Civil Surgeon conducts surprise inspection of various health institutions
ਸਿਵਲ ਸਰਜਨ ਨੇ ਵੱਖ-ਵੱਖ ਸਿਹਤ ਸੰਸਥਾਵਾਂ ਦਾ ਅਚਨਚੇਤ ਨਿਰੀਖਣ ਕੀਤਾ
ਰੂਪਨਗਰ, 01 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਵੱਲੋਂ ਅੱਜ ਸੀਐਚਸੀ ਭਰਤਗੜ੍ਹ, ਆਯੂਸ਼ਮਾਨ ਅਰੋਗਿਆ ਕੇਂਦਰ ਗਰਦਲੇ ਅਤੇ ਸਬ-ਸਿਡਰੀ ਹੈਲਥ ਸੈਂਟਰ ਘਨੌਲੀ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਗੁਣਵੱਤਾ ਅਤੇ ਪ੍ਰਬੰਧਾਂ ਦੀ ਜਾਂਚ ਕਰਨਾ ਸੀ।
ਨਿਰੀਖਣ ਦੌਰਾਨ ਡਾ. ਨਵਰੂਪ ਕੌਰ ਵੱਲੋਂ ਸੀਐਚਸੀ ਭਰਤਗੜ੍ਹ ਦਾ ਦੌਰਾ ਕਰਦਿਆਂ ਉਨ੍ਹਾਂ ਨੇ ਓਪੀਡੀ, ਲੈਬ ਸੇਵਾਵਾਂ, ਦਵਾਈਆਂ ਦੀ ਉਪਲਬਧਤਾ ਅਤੇ ਸਫਾਈ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਮਰੀਜ਼ਾਂ ਦੀ ਸੰਤੁਸ਼ਟੀ ਬਾਰੇ ਪੁੱਛਗਿੱਛ ਕੀਤੀ। ਉਨ੍ਹਾਂ ਨੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨਾਲ ਸੁਚੱਜਾ ਵਤੀਰਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਇਆ ਜਾਵੇ।
ਆਯੂਸ਼ਮਾਨ ਅਰੋਗਿਆ ਕੇਂਦਰ ਗਰਦਲੇ ਦਾ ਨਿਰੀਖਣ ਕਰਦਿਆਂ ਡਾ. ਨਵਰੂਪ ਕੌਰ ਨੇ ਪ੍ਰਾਇਮਰੀ ਸਿਹਤ ਸੇਵਾਵਾਂ, ਮਾਤਾ ਅਤੇ ਬੱਚਾ ਸਿਹਤ ਪ੍ਰੋਗਰਾਮਾਂ, ਟੀਕਾਕਰਨ ਅਤੇ ਨਸ਼ਾ ਮੁਕਤੀ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ।
ਸਬ-ਸਿਡਰੀ ਹੈਲਥ ਸੈਂਟਰ ਘਨੌਲੀ ਵਿਖੇ ਨਿਰੀਖਣ ਦੌਰਾਨ ਉਨ੍ਹਾਂ ਨੇ ਸਟਾਫ ਦੀ ਹਾਜ਼ਰੀ, ਰਿਕਾਰਡ ਮੇਂਟੇਨੈਂਸ ਅਤੇ ਦਵਾਈਆਂ ਦੇ ਸਟਾਕ ਦੀ ਜਾਂਚ ਕੀਤੀ। ਉਨ੍ਹਾਂ ਨੇ ਸਫਾਈ ਅਤੇ ਸੈਨੀਟੇਸ਼ਨ ਪ੍ਰਬੰਧਾਂ ‘ਤੇ ਖਾਸ ਧਿਆਨ ਦੇਣ ਦੀ ਹਦਾਇਤ ਦਿੱਤੀ ਅਤੇ ਕਿਹਾ ਕਿ ਸਿਹਤ ਕੇਂਦਰਾਂ ਦੀ ਸਫਾਈ ਲੋਕਾਂ ਵਿੱਚ ਭਰੋਸਾ ਪੈਦਾ ਕਰਦੀ ਹੈ।
ਡਾ. ਨਵਰੂਪ ਕੌਰ ਨੇ ਦੌਰੇ ਦੌਰਾਨ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਣਵੱਤਾ ਵਾਲੀਆਂ ਅਤੇ ਸਸਤੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਨੇ ਸਾਰੇ ਸਟਾਫ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਅਨੰਦ ਘਈ ਅਤੇ ਹੋਰ ਸਿਹਤ ਕਰਮਚਾਰੀ ਮੌਜੂਦ ਸਨ।