Close

Voting for 11 wards of Sri Chamkaur Sahib will be held on May 26 – Aditya Dechalwal

Publish Date : 26/05/2026
Voting for 11 wards of Sri Chamkaur Sahib will be held on May 26 - Aditya Dechalwal

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸ੍ਰੀ ਚਮਕੌਰ ਸਾਹਿਬ ਦੇ 11 ਵਾਰਡਾਂ ਲਈ ਵੋਟਿੰਗ 26 ਮਈ ਨੂੰ ਹੋਵੇਗੀ- ਅਦਿੱਤਿਆ ਡੇਚਲਵਾਲ

ਪੋਲਿੰਗ ਪਾਰਟੀਆਂ ਰਵਾਨਾ, ਪ੍ਰਸ਼ਾਸਨ ਵੱਲੋਂ ਪੂਰੇ ਇੰਤਜ਼ਾਮ- ਡਿਪਟੀ ਕਮਿਸ਼ਨਰ

ਸ੍ਰੀ ਚਮਕੌਰ ਸਾਹਿਬ, 25 ਮਈ: ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ 13 ਵਾਰਡਾਂ ਲਈ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰ ਦਿੱਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਵੱਲੋਂ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 12 ਵਿੱਚ ਪਹਿਲਾਂ ਹੀ ਸਰਬਸੰਮਤੀ ਨਾਲ ਚੋਣ ਹੋ ਚੁੱਕੀ ਹੈ, ਜਦਕਿ ਵਾਰਡ ਨੰਬਰ 4 ਵਿੱਚ ਸਿਰਫ ਇੱਕ ਹੀ ਉਮੀਦਵਾਰ ਮੈਦਾਨ ਵਿੱਚ ਹੋਣ ਕਾਰਨ ਉਥੇ ਵੀ ਚੋਣ ਨਹੀ ਹੋਵੇਗੀ। ਇਸ ਤਰ੍ਹਾਂ ਹੁਣ 26 ਮਈ ਨੂੰ ਕੁੱਲ 11 ਵਾਰਡਾਂ ਵਿੱਚ ਵੋਟਿੰਗ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਲੋਕਤੰਤਰ ਦੀਆਂ ਬੁਨਿਆਦੀ ਅਤੇ ਜ਼ਮੀਨੀ ਪੱਧਰ ਦੀਆਂ ਚੋਣਾਂ ਹੁੰਦੀਆਂ ਹਨ, ਜਿਨ੍ਹਾਂ ਵਿੱਚ ਹਰ ਨਾਗਰਿਕ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੁੰਦੀ ਹੈ।

ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਦੌਰਾਨ ਉਨ੍ਹਾਂ ਨੇ ਚੋਣ ਅਧਿਕਾਰੀਆਂ ਨਾਲ ਵੀ ਮੀਟਿੰਗ ਕਰਕੇ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ।

ਇਸ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ ਨੇ ਦੱਸਿਆ ਕਿ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਆ ਰਹੀਆਂ ਅਚਾਨਕ ਤਬਦੀਲੀਆਂ ਅਤੇ ਗਰਮ ਹਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਪੋਲਿੰਗ ਬੂਥ ‘ਤੇ ਵੋਟਰਾਂ ਲਈ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ। ਪੀਣ ਵਾਲੇ ਪਾਣੀ, ਛਾਂ ਅਤੇ ਬੈਠਣ ਦੀ ਸੁਵਿਧਾ ਯਕੀਨੀ ਬਣਾਈ ਗਈ ਹੈ ਤਾਂ ਜੋ ਕਿਸੇ ਵੀ ਵੋਟਰ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਨੂੰ ਵੀ ਪੂਰੀ ਤਰ੍ਹਾਂ ਅਲਰਟ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਦਾ ਤੁਰੰਤ ਮੁਕਾਬਲਾ ਕੀਤਾ ਜਾ ਸਕੇ। ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਹਰ ਪ੍ਰਬੰਧ ਕੀਤਾ ਗਿਆ ਹੈ।

ਅਧਿਕਾਰੀਆਂ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾ ਕਿਸੇ ਡਰ ਜਾਂ ਲਾਲਚ ਦੇ ਆਪਣੇ ਵੋਟ ਦਾ ਇਸਤੇਮਾਲ ਕਰਨ ਅਤੇ ਲੋਕਤੰਤਰਕ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਸ.ਬੈਂਸ ਨੇ ਦੱਸਿਆ ਕਿ ਰਿਟਰਨਿੰਗ ਅਫਸਰ ਸ.ਅਜੈਬ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਦੀ ਨਿਗਰਾਨੀ ਵਿੱਚ ਇਹ ਚੋਣ ਪ੍ਰਕਿਰਿਆ ਮੁਕੰਮਲ ਹੋਵੇਗੀ।