾਰਟੀ/ ਸਿਵਿਲ ਜੱਜ (ਸੀਨੀਅਰ ਡਵੀਜ਼ਨ) ਸ਼੍ਰੀਮਤੀ ਅਮਨਦੀਪ ਕੌਰ, ਵਧੀਕ ਸਿਵਿਲ ਜੱਜ (ਸਿਵਿਲ ਡਵੀਜ਼ਨ) ਕਮ ਜੁਡੀਸ਼ਲ ਮੈਜਿਸਟ੍ਰੇਟ ਫਸਟ ਕਲਾਸ ਸ. ਜਗਮੀਤ ਸਿੰਘ, ਸਿਵਿਲ ਜੱਜ (ਜੂਨੀਅਰ ਡਵੀਜ਼ਨ) ਮਿਸ ਜੋਸ਼ਿਕਾ ਸੂਦ, ਸਿਵਿਲ ਜੱਜ (ਜੂਨੀਅਰ ਡਵੀਜ਼ਨ) ਡਾ. ਸੀਮਾ ਅਗਨੀਹੋਤਰੀ, ਸਿਵਿਲ ਜੱਜ ਜੂਨੀਅਰ ਡਵੀਜ਼ਨ ਮਿਸ ਅਨੰਨਿਆ ਰਿਸ਼ੀ, ਸਿਵਿਲ ਜੱਜ ਜੂਨੀਅਰ ਡਵੀਜ਼ਨ ਮਿਸ ਕਾਮਿਨੀ, ਸਿਵਿਲ ਜੱਜ ਜੂਨੀਅਰ ਡਵੀਜ਼ਨ ਮਿਸ ਮਨੀਸ਼ਾ, ਐੱਸਪੀ ਸ. ਗੁਰਦੀਪ ਸਿੰਘ ਗੋਸਲ, ਐਸਡੀਐਮ ਰੂਪਨਗਰ ਸ. ਬਲਜਿੰਦਰ ਸਿੰਘ ਢਿੱਲੋਂ, ਚੇਅਰਮੈਨ ਇੰਪਰੁਵਮੇਂਟ ਟਰੱਸਟ ਰੂਪਨਗਰ ਸ਼੍ਰੀ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਸ. ਕਮਿੱਕਰ ਸਿੰਘ ਡਾਢੀ, ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ ਸ. ਭਾਗ ਸਿੰਘ ਮਦਾਨ, ਤਹਿਸੀਲਦਾਰ ਸ. ਹਰਸਿਮਰਨ ਸਿੰਘ, ਸਿਵਲ ਸਰਜਨ ਡਾ. ਨਵਰੂਪ ਕੌਰ, , ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਤੇ ਕਰਮਚਾਰੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।