Special voter camps will be set up at polling booths across the district on June 7 – District Election Officer
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
7 ਜੂਨ ਨੂੰ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਵੋਟਰ ਕੈਂਪ – ਜ਼ਿਲ੍ਹਾ ਚੋਣ ਅਫ਼ਸਰ
2003 ਦੀ ਵੋਟਰ ਸੂਚੀ ਨਾਲ ਮੈਪ ਨਾ ਹੋਈਆਂ ਵੋਟਾਂ ਨੂੰ ਮੈਪ ਕਰਵਾਉਣ ਦਾ ਮੌਕਾ, ਸਾਰੇ ਬੀ.ਐੱਲ.ਓ. ਬੂਥਾਂ ਤੇ ਰਹਿਣਗੇ ਹਾਜ਼ਰ
ਰੂਪਨਗਰ, 04 ਜੂਨ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ 7 ਜੂਨ 2026 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹਾ ਰੂਪਨਗਰ ਦੇ ਪੋਲਿੰਗ ਬੂਥਾਂ ਵਿੱਚ ਪ੍ਰੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਤੇ ਅਧਾਰਤ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਨੂੰ ਬਿਲਕੁਲ ਸਹੀ ਤੇ ਅੱਪਡੇਟ ਕਰਨ ਲਈ ਚਲਾਈ ਜਾ ਰਹੀ ਇਸ ਵਿਸ਼ੇਸ ਮੁਹਿੰਮ ਤਹਿਤ ਸਾਰੇ ਬੂਥ ਲੈਵਲ ਅਫਸਰ (ਬੀ.ਐਲ.ਓ) 7 ਜੂਨ ਨੂੰ ਆਪੋ-ਆਪਣੇ ਬੂਥਾਂ ਤੇ ਮੌਜੂਦ ਰਹਿਣਗੇ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼, ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਕੰਮਾਂ ਨੂੰ ਹੋਰ ਪਾਰਦਰਸ਼ੀ, ਤਰੁੱਟੀ ਰਹਿਤ ਤੇ ਸੁਖਾਲਾ ਬਣਾਉਣਾ ਹੈ, ਜਿਹੜੇ ਵੋਟਰਾਂ ਦੀ ਵੋਟ ਸਾਲ 2003 ਦੀ ਵੋਟਰ ਸੂਚੀ ਨਾਲ ਅਜੇ ਤੱਕ ਮੈਪ ਨਹੀ ਹੋਈ, ਉਹ ਵੋਟਰ ਇਸ ਵਿਸ਼ੇਸ ਕੈਂਪ ਵਿੱਚ ਆਪਣੀ ਵੋਟ ਮੈਪ ਕਰਵਾ ਲੈਣ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪਹਿਲਾਂ ਜਾਰੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਸ਼ਡਿਊਲ ਵਿੱਚ ਸੋਧ ਕੀਤੀ ਗਈ ਹੈ, ਜਿਸ ਤਹਿਤ ਹੁਣ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 31 ਜੁਲਾਈ ਦੀ ਥਾਂ ਤੇ 3 ਅਗਸਤ 2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਤੇ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ।
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਬਾਕੀ ਸ਼ਡਿਊਲ ਉਸੇ ਤਰ੍ਹਾਂ ਹੀ ਜਾਰੀ ਰਹੇਗਾ ਜਿਸ ਤਹਿਤ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫਸਰ ਘਰ-ਘਰ ਜਾ ਕੇ ਵੋਟਰਾਂ ਨੂੰ ਇਨੁਮੀਰੇਸ਼ਨ ਫਾਰਮ ਦੀ ਵੰਡ ਕਰਨਗੇ ਤੇ ਸਬੰਧਤ ਵੋਟਰ ਪਾਸੋਂ ਲੋੜੀਂਦੀ ਜਾਣਕਾਰੀ ਇਕੱਤਰ ਕਰਨਗੇ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫਸਰ ਵੱਲੋਂ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਇਸ ਮੁਹਿੰਮ ਵਿੱਚ ਬੀ.ਐੱਲ.ਓਜ ਦਾ ਵੱਧ ਚੜ੍ਹ ਕੇ ਸਹਿਯੋਗ ਕੀਤਾ ਜਾਵੇ।