ਬੰਦ ਕਰੋ

ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਸਮੂਹ ਵਿਭਾਗ ਪਹਿਲਾਂ ਤੋਂ ਹੀ ਮੁਕੰਮਲ ਤਿਆਰੀਆਂ ਯਕੀਨੀ ਬਣਾਉਣ – ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 04/06/2026
All departments should ensure complete preparations in advance to deal with any emergency during the monsoon season - Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਸਮੂਹ ਵਿਭਾਗ ਪਹਿਲਾਂ ਤੋਂ ਹੀ ਮੁਕੰਮਲ ਤਿਆਰੀਆਂ ਯਕੀਨੀ ਬਣਾਉਣ – ਡਿਪਟੀ ਕਮਿਸ਼ਨਰ

ਫਲੱਡ ਸੀਜ਼ਨ ਸਬੰਧੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਰੂਪਨਗਰ, 04 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਆਗਾਮੀ ਮਾਨਸੂਨ ਅਤੇ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ, ਰਾਹਤ ਅਤੇ ਬਚਾਅ ਕਾਰਜਾਂ ਦੀ ਤਿਆਰੀ, ਰਾਹਤ ਕੈਂਪਾਂ ਦੀ ਸਥਾਪਨਾ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਉਪ ਮੰਡਲ ਪੱਧਰ ‘ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕਰਕੇ ਉਨ੍ਹਾਂ ਨੂੰ 24 ਘੰਟੇ ਕਾਰਜਸ਼ੀਲ ਰੱਖਿਆ ਜਾਵੇ ਅਤੇ ਉਨ੍ਹਾਂ ਦੇ ਟੈਲੀਫ਼ੋਨ ਨੰਬਰਾਂ ਦਾ ਵਿਆਪਕ ਪ੍ਰਚਾਰ ਕੀਤਾ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਰਾਜ ਫਲੱਡ ਕੰਟਰੋਲ ਰੂਮ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਹੜ੍ਹ ਰੋਕੂ ਕੰਮਾਂ ਦੀ ਜਾਂਚ, ਮੁਰੰਮਤ ਅਤੇ ਪੁਨਰ ਸਥਾਪਨਾ ਦੇ ਕਾਰਜ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ ਗਿਆ।

ਮੀਟਿੰਗ ਦੌਰਾਨ ਕਿਸ਼ਤੀਆਂ, ਆਊਟ ਬੋਰਡ ਮੋਟਰ ਇੰਜਣਾਂ, ਲਾਈਫ ਜੈਕਟਾਂ ਅਤੇ ਹੋਰ ਬਚਾਅ ਉਪਕਰਨਾਂ ਦੀ ਸਰਵਿਸ ਕਰਵਾ ਕੇ ਉਨ੍ਹਾਂ ਨੂੰ ਹਰ ਵੇਲੇ ਵਰਤੋਂ ਯੋਗ ਹਾਲਤ ਵਿੱਚ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਲੋੜ ਪੈਣ ‘ਤੇ ਤੁਰੰਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਤਿਆਰ ਰਹਿਣ ਅਤੇ ਪੀਣ ਵਾਲੇ ਪਾਣੀ ਵਿੱਚ ਕਲੋਰੀਨੇਸ਼ਨ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਮੂਹ ਸ਼ਹਿਰੀ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ-ਆਪਣੀ ਕਾਰਜ ਯੋਜਨਾ ਤਿਆਰ ਕਰਕੇ ਕੰਮ ਕਰਨ ਅਤੇ ਸ਼ਹਿਰੀ ਖੇਤਰਾਂ ਵਿੱਚ ਵਰਤੇ ਜਾਣ ਵਾਲੀਆਂ ਮਸ਼ੀਨਾਂ ਅਤੇ ਸਾਜ਼ੋ-ਸਾਮਾਨ ਨੂੰ ਹਰ ਸਮੇਂ ਤਿਆਰ ਰੱਖਣ।

ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਪੂਰੀ ਤਿਆਰੀ ਰੱਖਣ ਦੇ ਨਿਰਦੇਸ਼ ਦਿੰਦੇ ਹੋਏ ਸਪੱਸ਼ਟ ਤੌਰ ‘ਤੇ ਕਿਹਾ ਕਿ ਆਮ ਜਨਤਾ ਨੂੰ ਕਿਸੇ ਵੀ ਸਥਿਤੀ ਵਿੱਚ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਆਗਾਮੀ ਮੌਨਸੂਨ ਸੀਜ਼ਨ ਦੌਰਾਨ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐਸ.ਡੀ.ਐਮ. ਮੋਰਿੰਡਾ ਚੇਤਨ ਬੰਗੜ, ਐਸ.ਡੀ.ਐਮ. ਨੰਗਲ ਸਚਿਨ ਪਾਠਕ, ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਡਾ. ਕਿੰਮੀ ਵਨੀਤ ਕੌਰ ਸੇਠੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਮੰਡੀ ਅਫ਼ਸਰ ਸੁਰਿੰਦਰਪਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।