Close

Youth of the district should participate in large numbers in ‘Khedan Watan Punjab Diyan–2026’: Deputy Commissioner Aditya Dachalwal

Publish Date : 07/08/2026
Youth of the district should participate in large numbers in 'Khedan Watan Punjab Diyan–2026': Deputy Commissioner Aditya Dachalwal

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

‘ਖੇਡਾਂ ਵਤਨ ਪੰਜਾਬ ਦੀਆਂ–2026’ ‘ਚ ਜ਼ਿਲ੍ਹੇ ਦੇ ਨੌਜਵਾਨ ਵੱਧ ਤੋਂ ਵੱਧ ਭਾਗ ਲੈਣ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ

ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਬਲਾਕ ਤੋਂ ਰਾਜ ਪੱਧਰ ਤੱਕ ਹੋਣਗੇ ਖੇਡ ਮੁਕਾਬਲੇ

ਰੂਪਨਗਰ, 7 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ–2026’ (ਸੀਜ਼ਨ-4) ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਖੇਡਾਂ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਆਪਣੀ ਯੋਗਤਾ ਸਾਬਤ ਕਰਨ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਖੇਡ ਮੁਕਾਬਲਿਆਂ ਲਈ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਣਗੇ। ਉਨ੍ਹਾਂ ਕਿਹਾ ਕਿ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਲਾਜ਼ਮੀ ਹੈ ਅਤੇ ਇਹ ਪ੍ਰਕਿਰਿਆ ਵਿਭਾਗ ਦੇ ਪੋਰਟਲ https://sports.punjab.gov.in/login ‘ਤੇ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਸਮੂਹ ਯੋਗ ਖਿਡਾਰੀਆਂ ਨੂੰ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ 3 ਸਤੰਬਰ ਤੋਂ 15 ਸਤੰਬਰ 2026, ਜ਼ਿਲ੍ਹਾ ਪੱਧਰੀ ਖੇਡਾਂ 20 ਸਤੰਬਰ ਤੋਂ 30 ਸਤੰਬਰ 2026 ਅਤੇ ਰਾਜ ਪੱਧਰੀ ਖੇਡਾਂ 10 ਅਕਤੂਬਰ ਤੋਂ 28 ਨਵੰਬਰ 2026 ਤੱਕ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜੇਕਰ ਸ਼ਡਿਊਲ ਵਿੱਚ ਕਿਸੇ ਕਿਸਮ ਦੀ ਤਬਦੀਲੀ ਹੁੰਦੀ ਹੈ ਤਾਂ ਇਸ ਸਬੰਧੀ ਵੱਖਰੇ ਤੌਰ ‘ਤੇ ਸੂਚਿਤ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ, ਰੂਪਨਗਰ ਵਿਖੇ ਇੱਕ ਵਿਸ਼ੇਸ਼ ਆਈ.ਟੀ. ਸੈੱਲ ਸਥਾਪਤ ਕੀਤਾ ਗਿਆ ਹੈ। ਜੇਕਰ ਕਿਸੇ ਖਿਡਾਰੀ ਨੂੰ ਆਨਲਾਈਨ ਅਰਜ਼ੀ ਭਰਨ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਨਾਲ ਜਾਂ ਇਸ ਦਫ਼ਤਰ ਨਾਲ ਸੰਪਰਕ ਕਰਕੇ ਲੋੜੀਂਦੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ, ਖਿਡਾਰੀਆਂ, ਖੇਡ ਸੰਸਥਾਵਾਂ ਅਤੇ ਕੋਚਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਤਾਂ ਜੋ ਜ਼ਿਲ੍ਹਾ ਰੂਪਨਗਰ ਦੇ ਖਿਡਾਰੀ ਇਨ੍ਹਾਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਹੋਰ ਰੌਸ਼ਨ ਕਰ ਸਕਣ।