ਬੰਦ ਕਰੋ

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਸੋਮਨਾਥ ਆਰੀਆ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ

ਪ੍ਰਕਾਸ਼ਨ ਦੀ ਮਿਤੀ : 23/05/2026
Awareness seminar organized at Somnath Arya School under “War on Drugs Campaign”

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਸੋਮਨਾਥ ਆਰੀਆ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ

ਰੂਪਨਗਰ, 23 ਮਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਦੇ ਤਹਿਤ ਅੱਜ ਸੋਮਨਾਥ ਆਰੀਆ ਸਕੂਲ (ਪਾਠਸ਼ਾਲਾ) ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਸੈਮੀਨਾਰ ਵਿੱਚ ਡੀ-ਐਡੀਕਸ਼ਨ ਕੌਂਸਲਰ ਸ੍ਰੀਮਤੀ ਪ੍ਰਭਜੋਤ ਕੌਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਸੈਮੀਨਾਰ ਦੌਰਾਨ ਉਨ੍ਹਾਂ ਨੇ ਖਾਸ ਤੌਰ ’ਤੇ ਬੱਚਿਆਂ ਅਤੇ ਨੌਜਵਾਨਾਂ ਵਿੱਚ ਮੁੱਢਲੀ ਉਮਰ ਤੋਂ ਵੱਧ ਰਹੇ ਨਸ਼ੇ ਦੇ ਰੁਝਾਨਾਂ ਜਿਵੇਂ ਕਿ ਚੈਨੀ-ਖੈਨੀ, ਕੂਲ ਲਿਪ, ਪਾਨ ਮਸਾਲਾ, ਤੰਬਾਕੂ, ਬੀੜੀ, ਜਰਦਾ ਅਤੇ ਸਿਗਰਟ ਆਦਿ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ਉੱਤੇ ਪੈਣ ਵਾਲੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਪਦਾਰਥ ਸਿਹਤ ਲਈ ਘਾਤਕ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਤੋਂ ਦੂਰ ਰਹਿਣ ਦੀ ਲੋੜ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਚੰਗੀ ਸੰਗਤ ਅਪਣਾਉਣ, ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਹੋਣ ਅਤੇ ਸਮੇਂ ਦਾ ਸਹੀ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ। ਸੈਸ਼ਨ ਦੌਰਾਨ ਮਾਨਸਿਕ ਸਿਹਤ ਨੂੰ ਮਜ਼ਬੂਤ ਬਣਾਉਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੈਡੀਟੇਸ਼ਨ ਅਤੇ ਵੱਖ-ਵੱਖ ਮਨੋਰੰਜਕ ਅਤੇ ਪ੍ਰੇਰਣਾਤਮਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਸਾਰਿਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਇਸ ਮੌਕੇ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ ਮੁਫ਼ਤ ਇਲਾਜ ਅਤੇ ਕੌਂਸਲਿੰਗ ਸਹੂਲਤਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਸਮਾਜ ਵੱਲੋਂ ਸਹਿਯੋਗ ਅਤੇ ਹੌਸਲਾ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਮੁੜ ਸਧਾਰਣ ਜੀਵਨ ਵੱਲ ਵਾਪਸ ਆ ਸਕਣ।

ਸਕੂਲ ਪ੍ਰਬੰਧਕਾਂ ਵੱਲੋਂ ਡੀ-ਐਡੀਕਸ਼ਨ ਕੌਂਸਲਰ ਪ੍ਰਭਜੋਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਵਿੱਚ ਚੰਗੀਆਂ ਆਦਤਾਂ ਵਿਕਸਿਤ ਕਰਨ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ।