92 ਵਾਰਡਾਂ ਵਿੱਚ 138 ਪੋਲਿੰਗ ਬੂਥਾਂ ’ਤੇ ਹੋਵੇਗੀ ਵੋਟਿੰਗ, ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਪੁਲਿਸ ਤਾਇਨਾਤ : ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ
92 ਵਾਰਡਾਂ ਵਿੱਚ 138 ਪੋਲਿੰਗ ਬੂਥਾਂ ’ਤੇ ਹੋਵੇਗੀ ਵੋਟਿੰਗ, ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਪੁਲਿਸ ਤਾਇਨਾਤ : ਡਿਪਟੀ ਕਮਿਸ਼ਨਰ
ਸ਼ਾਂਤਮਈ ਅਤੇ ਨਿਰਪੱਖ ਚੋਣਾਂ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਤਿਆਰ : ਐੱਸ.ਐੱਸ.ਪੀ.
ਰੂਪਨਗਰ, 25 ਮਈ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਨੇ ਕਿਹਾ ਕਿ ਅੱਜ 26 ਮਈ 2026 ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ 92 ਵਾਰਡਾਂ ਵਿੱਚ ਚੋਣਾਂ ਹੋ ਰਹੀਆਂ ਹਨ, ਜਿਨ੍ਹਾਂ ਲਈ 138 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਪੋਲਿੰਗ ਪਾਰਟੀਆਂ ਆਪਣੇ-ਆਪਣੇ ਸਥਾਨਾਂ ’ਤੇ ਰਵਾਨਾ ਹੋ ਚੁੱਕੀਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਇਸ ਦੀ ਪੁਸ਼ਟੀ ਵੀ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਵੋਟਿੰਗ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗੀ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ, ਪੰਜਾਬ ਸਰਕਾਰ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਵੋਟਿੰਗ ਦੌਰਾਨ ਪੋਲਿੰਗ ਸਟੇਸ਼ਨਾਂ ਦੇ ਅੰਦਰ ਅਤੇ ਬਾਹਰ ਵੀਡੀਓ ਰਿਕਾਰਡਿੰਗ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਬਣੀ ਰਹੇ।
ਮੀਡੀਆ ਕਰਮੀਆਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੈਲੋ ਕਾਰਡ ਧਾਰਕ ਪੱਤਰਕਾਰਾਂ ਨੂੰ ਰਿਕਾਰਡਿੰਗ ਲਈ ਪੋਲਿੰਗ ਸਟੇਸ਼ਨਾਂ ਦੇ ਅੰਦਰ ਅਤੇ ਬਾਹਰ ਜਾਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਕਿਸੇ ਵਿਸ਼ੇਸ਼ ਕਵਰੇਜ ਲਈ ਲਿਖਤੀ ਮਨਜ਼ੂਰੀ ਪ੍ਰਾਪਤ ਕਰਨੀ ਹੋਵੇਗੀ।
ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਅਮਨ-ਕਾਨੂੰਨ ਦੇ ਮਾਹੌਲ ਵਿੱਚ ਸੰਪੰਨ ਕਰਵਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਵਾਰਡਾਂ ਵਿੱਚ ਵਾਧੂ ਪੁਲਿਸ ਫੋਰਸ ਅਤੇ ਪੈਟਰੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ। ਪਿਛਲੇ ਕਈ ਦਿਨਾਂ ਤੋਂ ਫਲੈਗ ਮਾਰਚ ਵੀ ਕੀਤੇ ਜਾ ਰਹੇ ਹਨ ਅਤੇ ਪੁਲਿਸ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਗਈ ਹੈ। ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ, ਗੈਰਕਾਨੂੰਨੀ ਗਤੀਵਿਧੀ ਜਾਂ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਐੱਸ.ਐੱਸ.ਪੀ. ਨੇ ਦੱਸਿਆ ਕਿ ਪੁਲਿਸ ਦੀਆਂ ਪੈਟਰੋਲਿੰਗ ਪਾਰਟੀਆਂ ਲਗਾਤਾਰ ਸਰਗਰਮ ਹਨ ਅਤੇ ਜਿੱਥੇ ਵੀ ਕੋਈ ਸ਼ਿਕਾਇਤ ਜਾਂ ਜਾਣਕਾਰੀ ਮਿਲਦੀ ਹੈ, ਉੱਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਸ਼ਰਾਬ ਜਾਂ ਹੋਰ ਗਲਤ ਗਤੀਵਿਧੀਆਂ ਸਬੰਧੀ ਮਿਲਣ ਵਾਲੀਆਂ ਸ਼ਿਕਾਇਤਾਂ ’ਤੇ ਤੁਰੰਤ ਮਾਮਲੇ ਦਰਜ ਕੀਤੇ ਜਾ ਰਹੇ ਹਨ ਤਾਂ ਜੋ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣੀ ਰਹੇ।