ਬੰਦ ਕਰੋ

ਆਧੁਨਿਕ ਖੇਤੀ ਤਕਨੀਕਾਂ ਅਪਣਾ ਕੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨੀ ਸਮੇਂ ਦੀ ਲੋੜ – ਡਾ. ਐਚ.ਪੀ.ਐਸ. ਭਰੋਤ

ਪ੍ਰਕਾਸ਼ਨ ਦੀ ਮਿਤੀ : 07/06/2026
Conservation of natural resources by adopting modern agricultural techniques is the need of the hour - Dr. H.P.S. Bharot

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਆਧੁਨਿਕ ਖੇਤੀ ਤਕਨੀਕਾਂ ਅਪਣਾ ਕੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨੀ ਸਮੇਂ ਦੀ ਲੋੜ – ਡਾ. ਐਚ.ਪੀ.ਐਸ. ਭਰੋਤ

ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਅਤੇ ਬਲਾਕ ਪੱਧਰ ’ਤੇ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਨਵੀਨਤਮ ਖੇਤੀ ਨੁਕਤਿਆਂ ਬਾਰੇ ਕੀਤਾ ਗਿਆ ਜਾਗਰੂਕ

ਰੂਪਨਗਰ, 07 ਜੂਨ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਰੂਪਨਗਰ ਵੱਲੋਂ ਵੱਖ-ਵੱਖ ਪਿੰਡਾਂ ਅਤੇ ਬਲਾਕ ਪੱਧਰ ’ਤੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਅਤੇ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿਖਲਾਈ ਅਫ਼ਸਰ, ਰੂਪਨਗਰ ਡਾ. ਐਚ.ਪੀ.ਐਸ. ਭਰੋਤ ਨੇ ਦੱਸਿਆ ਕਿ ਵੱਖ-ਵੱਖ ਬਲਾਕਾਂ ਦੇ ਖੇਤੀਬਾੜੀ ਵਿਕਾਸ ਅਫ਼ਸਰਾਂ ਅਤੇ ਜ਼ਿਲ੍ਹਾ ਸਿਖਲਾਈ ਵਿੰਗ ਦੇ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਖੇਤੀ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਤਕਨੀਕ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ। ਇਸ ਤਕਨੀਕ ਨਾਲ ਪਾਣੀ ਦੀ ਵੱਡੇ ਪੱਧਰ ’ਤੇ ਬਚਤ ਹੁੰਦੀ ਹੈ ਅਤੇ ਖੇਤੀ ਦੀ ਲਾਗਤ ਵਿੱਚ ਵੀ ਕਮੀ ਆਉਂਦੀ ਹੈ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ 1,500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਸਾਨਾਂ ਨੂੰ ਰਵਾਇਤੀ ਝੋਨੇ ਦੀ ਥਾਂ ਸਾਉਣੀ ਮੱਕੀ ਦੀ ਕਾਸ਼ਤ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਖੇਤੀ ਵਿਭਿੰਨਤਾ ਸਕੀਮ ਤਹਿਤ ਮੱਕੀ ਦੀ ਕਾਸ਼ਤ ਲਈ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਿਸ ਅਧੀਨ ਸਰਕਾਰ ਵੱਲੋਂ 7,000 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਕਿਸਾਨਾਂ ਨੂੰ ਇਹ ਵੀ ਦੱਸਿਆ ਗਿਆ ਕਿ ਪੀ.ਏ.ਯੂ. ਲੁਧਿਆਣਾ ਵੱਲੋਂ ਵਿਕਸਤ ਹਾਈਬ੍ਰਿਡ ਮੱਕੀ ਦੀ ਕਿਸਮ ਪੀ.ਐੱਮ.ਐੱਚ.-17 ਸਾਰੇ ਕ੍ਰਿਸ਼ੀ ਵਿਗਿਆਨ ਕੇਂਦਰਾਂ ’ਤੇ ਉਪਲਬਧ ਹੈ, ਜਿਸ ਦਾ ਔਸਤ ਝਾੜ ਲਗਭਗ 25 ਕੁਇੰਟਲ ਪ੍ਰਤੀ ਏਕੜ ਹੈ।

ਸਿਖਲਾਈ ਕੈਂਪਾਂ ਦੌਰਾਨ ਕਿਸਾਨਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਦੀ ਪੀ.ਐੱਮ.-ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਈ-ਕੇ.ਵਾਈ.ਸੀ., ਬੈਂਕ ਖਾਤੇ ਨਾਲ ਆਧਾਰ ਸੀਡਿੰਗ ਅਤੇ ਲੈਂਡ ਸੀਡਿੰਗ ਲਾਜ਼ਮੀ ਕਰ ਦਿੱਤੀ ਗਈ ਹੈ। ਸਮੂਹ ਲਾਭਪਾਤਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਫਾਰਮਰ ਆਈ.ਡੀ. ਤੁਰੰਤ ਬਣਵਾਉਣ, ਕਿਉਂਕਿ ਇਸ ਨਾਲ ਕੇਂਦਰ ਅਤੇ ਰਾਜ ਸਰਕਾਰ ਦੀਆਂ ਹੋਰ ਖੇਤੀਬਾੜੀ ਸਕੀਮਾਂ ਦਾ ਲਾਭ ਪ੍ਰਾਪਤ ਕਰਨਾ ਵੀ ਆਸਾਨ ਹੋ ਜਾਵੇਗਾ।

ਡਾ. ਭਰੋਤ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਸਬਸਿਡੀ ’ਤੇ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾ ਕੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ, ਤਾਂ ਜੋ ਖੇਤੀ ਉਤਪਾਦਕਤਾ ਵਿੱਚ ਵਾਧਾ ਹੋਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿੱਚ ਵੀ ਇਜ਼ਾਫ਼ਾ ਹੋ ਸਕੇ।

ਇਸ ਮੌਕੇ ਡਾ. ਸੁਖਸਾਗਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਅਤੇ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।