ਬੰਦ ਕਰੋ

ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

ਪ੍ਰਕਾਸ਼ਨ ਦੀ ਮਿਤੀ : 13/08/2026
After the initial publication of the photo voter list, the process of claims and objections has begun, special camps will be held at polling stations on August 16.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਦਾਅਵੇ ਤੇ ਇਤਰਾਜ਼ਾਂ ਦੀ ਪ੍ਰਕਿਰਿਆ ਸ਼ੁਰੂ, 16 ਅਗਸਤ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ

ਰੂਪਨਗਰ, 13 ਅਗਸਤ: ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ 2026 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਲਈ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਅੱਜ 13 ਅਗਸਤ 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਮਿੰਨੀ ਕਮੇਟੀ ਰੂਮ, ਡੀ.ਸੀ. ਕੰਪਲੈਕਸ ਵਿਖੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਕੰਮ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਬੂਥ ਪੱਧਰੀ ਅਧਿਕਾਰੀਆਂ (ਬੀ.ਐੱਲ.ਓਜ਼), ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਅਤੇ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਆਮ ਲੋਕਾਂ ਦੇ ਵੇਖਣ ਲਈ ਉਪਲੱਬਧ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ’ਤੇ 16 ਅਗਸਤ 2026 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੀ.ਐੱਲ.ਓਜ਼ ਵੱਲੋਂ ਵੋਟਰਾਂ ਤੋਂ ਵੱਖ-ਵੱਖ ਦਾਅਵੇ ਅਤੇ ਇਤਰਾਜ਼ਾਂ ਨਾਲ ਸਬੰਧਤ ਫਾਰਮ ਪ੍ਰਾਪਤ ਕੀਤੇ ਜਾਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਫਾਰਮ ਨੰਬਰ 6 ਨਵੀਂ ਵੋਟ ਬਣਾਉਣ ਲਈ, ਫਾਰਮ ਨੰਬਰ 7 ਵੋਟ ਕਟਵਾਉਣ ਸਬੰਧੀ ਅਤੇ ਫਾਰਮ ਨੰਬਰ 8 ਵੋਟਰ ਦੇ ਵੇਰਵਿਆਂ ਵਿੱਚ ਦਰੁਸਤੀ, ਰਿਹਾਇਸ਼ ਵਿੱਚ ਤਬਦੀਲੀ, ਡੁਪਲੀਕੇਟ ਵੋਟਰ ਕਾਰਡ ਅਤੇ ਵੋਟਰ ਵਜੋਂ ਮਾਰਕ ਕਰਨ ਸਬੰਧੀ ਅਰਜ਼ੀਆਂ ਲਈ ਵਰਤੇ ਜਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਨਾਗਰਿਕ ਘਰ ਬੈਠੇ ਵੀ ਆਨਲਾਈਨ ਆਪਣਾ ਫਾਰਮ ਭਰ ਸਕਦੇ ਹਨ। ਇਸ ਲਈ ਭਾਰਤ ਚੋਣ ਕਮਿਸ਼ਨ ਦੀ ਵੈੱਬਸਾਈਟ www.voters.eci.gov.in ਅਤੇ ਵੋਟਰ ਹੈਲਪਲਾਈਨ ਮੋਬਾਈਲ ਐਪ ਦੀ ਵਰਤੋਂ ਕੀਤੀ ਜਾ ਸਕਦੀ ਹੈ। ਵੋਟਰ ਸੂਚੀ ਜਾਂ ਵੋਟ ਬਣਾਉਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹੇ ਦੇ ਟੋਲ-ਫ੍ਰੀ ਨੰਬਰ 1950 ’ਤੇ ਸੰਪਰਕ ਕਰਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੁੱਢਲੀ ਵੋਟਰ ਸੂਚੀ ਦੀ ਜਾਂਚ ਜ਼ਰੂਰ ਕਰਨ ਅਤੇ ਜੇਕਰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣਾ, ਨਾਮ ਕਟਵਾਉਣਾ ਜਾਂ ਕਿਸੇ ਵੇਰਵੇ ਵਿੱਚ ਦਰੁਸਤੀ ਕਰਵਾਉਣੀ ਹੋਵੇ ਤਾਂ ਨਿਰਧਾਰਤ ਸਮੇਂ ਦੌਰਾਨ ਸਬੰਧਤ ਫਾਰਮ ਭਰ ਕੇ ਆਪਣਾ ਦਾਅਵਾ ਜਾਂ ਇਤਰਾਜ਼ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਨਾਗਰਿਕ ਦਾ ਵੋਟਰ ਸੂਚੀ ਵਿੱਚ ਸਹੀ ਵੇਰਵਿਆਂ ਸਮੇਤ ਦਰਜ ਹੋਣਾ ਬੇਹੱਦ ਮਹੱਤਵਪੂਰਨ ਹੈ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 16 ਅਗਸਤ ਨੂੰ ਆਪਣੇ ਸਬੰਧਤ ਪੋਲਿੰਗ ਸਟੇਸ਼ਨ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਦਾ ਲਾਭ ਲੈਣ ਅਤੇ ਵੋਟਰ ਸੂਚੀ ਨੂੰ ਦਰੁਸਤ ਤੇ ਅਪਡੇਟ ਕਰਨ ਦੀ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਇਸ ਮੀਟਿੰਗ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸੰਦੀਪ ਜੋਸ਼ੀ (ਆਮ ਆਦਮੀ ਪਾਰਟੀ), ਸ਼੍ਰੀ ਸਰਦੂਲ ਸਿੰਘ (ਬਹੁਜਨ ਸਮਾਜ ਪਾਰਟੀ), ਸ਼੍ਰੀ ਭੁਪਿੰਦਰ ਸਿੰਘ (ਇੰਡੀਅਨ ਨੈਸ਼ਨਲ ਕਾਂਗਰਸ), ਸ਼੍ਰੀ ਸ਼੍ਰੀ ਹਿੰਮਤ ਸਿੰਘ ਗਿਰਨ (ਭਾਰਤੀ ਜਨਤਾ ਪਾਰਟੀ), ਸ਼੍ਰੀ ਬਜਿੰਦਰ ਪੰਡਿਤ (ਸੀ.ਪੀ.ਆਈ.ਐੱਮ.) ਅਤੇ ਸ਼੍ਰੀ ਤਰਨਜੀਤ ਸਿੰਘ (ਸ਼੍ਰੋਮਣੀ ਅਕਾਲੀ ਦਲ) ਤੋਂ ਇਲਾਵਾ ਚੋਣ ਤਹਿਸੀਲਦਾਰ ਸ਼੍ਰੀ ਪਲਵਿੰਦਰ ਸਿੰਘ ਅਤੇ ਸ਼੍ਰੀ ਹਰਪਾਲ ਸਿੰਘ, ਕਲਰਕ ਵੀ ਹਾਜ਼ਰ ਸਨ।