ਬੰਦ ਕਰੋ

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ 26 ਅਪ੍ਰੈਲ ਨੂੰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕੀਰਤਨ ਸਮਾਗਮ ਕਰਵਾਇਆ ਜਾਵੇਗਾ: ਦੀਪਕ ਬਾਲੀ

ਪ੍ਰਕਾਸ਼ਨ ਦੀ ਮਿਤੀ : 20/04/2026
Kirtan Samagam to be held on April 26 at Nehru Stadium, Rupnagar dedicating 650th Prakash Purb of Sri Guru Ravidas Ji: Deepak Bali

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ 26 ਅਪ੍ਰੈਲ ਨੂੰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕੀਰਤਨ ਸਮਾਗਮ ਕਰਵਾਇਆ ਜਾਵੇਗਾ: ਦੀਪਕ ਬਾਲੀ

ਤਿਆਰੀਆਂ ਸਬੰਧੀ ਸਲਾਹਕਾਰ, ਸੈਰ ਸਪਾਟਾ ਵਿਭਾਗ ਪੰਜਾਬ ਨੇ ਹਲਕਾ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਕੀਤੀ ਮੀਟਿੰਗ

ਰੂਪਨਗਰ, 20 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕੀਰਤਨ ਸਮਾਗਮਾਂ ਦੀ ਸ਼ੁਰੂਆਤ ਜ਼ਿਲ੍ਹਾ ਰੂਪਨਗਰ ਤੋਂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਸਲਾਹਕਾਰ, ਸੱਭਿਆਚਾਰ ਅਤੇ ਸੈਰ ਸਪਾਟਾ ਮਾਮਲੇ, ਸ਼੍ਰੀ ਦੀਪਕ ਬਾਲੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਉੱਚ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ, ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਐੱਸਐੱਸਪੀ ਰੂਪਨਗਰ ਸ. ਮਨਿੰਦਰ ਸਿੰਘ ਸਮੇਤ ਸਮੂਹ ਸਬ ਡਵੀਜ਼ਨਲ ਮੈਜਿਸਟਰੇਟ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਮੀਟਿੰਗ ਦੌਰਾਨ ਦੱਸਿਆ ਗਿਆ ਕਿ ਜ਼ਿਲ੍ਹਾ ਪੱਧਰੀ ਕੀਰਤਨ ਦਰਬਾਰ 26 ਅਪ੍ਰੈਲ 2026 (ਐਤਵਾਰ) ਨੂੰ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ਾਮ 5 ਵਜੇ ਤੋਂ 8 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ। ਇਸ ਧਾਰਮਿਕ ਸਮਾਗਮ ਵਿੱਚ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਸੰਤ ਸਮਾਜ ਤੋਂ ਵੀ ਪ੍ਰਮੁੱਖ ਸ਼ਖ਼ਸੀਅਤਾਂ ਪਹੁੰਚਣਗੀਆਂ।

ਮੀਟਿੰਗ ਦੀ ਅਗਵਾਈ ਕਰਦਿਆਂ ਸ਼੍ਰੀ ਦੀਪਕ ਬਾਲੀ ਵੱਲੋਂ ਕਿਹਾ ਗਿਆ ਕਿ ਸਮਾਗਮ ਦੌਰਾਨ ਧਾਰਮਿਕ ਮਰਿਆਦਾ ਅਤੇ ਸੰਵੇਦਨਸ਼ੀਲਤਾਵਾਂ ਦਾ ਪੂਰਾ ਧਿਆਨ ਰੱਖਿਆ ਜਾਵੇ।

ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਹਰ ਜ਼ਿਲ੍ਹੇ ਵਿੱਚ ਮਨਾਏ ਜਾਣਗੇ।

ਉਨ੍ਹਾਂ ਅੱਗੇ ਕਿਹਾ ਕਿ “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਅਤੇ ਅਜਿਹੇ ਸਮਾਨਤਾਵਾਦੀ ਸਮਾਜ ਦੀ ਨੀਂਹ ਰੱਖੀ ਜਿੱਥੇ ਕੋਈ ਵੀ ਦੁਖੀ ਨਾ ਹੋਵੇ।”

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਦੇ ਆਧਾਰ ‘ਤੇ ਸਮਾਜ ਦੀ ਉਸਾਰੀ ਲਈ ਵਚਨਬੱਧ ਹੈ, ਜੋ ਮਨੁੱਖਤਾ ਨੂੰ ਬਰਾਬਰੀ ਵੱਲ ਸੇਧਿਤ ਕਰਦੇ ਰਹਿੰਦੇ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਗਰੀਬਾਂ ਅਤੇ ਪਛੜੇ ਵਰਗ ਦੇ ਲੋਕਾਂ ਲਈ ਮਹਾਨ ਅਧਿਆਤਮਿਕ ਦੂਤ ਅਤੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੈਤਿਕ ਜੀਵਨ ਜਿਉਣ ਦੀ ਸੇਧ ਦਿੱਤੀ।

ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਤਿੰਨ ਵੱਖ-ਵੱਖ ਮੰਚ ਸਥਾਪਿਤ ਕੀਤੇ ਜਾਣਗੇ -ਇੱਕ ਕੇਂਦਰੀ ਮੰਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਲਈ, ਦੂਜਾ ਕੀਰਤਨੀਆਂ ਅਤੇ ਰਾਗੀਆਂ ਲਈ ਅਤੇ ਤੀਜਾ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਤ ਸਮਾਜ ਲਈ।

ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸੁਚਾਰੂ ਅਤੇ ਸ਼ਾਨਦਾਰ ਢੰਗ ਨਾਲ ਕਰਵਾਉਣ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਸੁਰੱਖਿਆ, ਟ੍ਰੈਫਿਕ ਪ੍ਰਬੰਧ, ਸਾਫ਼-ਸੁਥਰਾਈ, ਪੀਣ ਵਾਲੇ ਪਾਣੀ, ਬਿਜਲੀ ਸਪਲਾਈ, ਮੈਡੀਕਲ ਸਹੂਲਤਾਂ ਅਤੇ ਪਾਰਕਿੰਗ ਆਦਿ ਦੇ ਉਚਿਤ ਪ੍ਰਬੰਧ ਕੀਤੇ ਜਾਣ।

ਉਨ੍ਹਾਂ ਇਹ ਵੀ ਕਿਹਾ ਕਿ ਸਮਾਗਮ ਦੌਰਾਨ ਆਉਣ ਵਾਲੀ ਸੰਗਤ ਲਈ ਲੰਗਰ ਦੀ ਵਿਵਸਥਾ, ਬੈਠਣ ਲਈ ਸੁਵਿਧਾਜਨਕ ਪ੍ਰਬੰਧ ਅਤੇ ਸਟੇਜ ਮੈਨੇਜਮੈਂਟ ਨੂੰ ਖਾਸ ਤੌਰ ‘ਤੇ ਤਰਜੀਹ ਦਿੱਤੀ ਜਾਵੇ।

ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਯਾਦਗਾਰ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਸਹਾਇਕ ਕਮਿਸ਼ਨਰ (ਜ) ਪ੍ਰਦੀਪ ਸਿੰਘ ਬੈਂਸ, ਚੇਅਰਮੈਨ ਮਾਰਕੀਟ ਕਮੇਟੀ ਭਾਗ ਸਿੰਘ ਮਦਾਨ, ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ, ਐਕਸੀਅਨ ਸੈਰ ਸਪਾਟਾ ਵਿਭਾਗ ਸੁਰਿੰਦਰਪਾਲ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਐੱਸ.ਐੱਸ. ਭੁੱਲਰ, ਜ਼ਿਲ੍ਹਾ ਫੂਡ ਸਪਲਾਈ ਅਫਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਮੰਡੀ ਅਫ਼ਸਰ ਸੁਰਿੰਦਰਪਾਲ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਡੀਐਸਪੀ ਦੀਪਇੰਦਰ ਸਿੰਘ, ਕਾਰਜ ਸਾਧਕ ਅਫਸਰ ਅਸ਼ੋਕ ਕੁਮਾਰ ਸਮੇਤ ਹੋਰ ਉੱਚ ਅਧਿਕਾਰੀ ਮੌਜੂਦ ਸਨ।