ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ
ਰੂਪਨਗਰ, 26 ਜੂਨ: ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੇ ਵਿਕਾਸ ਕਾਰਜਾਂ, ਲੋਕ ਭਲਾਈ ਸਕੀਮਾਂ ਅਤੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਮੀਟਿੰਗ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਜਾਰੀ ਕੀਤੇ ਜਾਂਦੇ ਫੰਡਾਂ ਦੀ ਸਮੇਂ ਸਿਰ ਅਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਈ ਜਾਵੇ ਤਾਂ ਜੋ ਹਰੇਕ ਯੋਜਨਾ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਪਹੁੰਚ ਸਕੇ।
ਡਿਪਟੀ ਕਮਿਸ਼ਨਰ ਨੇ ਐਮ.ਪੀ. ਲੈਡ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਮਨਜ਼ੂਰਸ਼ੁਦਾ ਕੰਮਾਂ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਜਿਨ੍ਹਾਂ ਕੰਮਾਂ ਦੇ ਵਰਤੋਂ ਸਰਟੀਫਿਕੇਟ ਬਕਾਇਆ ਹਨ, ਉਹ ਤੁਰੰਤ ਜਮ੍ਹਾਂ ਕਰਵਾਏ ਜਾਣ ਤਾਂ ਜੋ ਭਵਿੱਖ ਵਿੱਚ ਫੰਡਾਂ ਦੀ ਪ੍ਰਾਪਤੀ ਵਿੱਚ ਕੋਈ ਰੁਕਾਵਟ ਨਾ ਆਵੇ।
ਉਨ੍ਹਾਂ ਜ਼ਿਲ੍ਹੇ ਵਿੱਚ ਚੱਲ ਰਹੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਪਿੰਡਾਂ ਵਿੱਚ ਠੋਸ ਕੂੜਾ-ਕਰਕਟ ਦੇ ਵਿਗਿਆਨਕ ਪ੍ਰਬੰਧਨ ਲਈ ਬਣਾਏ ਜਾ ਰਹੇ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ ਤਾਂ ਜੋ ਸਾਫ਼-ਸੁਥਰਾ ਅਤੇ ਸਿਹਤਮੰਦ ਪੇਂਡੂ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ ਤੇ ਸੋਲਿਡ ਵੇਸਟ ਦੇ ਚੱਲ ਰਹੇ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਸੋਲਰ ਸਟਰੀਟ ਲਾਈਟਾਂ ਲਗਾਉਣ ਸਬੰਧੀ ਕੰਮਾਂ ਦੀ ਵੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਊਰਜਾ ਸੰਭਾਲ ਅਤੇ ਵਾਤਾਵਰਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਕੰਮ ਤੇਜ਼ੀ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਬਿਹਤਰ ਰੌਸ਼ਨੀ ਦੀ ਸਹੂਲਤ ਮਿਲ ਸਕੇ।
ਉਨ੍ਹਾਂ ਪਿੰਡਾਂ ਵਿੱਚ ਸਥਾਪਿਤ ਕੀਤੇ ਜਾ ਰਹੇ ਓਪਨ ਜਿੰਮਨੇਜ਼ੀਅਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਕਿਹਾ ਕਿ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਲਈ ਬੁਨਿਆਦੀ ਖੇਡ ਅਤੇ ਕਸਰਤ ਸਹੂਲਤਾਂ ਉਪਲਬਧ ਕਰਵਾਉਣਾ ਸਰਕਾਰ ਦੀ ਤਰਜੀਹ ਹੈ।
ਇਸ ਤੋਂ ਇਲਾਵਾ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਮਾਡਲ ਪੇਂਡੂ ਖੇਡ ਮੈਦਾਨਾਂ ਲਈ ਜਾਰੀ ਫੰਡਾਂ ਦੀ ਮੈਪਿੰਗ ਅਤੇ ਪੰਚਾਇਤੀ ਰਾਜ ਵਿਭਾਗ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਹੁਤ ਜ਼ਰੂਰੀ ਹੈ।
ਮੀਟਿੰਗ ਦੌਰਾਨ ਆਰ.ਪੀ.ਵੀ.ਐਸ. (ਰੰਗਲਾ ਪੰਜਾਬ ਵਿਕਾਸ ਸਕੀਮ) ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਤਹਿਤ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਸਫ਼ਾਈ, ਜਨਤਕ ਸਹੂਲਤਾਂ ਅਤੇ ਹੋਰ ਲੋਕ ਭਲਾਈ ਕਾਰਜਾਂ ਨੂੰ ਤਰਜੀਹ ਦੇ ਕੇ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
ਉਨ੍ਹਾਂ 15ਵੇਂ ਵਿੱਤ ਕਮਿਸ਼ਨ ਤਹਿਤ ਮਿਲੇ ਫੰਡਾਂ ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਵਰਤੋਂ ਸਰਟੀਫਿਕੇਟਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਫੰਡਾਂ ਦੀ ਨਿਯਮਾਂ ਅਨੁਸਾਰ ਵਰਤੋਂ ਯਕੀਨੀ ਬਣਾਉਂਦੇ ਹੋਏ ਸਾਰੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਵਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੌਕੇ ‘ਤੇ ਜਾ ਕੇ ਕੰਮਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਜ਼ਿਲ੍ਹਾ ਪੇਂਡੂ ਵਿਕਾਸ ਅਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਉਪ ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ, ਐਕਸੀਅਨ ਜਲ ਸਪਲਾਈ ਵਿਭਾਗ ਹਰਜੀਤਪਾਲ ਸਿੰਘ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਬੀਡੀਪੀਓ ਰੂਪਨਗਰ ਅਮਿਤ ਸ਼ਰਮਾ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਮੋਰਿੰਡਾ/ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।