Deputy Commissioner visits grain markets to review arrangements for wheat procurement
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀਆਂ ਦਾ ਦੌਰਾ ਕੀਤਾ
ਕੇਂਦਰ ਵੱਲੋਂ ਭੇਜੀ ਟੀਮ ਨੇ ਰੂਪਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ‘ਚੋਂ ਕੁੱਲ 12 ਜਾਂਚ-ਸੈਂਪਲ ਇੱਕਤਰ ਕੀਤੇ – ਡਿਪਟੀ ਕਮਿਸ਼ਨਰ
ਰੂਪਨਗਰ, 15 ਅਪ੍ਰੈਲ: ਜ਼ਿਲ੍ਹਾ ਰੂਪਨਗਰ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਬਿਨਾਂ ਕਿਸੇ ਰੁਕਾਵਟ ਦੇ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਬੇਲਾ, ਸ੍ਰੀ ਚਮਕੌਰ ਸਾਹਿਬ, ਰਸੂਲਪੁਰ ਅਤੇ ਮੋਰਿੰਡਾ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਮੰਡੀਆਂ ਵਿੱਚ ਪਹੁੰਚ ਰਹੀ ਫਸਲ ਦੀ ਖਰੀਦ, ਲਿਫਟਿੰਗ, ਸਟੋਰੇਜ ਅਤੇ ਕਿਸਾਨਾਂ ਲਈ ਕੀਤੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਵੱਲੋਂ ਮੌਕੇ ‘ਤੇ ਮੌਜੂਦ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਜ਼ ਨੂੰ ਇਨ੍ਹਾਂ ਮੰਡੀਆਂ ਵਿੱਚ ਲਿਫਟਿੰਗ ਦੀ ਰਫਤਾਰ ਹੋਰ ਤੇਜ ਕਰਨ ਲਈ ਹਦਾਇਤ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਮੰਗ ਉੱਤੇ ਭਾਰਤ ਸਰਕਾਰ ਵੱਲੋਂ ਬੀਤੇ ਦਿਨੀ ਪੰਜਾਬ ਭਰ ਵਿੱਚ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਇਸੇ ਸਿਲਸਿਲੇ ਦੇ ਮੱਦੇਨਜ਼ਰ ਖੁਰਾਕ ਵੰਡ ਮੰਤਰਾਲੇ ਵੱਲੋਂ ਭੇਜੀ ਗਈ ਟੀਮ ਵੱਲੋਂ ਰੂਪਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ ਕੁੱਲ 12 ਜਾਂਚ-ਸੈਂਪਲ ਇੱਕਤਰ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਜਾਂਚ ਨਤੀਜਿਆਂ ਤੋਂ ਬਾਅਦ ਸਰਕਾਰ ਵੱਲੋਂ ਕਣਕ ਦੀ ਗੁਣਵੱਤਾ ਦੇ ਮਾਪਦੰਡਾਂ ਵਿੱਚ ਛੋਟ ਦੇਣ ਦੀ ਆਸ ਹੈ, ਜਿਸ ਨਾਲ ਕਿਸਾਨਾ ਦੇ ਨਾਲ-ਨਾਲ ਖਰੀਦ ਏਜੰਸੀਆਂ ਨੂੰ ਵੀ ਰਾਹਤ ਮਿਲੇਗੀ ਅਤੇ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਵਿੱਚ ਹੋਰ ਤੇਜੀ ਆਵੇਗੀ।
ਉਨ੍ਹਾਂ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਖਰੀਦ ਪ੍ਰਕਿਰਿਆ ਨੂੰ ਤੇਜ਼ ਅਤੇ ਪਾਰਦਰਸ਼ੀ ਢੰਗ ਨਾਲ ਅਮਲ ਵਿੱਚ ਲਿਆਂਦਾ ਜਾਵੇ।
ਸ਼੍ਰੀ ਡੇਚਲਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਸ਼ੈੱਡ ਅਤੇ ਬੈਠਕ ਦੀ ਵਧੀਆ ਵਿਵਸਥਾ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਸੰਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਕਣਕ ਦੀ ਅਦਾਇਗੀ ਨਿਰਧਾਰਿਤ ਸਮੇਂ ਅੰਦਰ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਰੱਖੇ ਗਏ ਹਨ ਅਤੇ ਇਸ ਮੌਕੇ ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਫਸਲ ਸੁਕਾ ਕੇ ਲਿਆਂਦੀ ਜਾਵੇ ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਫਸਲ ਦੀ ਕੀਮਤ ਵਸੂਲ ਸਕਣ।