ਸੇਫ ਸਕੂਲ ਵਾਹਨ ਪਾਲਿਸੀ ਤਹਿਤ 26 ਸਕੂਲੀ ਬੱਸਾਂ ਦੀ ਜਾਂਚ, ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 4 ਬੱਸਾਂ ਦੇ ਚਲਾਨ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸੇਫ ਸਕੂਲ ਵਾਹਨ ਪਾਲਿਸੀ ਤਹਿਤ 26 ਸਕੂਲੀ ਬੱਸਾਂ ਦੀ ਜਾਂਚ, ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 4 ਬੱਸਾਂ ਦੇ ਚਲਾਨ
ਰੂਪਨਗਰ, 13 ਜੁਲਾਈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਗਠਿਤ ਟਾਸਕ ਫੋਰਸ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹੇ ਦੇ ਸੇਂਟ ਕਾਰਮਲ ਸਕੂਲ ਕਟਲੀ ਅਤੇ ਸ਼੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਦੀਆਂ ਕੁੱਲ 26 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 4 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ।
ਜਾਂਚ ਦੌਰਾਨ ਸਹਾਇਕ ਟਰਾਂਸਪੋਰਟ ਅਫ਼ਸਰ ਸ. ਸਰਬਜੀਤ ਸਿੰਘ ਸੈਣੀ ਨੇ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਜਾਰੀ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਜਿੰਦਰ ਕੌਰ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਹਰੇਕ ਸਕੂਲ ਵਾਹਨ ਦਾ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਅਨੁਸਾਰ ਹੋਣਾ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਹਰ ਸਕੂਲ ਬੱਸ ਵਿੱਚ ਸਕੂਲ ਬੱਸ ਦੀ ਸਪੱਸ਼ਟ ਨਿਸ਼ਾਨਦੇਹੀ, ਫਸਟ ਏਡ ਬਾਕਸ, ਸੀਸੀਟੀਵੀ ਕੈਮਰਾ, ਅੱਗ ਬੁਝਾਊ ਯੰਤਰ, ਸਪੀਡ ਗਵਰਨਰ, ਐਮਰਜੈਂਸੀ ਐਗਜ਼ਿਟ, ਵੈਧ ਬੀਮਾ, ਪ੍ਰਦੂਸ਼ਣ ਸਰਟੀਫਿਕੇਟ ਅਤੇ ਲੋੜੀਂਦੇ ਪਰਮਿਟ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਵਾਹਨ ਚਾਲਕ ਕੋਲ ਵੈਧ ਐਚ.ਐਮ.ਵੀ. ਲਾਇਸੈਂਸ, ਘੱਟੋ-ਘੱਟ ਪੰਜ ਸਾਲ ਦਾ ਡਰਾਈਵਿੰਗ ਤਜਰਬਾ, ਪੁਲਿਸ ਤਸਦੀਕ (ਵੈਰੀਫਿਕੇਸ਼ਨ) ਅਤੇ ਮੈਡੀਕਲ ਫਿਟਨੈੱਸ ਸਰਟੀਫਿਕੇਟ ਹੋਣਾ ਵੀ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਬੱਸ ਵਿੱਚ ਮਹਿਲਾ ਅਟੈਂਡੈਂਟ ਦੀ ਮੌਜੂਦਗੀ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਵਿਸ਼ੇਸ਼ ਜਾਂਚ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਕਰਮਪ੍ਰੀਤ ਸਿੰਘ ਅਤੇ ਕਰਨਵੀਰ ਸਿੰਘ, ਜ਼ਿਲ੍ਹਾ ਸਿੱਖਿਆ ਵਿਭਾਗ ਤੋਂ ਨਿਸ਼ਾ ਰਾਣੀ, ਪੁਲਿਸ ਵਿਭਾਗ ਤੋਂ ਅਜੇ ਕੁਮਾਰ ਅਤੇ ਦਿਦਾਰ ਸਿੰਘ तथा ਸਿਹਤ ਵਿਭਾਗ ਤੋਂ ਡਾ. ਰਜਨੀਤ ਬੇਅਣੀ ਹਾਜ਼ਰ ਸਨ।