Wheat procurement arrangements for Rabi season 2026-27 completed – Deputy Commissioner
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਰੱਬੀ ਸੀਜ਼ਨ 2026-27 ਲਈ ਕਣਕ ਖਰੀਦ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ
ਰੂਪਨਗਰ, 27 ਮਾਰਚ: ਆਗਾਮੀ ਰੱਬੀ ਸੀਜ਼ਨ 2026-27 ਦੌਰਾਨ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਪੰਜਾਬ ਵਿੱਚ ਰੱਬੀ ਸੀਜ਼ਨ 2026-27 ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਜਾਣ ਵਾਲੀ ਕਣਕ ਦੀ ਖਰੀਦ ਅਤੇ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਰੂਪਨਗਰ ਵਿੱਚ 24 ਖਰੀਦ ਮੰਡੀਆਂ ਦੇ ਨਾਲ-ਨਾਲ 3 ਆਰਜ਼ੀ ਮੰਡੀ ਯਾਰਡ ਵੀ ਸਥਾਪਿਤ ਕੀਤੇ ਗਏ ਹਨ। ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਾਰਦਾਨੇ ਦੀ ਉਪਲਬਧਤਾ ਸਬੰਧੀ ਵੀ ਖਰੀਦ ਏਜੰਸੀਆਂ ਤੋਂ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਖਰੀਦ ਕੀਤੀ ਜਾਵੇਗੀ ਅਤੇ ਖਰੀਦ ਤੋਂ ਬਾਅਦ 48 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਲਈ ਜ਼ਿਲ੍ਹੇ ਵਿੱਚ ਲੇਬਰ ਅਤੇ ਟਰਾਂਸਪੋਰਟ ਦੇ ਟੈਂਡਰ ਮੁਕੰਮਲ ਹੋ ਚੁੱਕੇ ਹਨ ਅਤੇ ਸਾਰੇ ਸੰਬੰਧਿਤ ਠੇਕੇਦਾਰਾਂ ਨੂੰ ਸੀਜ਼ਨ ਤੋਂ ਪਹਿਲਾਂ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਬਾਹਰੀ ਰਾਜਾਂ ਤੋਂ ਮੰਡੀਆਂ ਵਿੱਚ ਐਮ.ਐਸ.ਪੀ. ‘ਤੇ ਕਣਕ ਵੇਚਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਟਰ-ਸਟੇਟ ਨਾਕਿਆਂ ਅਤੇ ਫਲਾਇੰਗ ਸਕੁਐਡ ਰਾਹੀਂ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਮੰਡੀ ਵਿੱਚ ਸੁੱਕੀ ਹੋਈ ਲੈ ਕੇ ਆਉਣ ਤਾਂ ਜੋ ਬੋਲੀ ਦੀ ਪ੍ਰਕਿਰਿਆ ਤੇਜ਼ੀ ਨਾਲ ਹੋ ਸਕੇ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਰਕਮ ਸਮੇਂ ਸਿਰ ਪ੍ਰਾਪਤ ਹੋ ਸਕੇ।
ਇਸ ਮੀਟਿੰਗ ਵਿੱਚ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐਸਡੀਐਮ ਸ੍ਰੀ ਚਮਕੌਰ ਸਾਹਿਬ ਪਰਦੀਪ ਸਿੰਘ ਬੈਂਸ, ਐਸਡੀਐਮ ਮੋਰਿੰਡਾ ਚੇਤਨ ਬੰਗੜ, ਜ਼ਿਲ੍ਹਾ ਫੂਡ ਸਪਲਾਈ ਅਫਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਮੰਡੀ ਅਫ਼ਸਰ ਰਮਨਦੀਪ ਸਿੰਘ, ਸਰਕਾਰੀ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ, ਟਰਾਂਸਪੋਰਟਰ ਅਤੇ ਲੇਬਰ ਠੇਕੇਦਾਰ ਸ਼ਾਮਲ ਹੋਏ।