Awareness poster released for National Deworming Day.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਜਾਗਰੂਕਤਾ ਪੋਸਟਰ ਜਾਰੀ
10 ਅਗਸਤ ਨੂੰ ਜ਼ਿਲ੍ਹੇ ਭਰ ਵਿੱਚ ਮਨਾਇਆ ਜਾਵੇਗਾ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ: ਡਾ. ਬੋਬੀ ਗੁਲਾਟੀ
ਰੂਪਨਗਰ, 07 ਅਗਸਤ:ਸਿਹਤ ਵਿਭਾਗ ਰੂਪਨਗਰ ਵੱਲੋਂ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਪੋਸਟਰ ਜਾਰੀ ਕੀਤਾ ਗਿਆ। ਇਹ ਪੋਸਟਰ ਸਿਵਲ ਸਰਜਨ ਰੂਪਨਗਰ ਡਾ. ਬੋਬੀ ਗੁਲਾਟੀ ਵੱਲੋਂ ਜਾਰੀ ਕੀਤਾ ਗਿਆ।
ਇਸ ਮੌਕੇ ਡਾ. ਬੋਬੀ ਗੁਲਾਟੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 10 ਅਗਸਤ ਨੂੰ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੇਟ ਦੇ ਕੀੜੇ ਬੱਚਿਆਂ ਦੀ ਸਿਹਤ ‘ਤੇ ਗੰਭੀਰ ਪ੍ਰਭਾਵ ਪਾਉਂਦੇ ਹਨ, ਜਿਸ ਕਾਰਨ ਪੋਸ਼ਣ ਦੀ ਘਾਟ, ਖੂਨ ਦੀ ਕਮੀ, ਸਰੀਰਕ ਕਮਜ਼ੋਰੀ ਅਤੇ ਪੜ੍ਹਾਈ ਵਿੱਚ ਰੁਕਾਵਟ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਨ੍ਹਾਂ ਸਮੱਸਿਆਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਹਰ ਸਾਲ ਵਿਸ਼ੇਸ਼ ਮੁਹਿੰਮ ਚਲਾ ਕੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਡੀਵਾਰਮਿੰਗ (ਕੀੜੇ ਮਾਰਨ ਵਾਲੀ) ਦਵਾਈ ਮੁਫ਼ਤ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਦਵਾਈ ਦੇਣ ਦੇ ਨਾਲ-ਨਾਲ ਨਿੱਜੀ ਸਫ਼ਾਈ, ਖਾਣ ਤੋਂ ਪਹਿਲਾਂ ਸਾਬਣ ਨਾਲ ਹੱਥ ਧੋਣ ਅਤੇ ਸਾਫ਼-ਸੁਥਰਾ ਰਹਿਣ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰਿਕਾ, ਡਾ. ਰਜਨੀਤ ਬੈਂਸ, ਡਾ. ਹਰਸ਼ਰਨ ਕਾਲੀਆ, ਡਾ. ਵਸੁੰਦਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ ਅਤੇ ਸਕੂਲ ਹੈਲਥ ਕੋਆਰਡੀਨੇਟਰ ਕਿਰਨ ਵੀ ਹਾਜ਼ਰ ਸਨ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਿਰਧਾਰਤ ਦਿਨ ਡੀਵਾਰਮਿੰਗ ਦੀ ਦਵਾਈ ਜ਼ਰੂਰ ਦਿਵਾਉਣ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਦਾ ਪੂਰਾ ਸਹਿਯੋਗ ਕਰਨ। ਉਨ੍ਹਾਂ ਲੋਕਾਂ ਨੂੰ ਨਹੁੰ ਛੋਟੇ ਰੱਖਣ, ਸਾਫ਼-ਸੁਥਰਾ ਭੋਜਨ ਖਾਣ ਅਤੇ ਖਾਣ-ਪੀਣ ਤੋਂ ਪਹਿਲਾਂ ਤੇ ਪਖਾਨੇ ਦੀ ਵਰਤੋਂ ਤੋਂ ਬਾਅਦ ਸਾਬਣ ਨਾਲ ਹੱਥ ਧੋਣ ਦੀ ਆਦਤ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ।
ਸਿਹਤ ਵਿਭਾਗ ਵੱਲੋਂ ਇਹ ਸੰਦੇਸ਼ ਦਿੱਤਾ ਗਿਆ ਕਿ “ਸੁੱਚਤਾ, ਸਿਹਤਮੰਦ ਆਦਤਾਂ ਅਤੇ ਸਮੇਂ ਸਿਰ ਡੀਵਾਰਮਿੰਗ ਦੀ ਦਵਾਈ ਹੀ ਪੇਟ ਦੇ ਕੀੜਿਆਂ ਤੋਂ ਪ੍ਰਭਾਵਸ਼ਾਲੀ ਬਚਾਅ ਦਾ ਸਭ ਤੋਂ ਵਧੀਆ ਉਪਾਅ ਹੈ।”