25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਬੀ.ਐਲ.ਓਜ਼ ਭਰਵਾਉਣਗੇ ਗਣਨਾ ਫਾਰਮ – ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਬੀ.ਐਲ.ਓਜ਼ ਭਰਵਾਉਣਗੇ ਗਣਨਾ ਫਾਰਮ – ਡਿਪਟੀ ਕਮਿਸ਼ਨਰ
ਐਸ.ਆਈ.ਆਰ ਨੂੰ ਸਫਲਤਾ ਪੂਂਰਵਕ ਨੇਪਰੇ ਚਾੜਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ
ਰੂਪਨਗਰ, 24 ਜੂਨ: ਭਾਰਤ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ) ਨੂੰ ਸਫਲਤਾ ਪੂਂਰਵਕ ਨੇਪਰੇ ਚਾੜਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਯੋਗਤਾ ਮਿਤੀ 1 ਅਕਤੂਬਰ 2026 ਨਿਰਧਾਰਤ ਕੀਤੀ ਗਈ ਹੈ। ਇਸ ਤਹਿਤ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼. ਵੱਲੋਂ ਘਰ-ਘਰ ਜਾ ਕੇ ਵੋਟਰਾਂ ਪਾਸੋਂ ਗਣਨਾ ਫਾਰਮ ਭਰਵਾਏ ਜਾਣਗੇ। ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 24 ਜੁਲਾਈ 2026 ਤੋਂ ਸ਼ੁਰੂ ਹੋਵੇਗੀ।
ਉਨ੍ਹਾਂ ਦੱਸਿਆ ਕਿ ਡਰਾਫਟ ਵੋਟਰ ਸੂਚੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ 3 ਅਗਸਤ ਤੋਂ 2 ਸਤੰਬਰ 2026 ਤੱਕ ਰਹੇਗੀ, ਜਦਕਿ ਦਾਅਵਿਆਂ ਅਤੇ ਇਤਰਾਜ਼ਾਂ ਦੀ ਸੁਣਵਾਈ ਅਤੇ ਨਿਪਟਾਰਾ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਇਸ ਉਪਰੰਤ ਅੰਤਿਮ ਵੋਟਰ ਸੂਚੀਆਂ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਆਈ.ਆਰ. ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨਾਲ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ-1 ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ-2 ਤੋਂ ਇਲਾਵਾ ਪੰਜ-ਪੰਜ ਹੋਰ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਪ੍ਰਤੀ ਵਿਧਾਨ ਸਭਾ ਹਲਕੇ ਦੇ ਹਿਸਾਬ ਨਾਲ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ ਇਸ ਲਈ ਬੀ.ਐਲ.ਏ. ਅਤੇ ਬੀ.ਐਲ.ਓ. ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ-2 ਨਿਯੁਕਤ ਕਰਨ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹੇ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਰਦਰਸ਼ੀ ਵੋਟਰ ਸੂਚੀਆਂ ਦੀ ਤਿਆਰੀ ਲਈ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।