ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਿਆਸੀ ਪਾਰਟੀਆਂ ਦਾ ਸਹਿਯੋਗ ਬਹੁਤ ਮਹੱਤਵਪੂਰਨ: ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਿਆਸੀ ਪਾਰਟੀਆਂ ਦਾ ਸਹਿਯੋਗ ਬਹੁਤ ਮਹੱਤਵਪੂਰਨ: ਡਿਪਟੀ ਕਮਿਸ਼ਨਰ
ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੀਆਂ ਤਿਆਰੀਆਂ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਆਯੋਜਿਤ
ਰੂਪਨਗਰ, 23 ਜੂਨ: ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ, ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਲਈ ਸਮੂਹ ਸਿਆਸੀ ਪਾਰਟੀਆਂ ਦਾ ਸਰਗਰਮ ਸਹਿਯੋਗ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਵੱਧ ਤੋਂ ਵੱਧ ਸਹੀ ਅਤੇ ਅੱਪਡੇਟ ਬਣਾਉਣਾ ਹੈ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਰੂਪਨਗਰ ਦੀ ਇਲੈਕਟਰ ਮੈਪਿੰਗ ਸਬੰਧੀ ਅੰਕੜੇ ਰਾਜਨੀਤਿਕ ਪਾਰਟੀਆਂ ਨਾਲ ਸਾਂਝੇ ਕੀਤੇ ਗਏ ਅਤੇ ਐੱਸ.ਆਈ.ਆਰ.2026 ਦੇ ਸਮੁੱਚੇ ਸ਼ਡਿਊਲ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਵੱਲੋਂ ਘਰ-ਘਰ ਜਾ ਕੇ ਸਰਵੇ ਅਤੇ ਐਨੂਮਰੇਸ਼ਨ ਫਾਰਮ ਭਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਇਸ ਸਬੰਧੀ ਪੁੱਛੇ ਗਏ ਸਵਾਲਾਂ ਦੇ ਵਿਸਥਾਰ ਨਾਲ ਜਵਾਬ ਦਿੱਤੇ ਗਏ।
ਉਨ੍ਹਾਂ ਵੋਟਰ ਹੈਲਪਲਾਈਨ ਨੰਬਰ 1950 ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੈਲਪਲਾਈਨ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਾਰਜਸ਼ੀਲ ਰਹੇਗੀ। ਵੋਟਰ ਇਸ ਨੰਬਰ ਰਾਹੀਂ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਐੱਸ.ਆਈ.ਆਰ.-2026 ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਇਨ੍ਹਾਂ ਟੀਮਾਂ ਦੀਆਂ ਜ਼ਿੰਮੇਵਾਰੀਆਂ ਅਤੇ ਕਾਰਜ ਪ੍ਰਣਾਲੀ ਬਾਰੇ ਵੀ ਜਾਣੂ ਕਰਵਾਇਆ।
ਮੀਟਿੰਗ ਦੌਰਾਨ ਪੋਲਿੰਗ ਸਟੇਸ਼ਨਾਂ ਦੇ ਰੈਸ਼ਨਲਾਈਜ਼ੇਸ਼ਨ, ਡਰਾਫਟ ਪ੍ਰਕਾਸ਼ਨ, ਕਲੇਮਜ਼ ਐਂਡ ਓਬਜੈਕਸ਼ਨਜ਼ ਅਤੇ ਫਾਈਨਲ ਪਬਲੀਕੇਸ਼ਨ ਸਬੰਧੀ ਵੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪੋਲਿੰਗ ਬੂਥਾਂ ਲਈ ਅਜੇ ਤੱਕ ਬੂਥ ਲੈਵਲ ਏਜੰਟ (ਬੀ.ਐੱਲ.ਏ.-2) ਨਿਯੁਕਤ ਨਹੀਂ ਕੀਤੇ ਗਏ, ਉਨ੍ਹਾਂ ਦੀ ਜਾਣਕਾਰੀ ਜਲਦ ਤੋਂ ਜਲਦ ਜ਼ਿਲ੍ਹਾ ਚੋਣ ਦਫ਼ਤਰ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।
ਇਸ ਮੀਟਿੰਗ ਵਿੱਚ ਸੰਜੀਵ ਗੌਤਮ (ਆਮ ਆਦਮੀ ਪਾਰਟੀ), ਹਿੰਮਤ ਸਿੰਘ (ਭਾਰਤੀ ਜਨਤਾ ਪਾਰਟੀ), ਸਰਦੂਲ ਸਿੰਘ (ਬਹੁਜਨ ਸਮਾਜ ਪਾਰਟੀ) ਅਤੇ ਭੁਪਿੰਦਰ ਸਿੰਘ (ਇੰਡੀਅਨ ਨੈਸ਼ਨਲ ਕਾਂਗਰਸ) ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।