ਜ਼ਿਲ੍ਹੇ ਦੇ ਵੱਧ ਤੋਂ ਵੱਧ ਲੋਕਾਂ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣੇ ਯਕੀਨੀ ਬਣਾਏ ਜਾਣ- ਸਿਵਲ ਸਰਜਨ
ਜ਼ਿਲ੍ਹੇ ਦੇ ਵੱਧ ਤੋਂ ਵੱਧ ਲੋਕਾਂ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣੇ ਯਕੀਨੀ ਬਣਾਏ ਜਾਣ- ਸਿਵਲ ਸਰਜਨ
ਜ਼ਿਲ੍ਹੇ ਦੀਆਂ ਸਮੂਹ ਆਸ਼ਾ ਫੈਸਿਲੀਟੇਟਰਾਂ ਨਾਲ ਕੀਤੀ ਮੀਟਿੰਗ ਰੂਪਨਗਰ, 09 ਮਈ: ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਜ਼ਿਲ੍ਹੇ ਦੀਆਂ ਸਮੂਹ ਆਸ਼ਾ ਫੈਸਿਲੀਟੇਟਰਾਂ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਇੱਕ ਜਰੂਰੀ ਮੀਟਿੰਗ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਵੱਧ ਤੋਂ ਵੱਧ ਲੋਕਾਂ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦੀ ਜਾਣਕਾਰੀ ਪਹੁੰਚਾਉਣਾ ਅਤੇ ਯੋਗ ਲਾਭਪਾਤਰੀਆਂ ਦੇ ਵੱਧ ਤੋਂ ਵੱਧ ਕਾਰਡ ਬਣਵਾਉਣ ਨੂੰ ਯਕੀਨੀ ਬਣਾਉਣਾ ਸੀ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਸਸਤੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਇੱਕ ਮਹੱਤਵਪੂਰਨ ਉਪਰਾਲਾ ਹੈ। ਇਸ ਯੋਜਨਾ ਦਾ ਮਕਸਦ ਹਰ ਲੋੜਵੰਦ ਅਤੇ ਯੋਗ ਪਰਿਵਾਰ ਤੱਕ ਸਿਹਤ ਸੇਵਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਅਤੇ ਆਸ਼ਾ ਫੈਸਿਲੀਟੇਟਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ ਅਤੇ ਪਿੰਡ ਪੱਧਰ ‘ਤੇ ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜੇ ਹੋਣ ਕਾਰਨ ਉਹ ਇਸ ਯੋਜਨਾ ਬਾਰੇ ਲੋਕਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕ ਕਰ ਸਕਦੀਆਂ ਹਨ।
ਉਨ੍ਹਾਂ ਸਮੂਹ ਆਸ਼ਾ ਫੈਸਿਲੀਟੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਰਾਹੀਂ ਘਰ-ਘਰ ਜਾ ਕੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਫਾਇਦਿਆਂ ਬਾਰੇ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਕਾਰਡ ਤੁਰੰਤ ਬਣਵਾਏ ਜਾਣ ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ।
ਡਾ. ਗੁਪਤਾ ਨੇ ਇਹ ਵੀ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਲੋਕਾਂ ਨੂੰ ਇਸ ਸਕੀਮ ਤਹਿਤ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਨੇ ਆਸ਼ਾ ਫੈਸਿਲੀਟੇਟਰਾਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਕਾਰਡ ਬਣਵਾਉਣ ਦੀ ਪ੍ਰਕਿਰਿਆ ਬਾਰੇ ਵੀ ਸਹੀ ਜਾਣਕਾਰੀ ਦੇਣ ਤਾਂ ਜੋ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਬਾਰੇ ਵੀ ਸਮਝਾਇਆ ਗਿਆ। ਇਸ ਮੌਕੇ ਉਨ੍ਹਾਂ ਆਸ਼ਾ ਫੈਸਿਲੀਟੇਟਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਹੋਰ ਵੱਧ ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਉਦੇਸ਼ ਹੈ ਕਿ ਜ਼ਿਲ੍ਹਾ ਰੂਪਨਗਰ ਦਾ ਹਰ ਯੋਗ ਪਰਿਵਾਰ ਇਸ ਯੋਜਨਾ ਦਾ ਲਾਭ ਲਵੇ ਅਤੇ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਇਲਾਜ ਲਈ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।
ਮੀਟਿੰਗ ਦੇ ਅੰਤ ਵਿੱਚ ਸਮੂਹ ਆਸ਼ਾ ਫੈਸਿਲੀਟੇਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਖੇਤਰਾਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੇ ਕਾਰਡ ਬਣਵਾਉਣ ਨੂੰ ਯਕੀਨੀ ਬਣਾਉਣ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਚੌਧਰੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ, ਡਾ. ਸੂਰਯਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰਜ ਰਕੇਸ਼ ਸਿੰਘ ਅਤੇ ਰੀਤੂ, ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ, ਜ਼ਿਲ੍ਹਾ ਆਰਬੀਐਸਕੇ ਕੋਆਰਡੀਨੇਟਰ ਕਿਰਨਦੀਪ ਕੌਰ ਅਤੇ ਗੁਰਮਿੰਦਰ ਸਿੰਘ ਹਾਜ਼ਰ ਸਨ।