ਸੜਕ ਹਾਦਸਾ ਪੀੜਤਾਂ ਦੀ ਜਾਨ ਬਚਾਉਣ ਲਈ ਪੀ.ਐੱਮ. ਰਾਹਤ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਓ: ਆਰ.ਟੀ.ਓ. ਰਾਜਪਾਲ ਸਿੰਘ ਸੇਖੋਂ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸੜਕ ਹਾਦਸਾ ਪੀੜਤਾਂ ਦੀ ਜਾਨ ਬਚਾਉਣ ਲਈ ਪੀ.ਐੱਮ. ਰਾਹਤ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਓ: ਆਰ.ਟੀ.ਓ. ਰਾਜਪਾਲ ਸਿੰਘ ਸੇਖੋਂ
ਰੂਪਨਗਰ, 30 ਜੁਲਾਈ: ਰਿਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਰੂਪਨਗਰ ਸ. ਰਾਜਪਾਲ ਸਿੰਘ ਸੇਖੋਂ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਵਿਅਕਤੀਆਂ ਦੀ ਜਾਨ ਬਚਾਉਣ ਦੇ ਉਦੇਸ਼ ਨਾਲ ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਰਾਹਤ ਯੋਜਨਾ ਆਮ ਲੋਕਾਂ ਲਈ ਬਹੁਤ ਹੀ ਲਾਹੇਵੰਦ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸੜਕ ਹਾਦਸੇ ਦੀ ਸਥਿਤੀ ਵਿੱਚ ਜ਼ਖ਼ਮੀ ਵਿਅਕਤੀ ਦੀ ਤੁਰੰਤ ਮਦਦ ਕਰਦੇ ਹੋਏ ਬਿਨਾਂ ਕਿਸੇ ਡਰ ਜਾਂ ਹਿਚਕਚਾਹਟ ਦੇ ਉਸ ਨੂੰ ਨਜ਼ਦੀਕੀ ਸੂਚੀਬੱਧ ਹਸਪਤਾਲ ਪਹੁੰਚਾਇਆ ਜਾਵੇ।
ਆਰ.ਟੀ.ਓ. ਸ. ਰਾਜਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੜਕ ਹਾਦਸੇ ਦੇ ਹਰ ਪੀੜਤ ਨੂੰ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ 7 ਦਿਨਾਂ ਤੱਕ 1.50 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਦੇ ਪਹਿਲੇ 24 ਤੋਂ 48 ਘੰਟੇ, ਜਿਨ੍ਹਾਂ ਨੂੰ “ਗੋਲਡਨ ਆਵਰ” ਕਿਹਾ ਜਾਂਦਾ ਹੈ, ਜ਼ਖ਼ਮੀ ਦੀ ਜਾਨ ਬਚਾਉਣ ਲਈ ਸਭ ਤੋਂ ਮਹੱਤਵਪੂਰਨ ਹੁੰਦੇ ਹਨ। ਇਸ ਲਈ ਹਸਪਤਾਲਾਂ ਨੂੰ ਪੀੜਤਾਂ ਦਾ ਤੁਰੰਤ ਇਲਾਜ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਭਾਰਤ ਦੀਆਂ ਸੜਕਾਂ ‘ਤੇ ਹਾਦਸੇ ਦਾ ਸ਼ਿਕਾਰ ਹੋਣ ਵਾਲਾ ਹਰ ਭਾਰਤੀ ਜਾਂ ਵਿਦੇਸ਼ੀ ਨਾਗਰਿਕ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ। ਇਸ ਲਈ ਵਾਹਨ ਦਾ ਬੀਮਾ ਹੋਣਾ ਵੀ ਲਾਜ਼ਮੀ ਨਹੀਂ ਹੈ। ਹਾਦਸੇ ਦੀ ਸਥਿਤੀ ਵਿੱਚ ਐਂਬੂਲੈਂਸ ਅਤੇ ਨਜ਼ਦੀਕੀ ਸੂਚੀਬੱਧ ਹਸਪਤਾਲ ਬਾਰੇ ਜਾਣਕਾਰੀ ਲਈ 112 ਹੈਲਪਲਾਈਨ ‘ਤੇ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ। ਇਸ ਯੋਜਨਾ ਦਾ ਸੰਚਾਲਨ ਈ-ਡਾਰ ਅਤੇ ਨੈਸ਼ਨਲ ਹੈਲਥ ਅਥਾਰਟੀ ਦੇ ਟੀਐਮਐਸ 2.0 ਪੋਰਟਲ ਰਾਹੀਂ ਕੀਤਾ ਜਾਂਦਾ ਹੈ, ਜਦਕਿ ਇਲਾਜ ਦਾ ਖ਼ਰਚਾ ਮੋਟਰ ਵਾਹਨ ਦੁਰਘਟਨਾ ਫੰਡ ਵਿੱਚੋਂ ਭਰਿਆ ਜਾਂਦਾ ਹੈ। ਹਿਟ ਐਂਡ ਰਨ ਮਾਮਲਿਆਂ ਵਿੱਚ ਵੀ ਖਰਚੇ ਦੀ ਇਹ ਅਦਾਇਗੀ ਸਰਕਾਰ ਵੱਲੋਂ ਹੀ ਕੀਤੀ ਜਾਂਦੀ ਹੈ।
ਸ. ਰਾਜਪਾਲ ਸਿੰਘ ਸੇਖੋਂ ਨੇ ਅੱਗੇ ਦੱਸਿਆ ਕਿ “ਰਾਹ-ਵੀਰ ਯੋਜਨਾ” ਤਹਿਤ ਜੋ ਵਿਅਕਤੀ ਹਾਦਸੇ ਤੋਂ ਬਾਅਦ ਪਹਿਲੇ 60 ਮਿੰਟਾਂ ਦੇ ਅੰਦਰ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਵਿੱਚ ਸਹਾਇਤਾ ਕਰਦਾ ਹੈ, ਉਸ ਨੂੰ 25,000 ਰੁਪਏ ਦਾ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਂਦਾ ਹੈ। ਇੱਕ ਵਿਅਕਤੀ ਨੂੰ ਸਾਲ ਵਿੱਚ ਵੱਧ ਤੋਂ ਵੱਧ ਪੰਜ ਵਾਰ ਇਹ ਇਨਾਮ ਮਿਲ ਸਕਦਾ ਹੈ। ਜੇਕਰ ਇੱਕ ਤੋਂ ਵੱਧ ਵਿਅਕਤੀ ਮਿਲ ਕੇ ਮਦਦ ਕਰਦੇ ਹਨ ਤਾਂ ਇਨਾਮ ਦੀ ਰਕਮ ਬਰਾਬਰ ਵੰਡ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਹਰ ਸਾਲ ਸਰਵੋਤਮ ਰਾਹ-ਵੀਰਾਂ ਨੂੰ ਰਾਸ਼ਟਰੀ ਪੱਧਰ ‘ਤੇ 1 ਲੱਖ ਰੁਪਏ ਦੇ ਇਨਾਮ ਅਤੇ ਟਰਾਫ਼ੀ ਨਾਲ ਸਨਮਾਨਿਤ ਕੀਤਾ ਜਾਂਦਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਰਾਹ-ਵੀਰ ਨੂੰ ਪੁਲਿਸ ਜਾਂ ਹਸਪਤਾਲ ਵੱਲੋਂ ਬੇਲੋੜੀ ਪੁੱਛਗਿੱਛ, ਐੱਫ.ਆਈ.ਆਰ. ਦਰਜ ਕਰਵਾਉਣ ਜਾਂ ਗਵਾਹ ਬਣਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਤੋਂ ਬਾਅਦ ਉਹ ਤੁਰੰਤ ਉੱਥੋਂ ਜਾ ਸਕਦਾ ਹੈ। ਸਥਾਨਕ ਪੁਲਿਸ ਅਤੇ ਮੈਡੀਕਲ ਅਥਾਰਟੀ ਦੀ ਪੁਸ਼ਟੀ ਉਪਰੰਤ ਜ਼ਿਲ੍ਹਾ ਮੁਲਾਂਕਣ ਕਮੇਟੀ ਦੀ ਸਿਫ਼ਾਰਸ਼ ‘ਤੇ ਇਨਾਮ ਦੀ ਰਕਮ ਸਿੱਧੀ ਲਾਭਪਾਤਰੀ ਦੇ ਬੈਂਕ ਖਾਤੇ ਵਿੱਚ ਭੇਜੀ ਜਾਂਦੀ ਹੈ।
ਆਰ.ਟੀ.ਓ. ਸ. ਰਾਜਪਾਲ ਸਿੰਘ ਸੇਖੋਂ ਨੇ ਜ਼ਿਲ੍ਹਾ ਵਾਸੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਹਾਦਸੇ ਦੀ ਸਥਿਤੀ ਵਿੱਚ ਮਨੁੱਖਤਾ ਦਾ ਫ਼ਰਜ਼ ਨਿਭਾਉਂਦੇ ਹੋਏ ਜ਼ਖ਼ਮੀ ਵਿਅਕਤੀ ਦੀ ਤੁਰੰਤ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਹਾਡੀ ਸਮੇਂ ਸਿਰ ਕੀਤੀ ਇੱਕ ਛੋਟੀ ਜਿਹੀ ਮਦਦ ਕਿਸੇ ਦੀ ਕੀਮਤੀ ਜਾਨ ਬਚਾ ਸਕਦੀ ਹੈ।