Deputy Commissioner reviewed the work of the District Health Society
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮਾਂ ਦੀ ਕੀਤੀ ਗਈ ਸਮੀਖਿਆ
ਜ਼ਿਲ੍ਹੇ ’ਚ ਬਣ ਰਹੇ ਨਵੇਂ 05 ਆਮ ਆਦਮੀ ਕਲੀਨਿਕ ਦੇ ਕੰਮ ਦਾ ਲਿਆ ਜਾਇਜ਼ਾ
ਰੂਪਨਗਰ, 26 ਫਰਵਰੀ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਕੰਮ ਕਾਜ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਨਵੇਂ ਬਣ ਰਹੇ 05 ਆਮ ਆਦਮੀ ਕਲੀਨਿਕਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।
ਉਨ੍ਹਾਂ ਲੋਕ ਨਿਰਮਾਣ ਵਿਭਾਗ ਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਨਵੇਂ ਬਣ ਰਹੇ ਆਮ ਆਦਮੀ ਕਲੀਨਿਕਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਰੂਰੀ ਹੈ ਕਿ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਲੋੜੀਂਦੇ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ 100 ਫੀਸਦੀ ਟੀਕਾਕਰਨ ਯਕੀਨੀ ਬਣਾਉਣ, ਮਾਂ ਅਤੇ ਬਾਲ ਮੌਤ ਦਰ ਘਟਾਉਣ, ਲਿੰਗ ਅਨੁਪਾਤ ਵਿੱਚ ਸੁਧਾਰ ਕਰਨ, ਪਰਿਵਾਰ ਨਿਯੋਜਨ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਅਤੇ ਗਰਭਵਤੀ ਔਰਤਾਂ ਦੇ ਮਾਸਿਕ ਚੈੱਕਅਪ ਅਤੇ ਸੰਸਥਾਗਤ ਜਣੇਪੇ ਨੂੰ ਤਰਜੀਹ ਦੇਣ। ਮਾਹਿਰ ਡਾਕਟਰਾਂ ਦੁਆਰਾ ਉੱਚ-ਜ਼ੋਖਮ ਵਾਲੇ ਮਾਮਲਿਆਂ ਦੀ ਵਿਸ਼ੇਸ਼ ਨਿਗਰਾਨੀ ‘ਤੇ ਵੀ ਜ਼ੋਰ ਦਿੱਤਾ ਗਿਆ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਸਰਕਾਰ ਵੱਲੋਂ ਮਿੱਥੇ ਟੀਚਿਆਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦੀ ਹਦਾਇਤ ਕੀਤੀ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਅਭਿਮੰਨਿਊ ਮਲਿਕ, ਸਿਵਲ ਸਰਜਨ ਡਾ. ਨਵਰੂਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਡੋਲੀ ਸਿੰਗਲਾ, ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫਸਰ ਡਾ. ਅੰਜਲੀ ਚੌਧਰੀ, ਐਸਐਮਓ ਡਾ. ਅਮਰਜੀਤ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।