ਵਧੀਕ ਡਿਪਟੀ ਕਮਿਸ਼ਨਰ ਨੇ ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਵਧੀਕ ਡਿਪਟੀ ਕਮਿਸ਼ਨਰ ਨੇ ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼
ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਹਾਲੀ ਤੇ ਹੋਣ ਵਾਲੇ ਕਾਰਜਾਂ ਦੀ ਕੀਤੀ ਸਮੀਖਿਆ
ਰੂਪਨਗਰ, 30 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਡਾ. ਅਕਸ਼ਿਤਾ ਗੁਪਤਾ ਨੇ ਅੱਜ ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਦੀ ਬਹਾਲੀ ਅਤੇ ਵਿਕਾਸ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਮੈਦਾਨ ਨੂੰ ਤੁਰੰਤ ਪਹਿਲਾਂ ਵਾਲੀ ਸਥਿਤੀ ਵਿੱਚ ਲਿਆਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੌਰਾਨ ਡਾ. ਅਕਸ਼ਿਤਾ ਗੁਪਤਾ ਨੇ ਕਿਹਾ ਕਿ ਧਾਰਮਿਕ ਪ੍ਰੋਗਰਾਮ ਦੀ ਸਮਾਪਤੀ ਉਪਰੰਤ ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਨੂੰ ਪਹਿਲਾਂ ਨਾਲੋਂ ਵੀ ਬਿਹਤਰ ਹਾਲਤ ਵਿੱਚ ਵਿਕਸਤ ਅਤੇ ਬਹਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਬੰਧੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੈਦਾਨ ਦੀ ਸੰਭਾਲ, ਸੁਧਾਰ ਅਤੇ ਵਿਕਾਸ ਲਈ ਲੋੜੀਂਦੇ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਰਿਸ਼ ਕਾਰਨ ਮੈਦਾਨ ਵਿੱਚ ਖੜ੍ਹੇ ਪਾਣੀ ਨੂੰ ਤੁਰੰਤ ਬਾਹਰ ਕੱਢਿਆ ਜਾਵੇ ਤਾਂ ਜੋ ਬਹਾਲੀ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਕੀਤਾ ਜਾ ਸਕੇ। ਇਸ ਦੇ ਨਾਲ ਹੀ ਐਥਲੈਟਿਕ ਟਰੈਕ ਦੀ ਮੁਰੰਮਤ ਕਰਕੇ ਉਸ ਨੂੰ ਮੁੜ ਵਰਤੋਂ ਯੋਗ ਬਣਾਇਆ ਜਾਵੇ ਅਤੇ ਪਹਿਲਾਂ ਵਾਂਗ ਉੱਚ ਗੁਣਵੱਤਾ ਵਾਲੀ ਘਾਹ ਲਗਾ ਕੇ ਮੈਦਾਨ ਨੂੰ ਖਿਡਾਰੀਆਂ ਲਈ ਤਿਆਰ ਕੀਤਾ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤੀ ਮੌਸਮ ਤੋਂ ਬਾਅਦ ਮੈਦਾਨ ਵਿੱਚ ਵਰਖਾ ਦੇ ਪਾਣੀ ਦੀ ਰੀਚਾਰਜਿੰਗ ਲਈ ਵੀ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ, ਜਿਸ ਨਾਲ ਭੂ-ਜਲ ਸੰਭਾਲ ਦੇ ਨਾਲ-ਨਾਲ ਮੈਦਾਨ ਦੀ ਗੁਣਵੱਤਾ ਵਿੱਚ ਵੀ ਸੁਧਾਰ ਆਵੇਗਾ।
ਡਾ. ਅਕਸ਼ਿਤਾ ਗੁਪਤਾ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਰਕਾਰੀ ਕਾਲਜ ਰੂਪਨਗਰ ਵਿੱਚ ਸਾਰੀਆਂ ਆਧੁਨਿਕ ਖੇਡ ਸਹੂਲਤਾਂ ਨਾਲ ਲੈਸ ਇੱਕ ਖੇਡ ਸਟੇਡੀਅਮ ਦੀ ਉਸਾਰੀ ਲਈ ਵਿਸਥਾਰਪੂਰਵਕ ਐਸਟੀਮੇਟ ਤਿਆਰ ਕਰਕੇ ਪੇਸ਼ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਖਿਡਾਰੀਆਂ ਨੂੰ ਆਧੁਨਿਕ ਪੱਧਰ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਬਿਹਤਰ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਅਤੇ ਇਸ ਸਬੰਧੀ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਕਾਰਜਕਾਰੀ ਇੰਜੀਨੀਅਰ (ਮਾਈਨਿੰਗ) ਸੰਦੀਪ ਮਾਂਗਟ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਿਪਨ ਕੁਮਾਰ, ਕਾਰਜ ਸਾਧਕ ਅਫ਼ਸਰ ਰੂਪਨਗਰ ਅਸ਼ੋਕ ਕੁਮਾਰ, ਸਰਕਾਰੀ ਕਾਲਜ ਰੂਪਨਗਰ ਤੋਂ ਪ੍ਰੋ. ਹਰਮਨਦੀਪ ਕੌਰ ਅਤੇ ਡਾ. ਧਰਮਿੰਦਰ ਸਿੰਘ, ਲੋਕ ਨਿਰਮਾਣ ਵਿਭਾਗ ਦੇ ਜੂਨੀਅਰ ਇੰਜੀਨੀਅਰ ਰਾਜ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।